ਸਿਮਰਨਜੀਤ ਸਿੰਘ ਮਾਨ ਵੱਲੋਂ ਨਾਮਜ਼ਦਗੀ ਦਾਖਲ
ਗੁਰਦੀਪ ਸਿੰਘ ਲਾਲੀ
ਸੰਗਰੂਰ, 13 ਮਈ
ਇੱਥੇ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਪਾਰਟੀ ਉਮੀਦਵਾਰ ਵਜੋਂ ਚੋਣ ਰਿਟਰਨਿੰਗ ਅਫ਼ਸਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਇਸ ਮੌਕੇ ਸਿਮਰਨਜੀਤ ਸਿੰਘ ਮਾਨ ਦੇ ਨਾਲ ਉਨ੍ਹਾਂ ਦੀ ਪਤਨੀ ਗੀਤਇੰਦਰ ਕੌਰ ਮਾਨ, ਧੀ ਪਵਿੱਤ ਕੌਰ, ਪਾਰਟੀ ਦੇ ਸਲਾਹਕਾਰ ਰਣਜੀਤ ਸਿੰਘ ਚੀਮਾ, ਐਡਵੋਕੇਟ ਜਗਮੀਤ ਸਿੰਘ ਅਤੇ ਗੋਬਿੰਦ ਸਿੰਘ ਸੰਧੂ ਮੌਜੂਦ ਸਨ। ਇਸ ਤੋਂ ਪਹਿਲਾਂ ਮਾਨ ਵਲੋਂ ਸ਼ਹਿਰ ਵਿਚ ਰੋਡ ਸ਼ੋਅ ਕੀਤਾ ਗਿਆ। ਇਸ ਮੌਕੇ ਬੀਬੀ ਗੀਤਇੰਦਰ ਕੌਰ ਮਾਨ ਵੱਲੋਂ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਮੀਡੀਆ ਨਾਲ ਗੱਲਬਾਤ ਦੌਰਾਨ ਮਾਨ ਨੇ ਦੋਸ਼ ਲਾਇਆ ਹੈ ਕਿ ਭਾਜਪਾ ਅਤੇ ਆਰਐੱਸਐੱਸ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀਆਂ ਹਨ ਅਤੇ ਦੇਸ਼ ਵਿਚ ਘੱਟ-ਗਿਣਤੀਆਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨੀਪੁਰ ਵਿੱਚ ਘੱਟ ਗਿਣਤੀਆਂ ’ਤੇ ਜ਼ੁਲਮ ਹੋ ਰਹੇ ਹਨ ਅਤੇ ਹੋਰ ਵੱਖ-ਵੱਖ ਰਾਜਾਂ ਵਿਚ ਘੱਟ ਗਿਣਤੀਆਂ ਨੂੰ ਦਬਾਇਆ ਜਾ ਰਿਹਾ ਹੈ। ਉਹ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਚੋਣ ਲੜ ਰਹੇ ਹਨ ਅਤੇ ਉਹ ਰੋਟੀ, ਕੱਪੜਾ ਤੇ ਮਕਾਨ ਆਦਿ ਝੂਠੇ ਵਾਅਦੇ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਜਿਹੜੀਆਂ ਸਿਆਸੀ ਪਾਰਟੀਆਂ ਵਾਅਦੇ ਪੂਰੇ ਨਹੀਂ ਕਰਦੀਆਂ, ਉਨ੍ਹਾਂ ਪਾਰਟੀਆਂ ਖ਼ਿਲਾਫ਼ ਚੋਣ ਕਮਿਸ਼ਨ ਨੂੰ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਕਾਗਜ਼ ਰੱਦ ਹੋਣੇ ਚਾਹੀਦੇ ਹਨ। ਮਾਨ ਦੀ ਹਮਾਇਤ ’ਚ ਅੱਜ ਬੀਬੀ ਪਰਮਜੀਤ ਕੌਰ ਖਾਲੜਾ, ਬੀਬੀ ਰਾਜਿੰਦਰ ਕੌਰ ਜੈਤੋ, ਪਰਵਿੰਦਰ ਸਿੰਘ ਝੋਟਾ ਆਦਿ ਪੁੱਜੇ।