For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਦਾ ਅਹੁਦਾ ਨਹੀਂ ਛੱਡ ਰਿਹਾ: ਬੀਰੇਨ ਸਿੰਘ

06:39 AM Jul 01, 2023 IST
ਮੁੱਖ ਮੰਤਰੀ ਦਾ ਅਹੁਦਾ ਨਹੀਂ ਛੱਡ ਰਿਹਾ  ਬੀਰੇਨ ਸਿੰਘ
ਮਨੀਪੁਰ ਦੇ ਮੁੱਖ ਮੰਤਰੀ ਐੱਨ.ਬੀਰੇਨ ਸਿੰਘ ਰਾਜਭਵਨ ਵੱਲ ਜਾਂਦੇ ਹੋਏ। -ਫੋਟੋ:ਪੀਟੀਆਈ
Advertisement

ਇੰਫਾਲ, 30 ਜੂਨ
ਮਨੀਪੁਰ ਵਿੱਚ ਹਿੰਸਾ ਦੇ ਮੱਦੇਨਜ਼ਰ ਅਸਤੀਫ਼ਾ ਦੇਣ ਦੀ ਚਰਚਾ ’ਤੇ ਵਿਰਾਮ ਲਾਉਂਦਿਆਂ ਸੂਬੇ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਅੱਜ ਸਪਸ਼ਟ ਕੀਤਾ ਕਿ ਉਹ ਅਸਤੀਫ਼ਾ ਨਹੀਂ ਦੇ ਰਹੇ। ਉਨ੍ਹਾਂ ਕਿਹਾ,‘‘ਮੈਂ ਸਪੱਸ਼ਟ ਕਰ ਰਿਹਾ ਹਾਂ ਕਿ ਅਜਿਹੇ ਨਾਜ਼ੁਕ ਮੌਕੇ ਮੈਂ ਮੁੱਖ ਮੰਤਰੀ ਦਾ ਅਹੁਦਾ ਨਹੀਂ ਛੱਡਾਗਾਂ।’’
ਇਸ ਤੋਂ ਪਹਿਲਾਂ ਅੱਜ ਇਸ ਗੱਲ ਦੀ ਚਰਚਾ ਰਹੀ ਕਿ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਰਾਜ ਭਵਨ ਪਹੁੰਚ ਕੇ ਅਸਤੀਫ਼ਾ ਦੇਣ ਵਾਲੇ ਹਨ। ਇਨ੍ਹਾਂ ਕਿਆਸਰਾਈਆਂ ਦੌਰਾਨ ਹਜ਼ਾਰਾਂ ਮਹਿਲਾ ਪ੍ਰਦਰਸ਼ਨਕਾਰੀ ਇੰਫਾਲ ਵਿੱਚ ਰਾਜ ਭਵਨ ਪਹੁੰਚੇ ਅਤੇ ਮੁੱਖ ਮੰਤਰੀ ਦੇ ਕਾਫ਼ਲੇ ਨੂੰ ਰਾਜ ਭਵਨ ਵੱਲ ਵਧਣ ਤੋਂ ਰੋਕਿਆ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਅਸਤੀਫ਼ਾ ਨਾ ਦੇਣ, ਸਗੋਂ ਦੰਗਾਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ। ਅਖ਼ੀਰ ਬੀਰੇਨ ਸਿੰਘ ਨੇ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇ ਰਹੇ। ਬੀਰੇਨ ਸਿੰਘ ਨੇ ਬਾਅਦ ਵਿੱਚ ਟਵੀਟ ਕੀਤਾ, ‘‘ਮੈਂ ਸਪੱਸ਼ਟ ਕਰ ਰਿਹਾ ਹਾਂ ਕਿ ਅਜਿਹੇ ਨਾਜ਼ੁਕ ਸਮੇਂ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਵਾਂਗਾ।’’ ਅਸਪੱਸ਼ਟ ਰਿਪੋਰਟਾਂ ਮੁਤਾਬਕ ਮੁੱਖ ਮੰਤਰੀ ਨੇ ਆਪਣਾ ਅਸਤੀਫ਼ਾ ਪੱਤਰ ਟਾਈਪ ਕਰ ਲਿਆ ਸੀ ਪਰ ਉਨ੍ਹਾਂ ਦੇ ਸਮਰਥਕਾਂ ਨੇ ਇਸ ਨੂੰ ਪਾਡ਼ਨ ਲਈ ਮਨਾ ਲਿਆ। ਕੁੱਝ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਫਟਿਆ ਹੋਇਆ ਪੱਤਰ ਦੇਖਿਆ ਹੈ ਅਤੇ ਇਸ ਦੀਆਂ ਕਾਪੀਆਂ ਸੋਸ਼ਲ ਮੀਡੀਆ ’ਤੇ ਵੀ ਸਾਂਝੀਆਂ ਕੀਤੀਆਂ ਹਨ। ਹਾਲਾਂਕਿ, ਮੁੱਖ ਮੰਤਰੀ ਦਫ਼ਤਰ ਵੱਲੋਂ ਇਸ ਸਬੰਧੀ ਕੋਈ ਜਵਾਬ ਨਹੀਂ ਦਿੱਤਾ ਗਿਆ। -ਪੀਟੀਆਈ

Advertisement

ਮੁੱਖ ਮੰਤਰੀ ਬੀਰੇਨ ਸਿੰਘ ਨੂੰ ਅਸਤੀਫਾ ਦੇਣ ਜਾਣ ਤੋਂ ਰੋਕਦੇ ਹੋਏ ਉਨ੍ਹਾਂ ਦੇ ਹਮਾਇਤੀ। -ਫੋਟੋ: ਪੀਟੀਆਈ
ਮੁੱਖ ਮੰਤਰੀ ਬੀਰੇਨ ਸਿੰਘ ਨੂੰ ਅਸਤੀਫਾ ਦੇਣ ਜਾਣ ਤੋਂ ਰੋਕਦੇ ਹੋਏ ਉਨ੍ਹਾਂ ਦੇ ਹਮਾਇਤੀ। -ਫੋਟੋ: ਪੀਟੀਆਈ

ਗੋਲੀਬਾਰੀ ’ਚ ਮਰਨ ਵਾਲਿਆਂ ਦੀ ਗਿਣਤੀ ਤਿੰਨ ਹੋਈ

ਇੰਫਾਲ: ਮਨੀਪੁਰ ਦੇ ਕੰਗਪੋਕਪੀ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਸ਼ੱਕੀ ਦੰਗਾਕਾਰੀਆਂ ਵਿਚਾਲੇ ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਇੱਕ ਹੋਰ ਵਿਅਕਤੀ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਇਸ ਤਰ੍ਹਾਂ ਹੁਣ ਤੱਕ ਇਸ ਘਟਨਾ ਵਿੱਚ ਮਰਨ ਵਾਲਿਆਂ ਦੀ ਕੁੱਲ ਗਿਣਤੀ ਤਿੰਨ ਹੋ ਗਈ। ਗੋਲੀਬਾਰੀ ਵਿੱਚ ਪੰਜ ਵਿਅਕਤੀ ਜ਼ਖ਼ਮੀ ਹੋਏ ਸਨ। ਜ਼ਿਕਰਯੋਗ ਹੈ ਕਿ ਮਨੀਪੁਰ ਵਿੱਚ ਪਿਛਲੇ ਕਈ ਦਿਨਾਂ ਤੋਂ ਫਿਰਕੂ ਤਣਾਅ ਬਣਿਆ ਹੋਇਆ ਹੈ ਤੇ ਇੱਥੇ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਹਨ। -ਪੀਟੀਆਈ

Advertisement
Tags :
Author Image

joginder kumar

View all posts

Advertisement
Advertisement
×