ਦਿੱਲੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ: ਕੇਜਰੀਵਾਲ
ਨਵੀਂ ਦਿੱਲੀ, 11 ਦਸੰਬਰ
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨਾਲ ਗਠਜੋੜ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਦੋਵੇਂ ਪਾਰਟੀਆਂ ਮਿਲ ਕੇ ਚੋਣ ਲੜਨ ਬਾਰੇ ਚੱਲ ਰਹੀਆਂ ਖ਼ਬਰਾਂ ’ਤੇ ਵਿਰਾਮ ਲੱਗ ਗਿਆ ਹੈ। ‘ਐਕਸ’ ’ਤੇ ਇਕ ਪੋਸਟ ਵਿਚ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਵਿਚ ਆਪਣੇ ਜ਼ੋਰ ’ਤੇ ਚੋਣ ਲੜੇਗੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ।
ਉਨ੍ਹਾਂ ਦੀ ਇਹ ਪ੍ਰਤੀਕਿਰਿਆ ਮੀਡੀਆ ਰਿਪੋਰਟਾਂ ਦੇ ਵਿਚਕਾਰ ਆਈ ਹੈ ਜਿੰਨ੍ਹਾਂ ਵਿਚ ਕਿਹਾ ਜਾ ਰਿਹਾ ਸੀ ਕਿ ਫਰਵਰੀ ਵਿੱਚ ਹੋਣ ਵਾਲੀਆਂ 70 ਮੈਂਬਰੀ ਦਿੱਲੀ ਵਿਧਾਨ ਸਭਾ ਚੋਣਾਂ ਲਈ ਦੋਵਾਂ ਪਾਰਟੀਆਂ ਵਿਚਾਲੇ ਗੱਠਜੋੜ ਹੋਣ ਦੀ ਸੰਭਾਵਨਾ ਹੈ। ਇਸ ਮਹੀਨੇ ਦੀ ਸ਼ੁਰੂਆਤ ’ਚ ਵੀ ਕੇਜਰੀਵਾਲ ਨੇ ਦਿੱਲੀ ਚੋਣਾਂ ਲਈ ‘ਆਪ’ ਅਤੇ ਕਾਂਗਰਸ ਵਿਚਾਲੇ ਗਠਜੋੜ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਸੀ।
ਸੂਤਰਾਂ ਨੇ ਦੱਸਿਆ ਕਿ ਕਾਂਗਰਸ ਅਤੇ 'ਆਪ' ਵੱਲੋਂ ਆਗਾਮੀ ਦਿੱਲੀ ਚੋਣਾਂ ਦੇ ਮੱਦੇਨਜ਼ਰ ਸਾਵਧਾਨੀ ਨਾਲ ਕਦਮ ਚੁੱਕਣ ਦੇ ਤੌਰ ’ਤੇ ਦੇਖਿਆ ਜਾ ਰਿਹਾ ਹੈ ਤਾਂ ਜੋ ਭਵਿੱਖ ਦੇ ਵਿਕਲਪ ਖੁੱਲ੍ਹੇ ਰਹਿਣ। 'ਆਪ' ਅਤੇ ਕਾਂਗਰਸ ਨੇ ਇਸ ਸਾਲ ਦੇ ਸ਼ੁਰੂ 'ਚ ਦਿੱਲੀ ’ਚ ਲੋਕ ਸਭਾ ਚੋਣਾਂ ਇਕੱਠੀਆਂ ਲੜੀਆਂ ਸਨ ਪਰ ਭਾਜਪਾ ਤੋਂ ਸਾਰੀਆਂ 7 ਸੀਟਾਂ ’ਤੇ ਹਾਰ ਗਈਆਂ ਸਨ।
ਉਹ ਕਈ ਦੌਰ ਦੀ ਗੱਲਬਾਤ ਦੇ ਬਾਵਜੂਦ ਅਕਤੂਬਰ ਵਿੱਚ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੀਟ ਵੰਡ ਸਮਝੌਤੇ 'ਤੇ ਪਹੁੰਚਣ ਵਿੱਚ ਅਸਫਲ ਰਹੇ। ‘ਆਪ’ ਨੇ ਹੁਣ ਤੱਕ ਆਪਣੇ ਕੁੱਲ 31 ਉਮੀਦਵਾਰਾਂ ਦੀਆਂ ਦੋ ਸੂਚੀਆਂ ਜਾਰੀ ਕੀਤੀਆਂ ਹਨ। ਬਾਕੀ ਉਮੀਦਵਾਰਾਂ ਦੀ ਸੂਚੀ ਜਲਦੀ ਆਉਣ ਦੀ ਉਮੀਦ ਹੈ। -ਪੀਟੀਆਈ