‘ਆਪ’ ਸਰਕਾਰ ਤੋਂ ਕਿਸੇ ਨੂੰ ਉਮੀਦ ਨਹੀਂ ਰੱਖਣੀ ਚਾਹੀਦੀ: ਮਜੀਠੀਆ
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 28 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਯੂਥ ਆਗੂਆਂ ਨਾਲ ਵਿਚਾਰ ਚਰਚਾ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਘਰਾ ਅੰਦਰ ਵੜ ਕੇ ਲੁੱਟਾਂ-ਖੋਹਾਂ ਅਤੇ ਕਤਲ ਹੋ ਰਹੇ ਹਨ। ਗੈਂਗਸਟਰਾ ਦਾ ਪੰਜਾਬ ਅੰਦਰ ਬੋਲਬਾਲਾ ਹੈ ਅਤੇ ਜੇ ਕੋਈ ਵਿਅਕਤੀ ਬੇਇਨਸਾਫ਼ੀ ਲਈ ਸਰਕਾਰੇ ਦਰਬਾਰੇ ਜਾਂਦਾ ਹੈ ਤਾ ਉਲਟਾ ਉਸ ਖ਼ਿਲਾਫ਼ ਹੀ ਪਰਚਾ ਦਰਜ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਕੇਜਰੀਵਾਲ ਦੀ ਅਗਵਾਈ ਵਿੱਚ ਚੱਲਣ ਵਾਲੀ ਪੰਜਾਬ ਸਰਕਾਰ ਅੱਜ ਹਰ ਪੱਖ ਤੋਂ ਬੇਵੱਸ ਦਿਖਾਈ ਦੇ ਰਹੀ ਹੈ ਕਿਉਂਕਿ ਕੇਜਰੀਵਾਲ ਵੱਲੋਂ ਪੰਜਾਬ ਦੇ ਪ੍ਰਸ਼ਾਸਨ ’ਤੇ ਵੀ ਪੂਰਾ ਕੰਟਰੋਲ ਹੈ, ਇਸ ਲਈ ‘ਆਪ’ ਸਰਕਾਰ ਤੋਂ ਕਿਸੇ ਨੂੰ ਉਮੀਦ ਨਹੀਂ ਰੱਖਣੀ ਚਾਹੀਦੀ। ਉਨ੍ਹਾਂ ਕਿਸਾਨ ਨੇਤਾ ਡੱਲੇਵਾਲ ਦੀ ਗ੍ਰਿਫ਼ਤਾਰੀ ਦੀ ਵੀ ਨਿਖੇਧੀ ਕੀਤੀ। ਇਸ ਮੌਕੇ ਰਾਜੂ ਖੰਨਾ ਨੇ ਪੰਜਾਬ ਯੂਨੀਵਰਸਿਟੀ ਵਿੱਚ ਸੇਨੈਟ ਚੋਣਾਂ ਜਲਦੀ ਕਰਵਾਉਣ ਨੂੰ ਲੈ ਕੇ ਐੱਸਓਆਈ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਇਕ ਦਰਜਨ ਦੇ ਕਰੀਬ ਵਿਦਿਆਰਥੀਆਂ ਖ਼ਿਲਾਫ਼ ਦਰਜ ਕੇਸ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਮਜੀਠੀਆ ਨੇ ਮਾਮਲਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਹੈ।