ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਖ਼ੈਰ ਨਹੀਂ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਗਸਤ
ਚੰਡੀਗੜ੍ਹ ਪੁਲੀਸ ਨੇ ਸ਼ਹਿਰ ’ਚ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਕਰਕੇ ਵਾਪਰ ਰਹੀਆਂ ਸੜਕ ਹਾਦਸਿਆਂ ਦੀਆਂ ਘਟਨਾਵਾਂ ’ਤੇ ਨੱਥ ਪਾਉਣ ਲਈ ਸਖਤੀ ਕੀਤੀ ਹੈ। ਇਸ ਲਈ ਚੰਡੀਗੜ੍ਹ ਟਰੈਫਿਕ ਪੁਲੀਸ ਵੱਲੋਂ ਰਾਤ ਸਮੇਂ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ। ਟਰੈਫਿਕ ਪੁਲੀਸ ਨੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਸਾਲ 2023 ਦੇ ਪਹਿਲੇ 7 ਮਹੀਨਿਆਂ ਵਿੱਚ 1650 ਜਣਿਆਂ ਦੇ ਚਾਲਾਨ ਕੀਤੇ ਹਨ। ਜਦੋਂ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ ਦੇ ਨਾਲ-ਨਾਲ ਹੰਗਾਮਾ ਕਰਨ ਵਾਲੇ 186 ਜਣਿਆਂ ਦੇ ਲਾਈਸੈਂਸ ਰੱਦ ਕਰਨ ਤੇ ਮੋਟਾ ਜੁਰਮਾਨਾ ਲਗਾਉਣ ਲਈ ਅਦਾਲਤ ਨੂੰ ਸਿਫਾਰਿਸ਼ ਵੀ ਕੀਤੀ ਗਈ ਹੈ। ਚੰਡੀਗੜ੍ਹ ਟਰੈਫਿਕ ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਸ਼ਹਿਰ ਵਿੱਚ ਵੱਡੀ ਗਿਣਤੀ ’ਚ ਸੜਕ ਹਾਦਸਿਆਂ ਦਾ ਕਾਰਨ ਸ਼ਰਾਬ ਪੀ ਕੇ ਵਾਹਨ ਚਲਾਉਣਾ ਹੈ। ਇਸੇ ਲਈ ਟਰੈਫਿਕ ਪੁਲੀਸ ਵੱਲੋਂ ਸ਼ਹਿਰ ਵਿੱਚ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਰਣਨੀਤੀ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਸ਼ਹਿਰ ਦੀਆਂ ਮੁੜ ਸੜਕਾਂ ’ਤੇ ਰੋਜ਼ਾਨਾ ਦੇਰ ਰਾਤ ਨਾਕਾਬੰਦੀ ਕੀਤੀ ਜਾਂਦੀ ਹੈ।