ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੰਸ ਰਾਜ ਹੰਸ ਤੇ ਜ਼ੀਰਾ ਸਣੇ 28 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ

08:08 AM May 10, 2024 IST
ਫ਼ਰੀਦਕੋਟ ਵਿੱਚ ਵੀਰਵਾਰ ਨੂੰ ਰਿਟਰਨਿੰਗ ਅਫ਼ਸਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਦੇ ਹੋਏ ਭਾਜਪਾ ਉਮੀਦਵਾਰ ਹੰਸ ਰਾਜ ਹੰਸ।

ਆਤਿਸ਼ ਗੁਪਤਾ
ਚੰਡੀਗੜ੍ਹ, 9 ਮਈ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਹਲਕਾ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਅਤੇ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਸਣੇ 28 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੀਜੇ ਦਿਨ ਲੋਕ ਸਭਾ ਹਲਕਾ ਲੁਧਿਆਣਾ ’ਚ ਸਭ ਤੋਂ ਵੱਧ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸੇ ਤਰ੍ਹਾਂ ਖਡੂਰ ਸਾਹਿਬ ਤੋਂ 4, ਫਰੀਦਕੋਟ, ਪਟਿਆਲਾ ਤੇ ਆਨੰਦਪੁਰ ਸਾਹਿਬ ਤੋਂ 3-3, ਸੰਗਰੂਰ, ਅੰਮ੍ਰਿਤਸਰ, ਬਠਿੰਡਾ ਤੇ ਫਿਰੋਜ਼ਪੁਰ ਤੋਂ 2-2 ਅਤੇ ਫਤਹਿਗੜ੍ਹ ਸਾਹਿਬ ਤੇ ਹੁਸ਼ਿਆਰਪੁਰ ਤੋਂ ਇਕ-ਇਕ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਲੰਧਰ ਤੋਂ ਵੀਰਵਾਰ ਨੂੰ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਤਿੰਨ ਦਿਨਾਂ ਵਿੱਚ 61 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

Advertisement

ਖਡੂਰ ਸਾਹਿਬ ’ਚ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਰਿਟਰਨਿੰਗ ਅਧਿਕਾਰੀ ਸੰਦੀਪ ਕੁਮਾਰ ਕੋਲ ਨਾਮਜ਼ਦਗੀ ਦਾਖਲ ਕਰਦੇ ਹੋਏ। -ਫੋਟੋ: ਗੁਰਬਖਸ਼ਪੁਰੀ

ਫਰੀਦਕੋਟ (ਜਸਵੰਤ ਜੱਸ): ਰਾਖਵਾਂ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੰਸ ਰਾਜ ਹੰਸ ਨੇ ਕੇਂਦਰੀ ਜਲ ਸਰੋਤ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ਵਿੱਚ ਇੱਥੇ ਮਿਨੀ ਸਕੱਤਰੇਤ ਵਿੱਚ ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਥਿਤੀ ਸਿਆਸੀ ਤੌਰ ’ਤੇ ਕਾਫੀ ਚੰਗੀ ਹੈ ਅਤੇ ਉਹ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਆਸਾਨੀ ਨਾਲ ਜਿੱਤ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿੱਚ ਇਕਲੌਤੀ ਸਭ ਤੋਂ ਵੱਡੀ ਸਿਆਸੀ ਪਾਰਟੀ ਸਾਬਤ ਹੋਵੇਗੀ ਅਤੇ ਅਗਲੀ ਸਰਕਾਰ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੀ ਬਣੇਗੀ। ਕੇਂਦਰੀ ਮੰਤਰੀ ਨੇ ਕਾਂਗਰਸੀ ਆਗੂ ਸੈਮ ਪਿਤਰੋਦਾ ਵੱਲੋਂ ਕਥਿਤ ਤੌਰ ’ਤੇ ਕੀਤੀਆਂ ਵਿਵਾਦਤ ਟਿੱਪਣੀਆਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਉਹ ਦੇਸ਼ ਵਿੱਚ ਰਾਹੁਲ ਗਾਂਧੀ ਦਾ ਸਪੋਕਸਮੈਨ ਬਣਿਆ ਹੋਇਆ ਹੈ ਅਤੇ ਉਸ ਦੀਆਂ ਟਿੱਪਣੀਆਂ ਵੰਡ ਪਾਊ ਹਨ। ਇਸ ਦੌਰਾਨ ਹੰਸ ਰਾਜ ਹੰਸ ਨੇ ਕਿਹਾ ਕਿ ਉਸ ਦੀ ਚੋਣ ਮੁਹਿੰਮ ਸਾਰਥਕ ਤਰੀਕੇ ਨਾਲ ਚੱਲ ਰਹੀ ਹੈ ਅਤੇ ਉਨ੍ਹਾਂ ਨੂੰ ਲੋਕਾਂ ਦਾ ਵੱਡਾ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਨਗੇ।

Advertisement
Advertisement
Advertisement