ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਕੋਈ ਜ਼ਮੀਨ ਅਲਾਟ ਨਹੀਂ ਕੀਤੀ ਗਈ: ਰਾਜਪਾਲ
ਚੰਡੀਗੜ੍ਹ, 17 ਨਵੰਬਰ
Amid protests, Punjab Governor says no land allotted for Haryana Assembly in Chandigarh yet: ਚੰਡੀਗੜ੍ਹ ਵਿੱਚ ਨਵੀਂ ਵਿਧਾਨ ਸਭਾ ਦੀ ਇਮਾਰਤ ਦੀ ਉਸਾਰੀ ਲਈ ਹਰਿਆਣਾ ਸਰਕਾਰ ਨੂੰ ਜ਼ਮੀਨ ਅਲਾਟ ਕਰਨ ਨੂੰ ਲੈ ਕੇ ਕੇਂਦਰ ਖ਼ਿਲਾਫ਼ ਵੱਖ-ਵੱਖ ਸਿਆਸੀ ਜਥੇਬੰਦੀਆਂ ਵੱਲੋਂ ਰੋਸ ਪ੍ਰਗਟਾਇਆ ਜਾ ਰਿਹਾ ਹੈ। ਇਸ ਦਰਮਿਆਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਕਿਹਾ ਕਿ ਇਸ ਲਈ ਹਾਲੇ ਤੱਕ ਕੋਈ ਜ਼ਮੀਨ ਅਲਾਟ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ, ‘ਹਾਲੇ ਤੱਕ ਕੋਈ ਜ਼ਮੀਨ ਅਲਾਟ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ (ਹਰਿਆਣਾ ਦਾ) ਪ੍ਰਸਤਾਵ ਲੰਬੇ ਸਮੇਂ ਤੋਂ ਪੈਂਡਿੰਗ ਹੈ ਪਰ ਜਦੋਂ ਤੱਕ ਇਸ ਮਾਮਲੇ ਵਿੱਚ ਕੋਈ ਫੈਸਲਾ ਨਹੀਂ ਲਿਆ ਜਾਂਦਾ ਉਦੋਂ ਤੱਕ ਕੁਝ ਨਹੀਂ ਕਿਹਾ ਜਾ ਸਕਦਾ।’
ਕਟਾਰੀਆ ਜੋ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ, ਦਾ ਇਹ ਬਿਆਨ ਇਸ ਵੇਲੇ ਖਾਸੀ ਅਹਿਮੀਅਤ ਰੱਖਦਾ ਹੈ ਕਿਉਂਕਿ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਅਤੇ ਵਿਰੋਧੀ ਧਿਰਾਂ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਵਿੱਚ 10 ਏਕੜ ਜ਼ਮੀਨ ਦੀ ਅਲਾਟਮੈਂਟ ਨੂੰ ਮਨਜ਼ੂਰੀ ਦੇਣ ਦੇ ਕੇਂਦਰ ਦੇ ਕਥਿਤ ਫੈਸਲੇ ਦਾ ਵਿਰੋਧ ਜਤਾਇਆ ਜਾ ਰਿਹਾ ਸੀ।