ਮੁੱਖ ਮੰਤਰੀ ਭਗਵੰਤ ਮਾਨ ਨਾਲ ਕੋਈ ਨਾਰਾਜ਼ਗੀ ਨਹੀਂ: ਪੁਰੋਹਿਤ
ਆਤਿਸ਼ ਗੁਪਤਾ
ਚੰਡੀਗੜ੍ਹ, 30 ਜੁਲਾਈ
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੋਈ ਨਾਰਾਜ਼ਗੀ ਨਹੀਂ ਹੈ, ਉਹ ਖੁਸ਼ੀ-ਖੁਸ਼ੀ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਨ੍ਹਾਂ ਪੰਜਾਬ ਰਾਜ ਭਵਨ ਵਿਖੇ ਆਪਣਾ ਵਿਦਾਇਗੀ ਭਾਸ਼ਣ ਦਿੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੀਡੀਆ ਵਿੱਚ ਅਕਸਰ ਮੁੱਖ ਮੰਤਰੀ ਤੇ ਰਾਜਪਾਲ ਵਿਚਕਾਰ 36 ਦਾ ਅੰਕੜਾ ਹੋਣ ਦੀਆਂ ਖ਼ਬਰਾਂ ਆਉਂਦੀਆਂ ਸਨ, ਜਦੋਂਕਿ ਅਜਿਹਾ ਕੁਝ ਵੀ ਨਹੀਂ ਹੈ। ਇਕ-ਦੋ ਵਾਰ ਜ਼ਰੂਰ ਹੋਇਆ ਹੈ, ਪਰ ਉਨ੍ਹਾਂ ਦੇ ਮਨ ਵਿੱਚ ਮੁੱਖ ਮੰਤਰੀ ਪ੍ਰਤੀ ਅਜਿਹਾ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਸਤੀਫ਼ਾ ਮੁੱਖ ਮੰਤਰੀ ਤੋਂ ਤੰਗ ਹੋ ਕੇ ਨਹੀਂ ਦਿੱਤਾ, ਬਲਕਿ ਉਨ੍ਹਾਂ ਦੀ ਉਮਰ 84 ਸਾਲ ਹੋ ਗਈ ਹੈ ਅਤੇ ਪਰਿਵਾਰ ਦੀ ਸਹਿਮਤੀ ਨਾਲ ਦਿੱਤਾ ਹੈ। ਹੁਣ ਉਹ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣਾ ਚਾਹੁੰਦੇ ਹਨ।
ਸ੍ਰੀ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਸੂਬਾ ਸਰਕਾਰ ਦਾ ਹੈਲੀਕਾਪਟਰ ਖਾਸ ਕਾਰਨਾਂ ਕਰ ਕੇ ਨਹੀਂ ਵਰਤਿਆ। ਉਹ ਸੂਬੇ ਵਿੱਚ ਸੜਕ ਰਾਹੀਂ ਸਫ਼ਰ ਕਰ ਕੇ ਸੂਬੇ ਦੇ ਸੱਭਿਆਚਾਰ ਨੂੰ ਸਮਝਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕੈਬਨਿਟ ਮੰਤਰੀਆਂ ਤੇ ਅਧਿਕਾਰੀਆਂ ਵਿਚਕਾਰ ਤਾਲਮੇਲ ਹੋਣਾ ਚਾਹੀਦਾ ਹੈ ਤਾਂ ਹੀ ਸੂਬੇ ਦਾ ਵਿਕਾਸ ਹੋ ਸਕਦਾ ਹੈ। ਉਨ੍ਹਾਂ ਮੰਤਰੀਆਂ ਨੂੰ ਅਧਿਕਾਰੀਆਂ ਦੀ ਗੱਲ ਸੁਣਨ ਤੇ ਅਧਿਕਾਰੀਆਂ ਨੂੰ ਸਹੀ ਜਾਣਕਾਰੀ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਮੂਹਿਕ ਰੂਪ ਵਿੱਚ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਦਿਲ ਬਹੁਤ ਵੱਡਾ ਹੈ ਅਤੇ ਉਹ ਨਸ਼ਿਆਂ ਖ਼ਿਲਾਫ਼ ਜੰਗ ਜ਼ਰੂਰ ਜਿੱਤਣਗੇ।
ਰਾਜਪਾਲ ਨੇ ਕਿਹਾ ਕਿ ਹਾਲ ਹੀ ਵਿੱਚ ਨੀਤੀ ਆਯੋਗ ਦੀ ਮੀਟਿੰਗ ਦੌਰਾਨ ਉਨ੍ਹਾਂ ਯੂਟੀ ਲਈ ਵਿਸ਼ੇਸ਼ ਤੌਰ ’ਤੇ ਇੱਕ ਮੈਡੀਕਲ ਕਾਲਜ ਸਥਾਪਤ ਕਰਨ ਅਤੇ ਬਾਹਰੀ ਰਿੰਗ ਰੋਡ ਸਣੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਸਬੰਧੀ ਮੁੱਦਾ ਉਠਾਇਆ।
ਤਿੰਨ ਸਾਲਾਂ ਵਿੱਚ ਕਈ ਵਾਰ ਸੂਬਾ ਸਰਕਾਰ ਨਾਲ ਛਿੜੇ ਵਿਵਾਦ
ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਬਨਵਾਰੀ ਲਾਲ ਪੁਰੋਹਿਤ ਨੂੰ ਅਗਸਤ 2021 ਵਿੱਚ ਪੰਜਾਬ ਦਾ ਰਾਜਪਾਲ ਲਗਾਇਆ ਗਿਆ ਸੀ। ਇਨ੍ਹਾਂ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਕਈ ਵਾਰ ਰਾਜਪਾਲ ਤੇ ਸੂਬਾ ਸਰਕਾਰ ਵਿਚਕਾਰ ਟਕਰਾਅ ਵੇਖਣ ਨੂੰ ਮਿਲਿਆ। ਮੁੱਖ ਤੌਰ ’ਤੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਮਗਰੋਂ ਰਾਜਪਾਲ ਤੇ ਮੁੱਖ ਮੰਤਰੀ ਵਿਚਕਾਰ ਕਈ ਵਾਰ ਤਕਰਾਰ ਹੋਈ। ਇਸ ਵਿੱਚ ਬਜਟ ਸੈਸ਼ਨ ਦੀ ਪ੍ਰਵਾਨਗੀ ਬਾਰੇ ਸੂਬਾ ਸਰਕਾਰ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕਰਨੀ ਪਈ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਪਾਸ ਕੀਤੇ ਬਿਲਾਂ ਨੂੰ ਰੋਕਣ ਦੇ ਮਾਮਲੇ ’ਤੇ ਵੀ ਦੋਵੇਂ ਆਹਮੋ-ਸਾਹਮਣੇ ਖੜ੍ਹੇ ਦਿਖਾਈ ਦਿੱਤੇ ਸਨ।