Dallewal ਡੱਲੇਵਾਲ ਦੀ ਰਿਹਾਈ ਲਈ ਦਾਖ਼ਲ ਹੈਬੀਅਸ ਕੋਰਪਸ ਪਟੀਸ਼ਨ ’ਤੇ ਪੰਜਾਬ ਸਰਕਾਰ ਤੇ ਡੀਜੀਪੀ ਨੂੰ ਨੋਟਿਸ ਜਾਰੀ
ਸੌਰਭ ਮਲਿਕ
ਚੰਡੀਗੜ੍ਹ, 21 ਮਾਰਚ
Dallewal ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕਿਸਾਨ ਆਗੂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ) ਦੀ ਸਾਂਝੀ ਫੋਰਮ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਾਖ਼ਲ ਹੈਬੀਅਸ ਕੋਰਪਸ ਪਟੀਸ਼ਨ ’ਤੇ ਪੰਜਾਬ ਸਰਕਾਰ ਤੇ ਡੀਜੀਪੀ ਨੂੰ ਨੋਟਿਸ ਜਾਰੀ ਕੀਤਾ ਹੈ। ਕਿਸਾਨ ਆਗੂ ਤੇ ਪਟੀਸ਼ਨਰ ਗੁਰਮੁਖ ਸਿੰਘ ਨੇ ਦਾਅਵਾ ਕੀਤਾ ਕਿ ਡੱਲੇਵਾਲ ਪੰਜਾਬ ਪੁਲੀਸ ਦੀ ਗੈਰਕਾਨੂੰਨੀ ਹਿਰਾਸਤ ਵਿਚ ਹੈ। ਕੇਸ ’ਤੇ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ।
ਕਾਬਿਲੇਗੌਰ ਹੈ ਕਿ ਪੰਜਾਬ ਪੁਲੀਸ ਨੇ ਬੁੱਧਵਾਰ ਨੂੰ ਕੇਂਦਰੀ ਵਫ਼ਦ ਨਾਲ ਚੰਡੀਗੜ੍ਹ ਵਿਚ ਗੱਲਬਾਤ ਮਗਰੋਂ ਪਰਤ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਸਰਵਣ ਸਿੰਘ ਪੰਧੇਰ ਸਣੇ ਹੋਰਨਾਂ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਸੀ।
ਪਟੀਸ਼ਨਰ ਨੇ ਦਾਅਵਾ ਕੀਤਾ ਕਿ ਪੰਜਾਬ ਪੁਲੀਸ ਵੱਲੋਂ ਕਿਸਾਨ ਆਗੂ ਨੂੰ ਹਿਰਾਸਤ ਵਿਚ ਲੈਣਾ ਕਿਸਾਨ ਅੰਦੋਲਨ ਨੂੰ ਦਬਾਉਣ ਤੇ ਸ਼ਾਂਤੀਮਈ ਪ੍ਰਦਰਸ਼ਨਕਾਰੀਆਂ ਦਰਮਿਆਨ ਖੌਫ਼ ਤੇ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਦੇ ਨਾਲ ਬੋਲਣ ਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਬੁਨਿਆਦੀ ਅਧਿਕਾਰ ਦੀ ਉਲੰਘਣਾ ਹੈ। ਜਸਟਿਸ ਮਨੀਸ਼ ਬੱਤਰਾ ਦੇ ਬੈਂਚ ਅੱਗੇ ਰੱਖੀ ਆਪਣੀ ਪਟੀਸ਼ਨ ਵਿਚ ਕਿਸਾਨ ਆਗੂ ਨੇ ਦਾਅਵਾ ਕੀਤਾ ਕਿ ਕਿਸਾਨ ਜਥੇਬੰਦੀਆਂ ਦੇ 300 ਤੋਂ 400 ਹੋਰ ਮੈਂਬਰ ਲਾਪਤਾ ਹਨ।
ਪਟੀਸ਼ਨਰ ਨੇ ਡੱਲੇਵਾਲ ਤੇ ਹੋਰਨਾਂ ਲਾਪਤਾ ਕਿਸਾਨ ਆਗੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੋਰਟ ਦੇ ਦਖ਼ਲ ਦੀ ਮੰਗ ਵੀ ਕੀਤੀ। ਪਟੀਸ਼ਨਰ ਨੇ ਮੰਗ ਕੀਤੀ ਕਿ ਹਿਰਾਸਤ ਵਿਚ ਲਏ ਕਿਸਾਨ ਆਗੂਆਂ ਨੂੰ ਕੋਰਟ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਜਾਣ। ਪਟੀਸ਼ਨਰ ਵੱਲੋਂ ਐਡਵੋਕੇਟ ਗੁਰਮੋਹਨ ਪ੍ਰੀਤ ਸਿੰਘ, ਅੰਗਰੇਜ ਸਿੰਘ ਤੇ ਕੰਵਰਜੀਤ ਸਿੰਘ ਪੇਸ਼ ਹੋਏ।