For the best experience, open
https://m.punjabitribuneonline.com
on your mobile browser.
Advertisement

ਕੌਮੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਤੋਂ ਰਾਹਤ ਨਹੀਂ

10:28 AM Nov 06, 2024 IST
ਕੌਮੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਤੋਂ ਰਾਹਤ ਨਹੀਂ
ਨਵੀਂ ਦਿੱਲੀ ਵਿੱਚ ਕਰਤੱਵਿਆ ਪੱਥ ’ਤੇ ਧੁਆਂਖੀ ਧੁੰਦ ਦੌਰਾਨ ਸਕੂਲ ਜਾਂਦੇ ਹੋਏ ਵਿਦਿਆਰਥੀ। -ਫੋਟੋ: ਏਐੱਨਆਈ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 5 ਨਵੰਬਰ
ਦਿੱਲੀ ਵਿੱਚ ਹਵਾ ਦੀ ਗੁਣਵੱਤਾ ਅੱਜ ਲਗਾਤਾਰ ਸੱਤਵੇਂ ਦਿਨ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਬਣੀ ਰਹੀ ਤੇ ਰਾਜਧਾਨੀ ਸਾਰਾ ਦਿਨ ਧੁਆਂਖੀ ਧੁੰਦ ’ਚ ਘਿਰੀ ਰਹੀ। ਅੱਜ ਸਵੇਰੇ 7 ਵਜੇ ਹਵਾ ਦੀ ਗੁਣਵੱਤਾ ਦਾ ਪੱਧਰ (ਏਕਿਊਆਈ) 384 ਦਰਜ ਕੀਤਾ ਗਿਆ, ਜੋ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਆਉਂਦਾ ਹੈ। ਸਭ ਤੋਂ ਵੱਧ ਪ੍ਰਦੂਸ਼ਿਤ ਏਕਿਊਆਈ 457 ਦੇ ਨਾਲ ਆਨੰਦ ਵਿਹਾਰ ਸੀ, ਜਿਸ ਤੋਂ ਬਾਅਦ ਜਹਾਂਗੀਰਪੁਰੀ 440 ਏਕਿਊਆਈ ਨਾਲ ‘ਗੰਭੀਰ’ ਸ਼੍ਰੇਣੀ ਵਿੱਚ ਸੀ।
ਮੌਸਮ ਵਿਭਾਗ ਮੁਤਾਬਕ ਧੁੰਦ ਦੇ ਨਾਲ-ਨਾਲ ਦਿੱਲੀ ਵਿੱਚ ਸ਼ਾਂਤ ਹਵਾਵਾਂ ਚੱਲ ਰਹੀਆਂ ਸਨ। ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਐਲਾਨ ਕੀਤਾ ਕਿ ਹਵਾ ਪ੍ਰਦੂਸ਼ਣ ਦੇ ਵਧ ਰਹੇ ਪੱਧਰ ਦਾ ਮੁਕਾਬਲਾ ਕਰਨ ਦੀਆਂ ਕੋਸ਼ਿਸ਼ਾਂ ਤਹਿਤ ਰਾਜਧਾਨੀ ਵਿੱਚ ਬੁੱਧਵਾਰ ਤੋਂ ਕੂੜੇ ਨੂੰ ਖੁੱਲ੍ਹੇਆਮ ਸਾੜਨ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਦੌਰਾਨ ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਟੀ) ਦਿੱਲੀ ਦੇ ਨਿਵਾਸੀਆਂ ਲਈ 7 ਨਵੰਬਰ ਨੂੰ ਛਠ ਪੂਜਾ ਲਈ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਜਿਵੇਂ ਕਿ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ, ਮਾਪੇ ਅਤੇ ਵਿਦਿਆਰਥੀ ਇਸ ਗੱਲ ਨੂੰ ਲੈ ਕੇ ਚਿੰਤਤ ਹਨ ਕਿ ਕੀ ਆਤਿਸ਼ੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਸਕੂਲਾਂ ਅਤੇ ਕਾਲਜਾਂ ਲਈ ‘ਪ੍ਰਦੂਸ਼ਣ ਵਾਲੀਆਂ ਛੁੱਟੀਆ’ ਦਾ ਐਲਾਨ ਕਰੇਗੀ। ਹਵਾ ਦੀ ਵਿਗੜਦੀ ਗੁਣਵੱਤਾ ਕਾਰਨ ਕਈ ਸਕੂਲਾਂ ਨੇ ਸਵੇਰ ਦੀਆਂ ਅਸੈਂਬਲੀਆਂ ਪਹਿਲਾਂ ਹੀ ਰੱਦ ਕਰ ਦਿੱਤੀਆਂ ਹਨ। ਦਿੱਲੀ ਦੀ ਹਵਾ ਦੀ ਗੁਣਵੱਤਾ ਲਗਾਤਾਰ 7ਵੇਂ ਦਿਨ ‘ਬਹੁਤ ਖਰਾਬ’ ਬਣੀ ਰਹੀ। ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਗ੍ਰੀਨ ਦਿੱਲੀ ਐਪ ਰਾਹੀਂ ਦਰਜ ਕੀਤੀਆਂ ਗਈਆਂ 88 ਫ਼ੀਸਦ ਪ੍ਰਦੂਸ਼ਣ ਸਬੰਧੀ ਸ਼ਿਕਾਇਤਾਂ ਦਾ ਹੱਲ ਕੀਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵੱਧ ਉਮਰ ਵਾਲੇ ਵਾਹਨਾਂ ਦੇ ਖ਼ਿਲਾਫ਼ ਮੁਹਿੰਮ ਤੇਜ਼ ਕਰੇਗਾ।
ਅਧਿਕਾਰੀਆਂ ਨੇ ਕਿਹਾ ਕਿ ਦੀਵਾਲੀ ਤੋਂ ਬਾਅਦ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੇ ਪੱਧਰ ਵਿੱਚ ਤੇਜ਼ੀ ਨਾਲ ਵਾਧਾ ਹੋਣ ਕਾਰਨ, ਟਰਾਂਸਪੋਰਟ ਵਿਭਾਗ ਨੇ ਆਪਣੇ ਇਨਫੋਰਸਮੈਂਟ ਵਿੰਗ ਨੂੰ ਵੱਧ ਉਮਰ ਵਾਲੇ ਵਾਹਨਾਂ ਵਿਰੁੱਧ ਮੁਹਿੰਮ ਚਲਾਉਣ ਅਤੇ ਸਰਹੱਦ ’ਤੇ ਸ਼ਹਿਰ ਵਿੱਚ ਦਾਖਲ ਹੋਣ ਵਾਲੇ ਬੀਐਸ-II ਅਤੇ ਬੀਐਸ-III ਵਾਹਨਾਂ ਦੀ ਨੇੜਿਓਂ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਪੁਰਾਣੇ ਵਾਹਨਾਂ ਖ਼ਿਲਾਫ਼ ਮੁਹਿੰਮ 11 ਅਕਤੂਬਰ ਨੂੰ ਸ਼ੁਰੂ ਕੀਤੀ ਗਈ ਸੀ। ਦੀਵਾਲੀ ਤੋਂ ਬਾਅਦ ਪਿਛਲੇ ਤਿੰਨ ਦਿਨਾਂ ਵਿੱਚ ਕਾਰਾਂ, ਈ-ਰਿਕਸ਼ਾ ਅਤੇ ਦੋਪਹੀਆ ਵਾਹਨਾਂ ਸਮੇਤ 500 ਤੋਂ ਵੱਧ ਵਾਹਨ ਜ਼ਬਤ ਕੀਤੇ ਗਏ ਹਨ।

Advertisement

Advertisement
Advertisement
Author Image

sukhwinder singh

View all posts

Advertisement