ਚੱਪੜਚਿੜੀ ਖੁਰਦ ਦੀ ਇੱਕ ਧਿਰ ਦੇ ਸਾਰੇ ਮੈਂਬਰਾਂ ਦੇ ਨਾਮਜ਼ਦਗੀ ਪੱਤਰ ਰੱਦ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 6 ਅਕਤੂਬਰ
ਪੰਚਾਇਤ ਚੋਣਾਂ ਵਿੱਚ ਪੰਜਾਬ ਦੀ ‘ਆਪ’ ਸਰਕਾਰ ਦੀ ਕਥਿਤ ਧੱਕੇਸ਼ਾਹੀ ਖ਼ਿਲਾਫ਼ ਪੀੜਤ ਲੋਕ ਸੜਕਾਂ ’ਤੇ ਉਤਰ ਆਏ ਹਨ। ਰਿਟਰਨਿੰਗ ਅਫ਼ਸਰ ਵੱਲੋਂ ਇਤਿਹਾਸਕ ਨਗਰ ਚੱਪੜਚਿੜੀ ਖ਼ੁਰਦ ਵਿੱਚ ਚੋਣ ਲੜਨ ਵਾਲੀ ਇੱਕ ਧਿਰ ਦੇ ਸਾਰੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ। ਇਸ ਕਾਰਨ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਹੈ। ਚੱਪੜਚਿੜੀ ਦੇ ਪੀੜਤ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਅੱਜ ਲਾਂਡਰਾਂ-ਖਰੜ ਸੜਕ ਉੱਤੇ ਚੱਕਾ ਜਾਮ ਕਰ ਕੇ ਹੁਕਮਰਾਨਾਂ ਦਾ ਪਿੱਟ ਸਿਆਪਾ ਕੀਤਾ। ਇਸ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ ਅਤੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਬਸਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਚੱਪੜਚਿੜੀ ਤੇ ਦੰਗਾ ਪੀੜਤ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਵਿਰੋਧੀਆਂ ਦੇ ਕਾਗਜ਼ ਰੱਦ ਕਰਕੇ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਹੀ ਆਪਣੀ ਹਾਰ ਮੰਨ ਲਈ ਹੈ। ਆਗੂਆਂ ਨੇ ਕਿਹਾ ਕਿ ਜੇਕਰ ਪੀੜਤ ਲੋਕਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਵੱਡੇ ਪੱਧਰ ’ਤੇ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ ਅਤੇ ਲੋੜ ਪੈਣ ’ਤੇ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ। ਇਸੇ ਦੌਰਾਨ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਬਸਪਾ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਨਨਹੇੜੀਆਂ ਤੇ ਦਲਿਤ ਸੰਗਠਨਾਂ ਦੇ ਆਗੂ ਲਖਵੀਰ ਸਿੰਘ ਬੌਬੀ ਨੇ ਵੀ ਧਰਨੇ ਵਿੱਚ ਪਹੁੰਚ ਕੇ ਪੀੜਤ ਲੋਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਧੱਕੇਸ਼ਾਹੀ ਨਾਲ ਚੋਣਾਂ ਜਿੱਤਣਾ ਚਾਹੁੰਦੀ ਹੈ ਜਿਸ ਕਾਰਨ ਵਿਰੋਧੀ ਉਮੀਦਵਾਰਾਂ ਨੂੰ ਗਲਤ ਤਰੀਕੇ ਨਾਲ ਚੋਣ ਮੈਦਾਨ ’ਚੋਂ ਹੀ ਲਾਂਭੇ ਕਰਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਸਾਰਾ ਮਾਮਲਾ ਡੀਸੀ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਬਲੌਂਗੀ ਦੇ ਥਾਣਾ ਮੁਖੀ ਕੁਲਵੰਤ ਸਿੰਘ ਵੀ ਉੱਥੇ ਪਹੁੰਚ ਗਏ ਅਤੇ ਲੋਕਾਂ ਨੂੰ ਗੱਲਬਾਤ ਰਾਹੀਂ ਸਮਝਾਉਣ ਦੀ ਕੋਸ਼ਿਸ਼ ਕੀਤੀ। ਇਸ ਮਗਰੋਂ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਪੀੜਤਾਂ ਦੀ ਗੱਲ ਸੁਣੀ।
ਇਸ ਮੌਕੇ ਸਾਬਕਾ ਸਰਪੰਚ ਰਾਜਵੀਰ ਕੌਰ, ਰਾਜਿੰਦਰ ਸਿੰਘ, ਗੁਰਜੀਤ ਸਿੰਘ ਖਾਲਸਾ ਅਤੇ ਮਾਤਾ ਕਰਨੈਲ ਕੌਰ ਨੇ ਕਿਹਾ ਕਿ ਸਰਕਾਰ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ। ਸਿਆਸੀ ਦਬਾਅ ਹੇਠ ਅਧਿਕਾਰੀਆਂ ਨੇ ਮਿੱਥ ਕੇ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਹਨ ਜਦੋਂਕਿ ਬੀਡੀਪੀਓ ਵੱਲੋਂ ਉਨ੍ਹਾਂ ਨੂੰ ਐੱਨਓਸੀਜ਼ ਵੀ ਜਾਰੀ ਕੀਤੀਆਂ ਗਈਆਂ ਸਨ। ਸਾਰੇ ਉਮੀਦਵਾਰਾਂ ਦੇ ਕਾਗਜ਼ ਪੂਰੇ ਸਨ ਪ੍ਰੰਤੂ ਫਿਰ ਵੀ ਰੱਦ ਕਰ ਦਿੱਤੇ ਗਏ। ਸਾਬਕਾ ਸਰਪੰਚ ਰਾਜਵੀਰ ਕੌਰ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਪਿੰਡਾਂ ਵਿੱਚ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਦੀਆਂ ਅਪੀਲਾਂ ਕਰ ਰਹੇ ਹਨ, ਦੂਜੇ ਪਾਸੇ ਸਰਕਾਰ ਖ਼ੁਦ ਹੀ ਪਿੰਡਾਂ ਵਿੱਚ ਵੰਡੀਆਂ ਅਤੇ ਧੜੇਬੰਦੀਆਂ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਕਹਿਣੀ ਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ।