ਹੁਣ ਜ਼ਿਮਨੀ ਚੋਣਾਂ ਵਿੱਚ ਹੋਵੇਗੀ ਸੱਤਾਧਾਰੀ ਧਿਰ ਦੀ ਪ੍ਰੀਖਿਆ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜੂਨ
ਪੰਜਾਬ ਦੇ ਚਾਰ ਵਿਧਾਇਕਾਂ ਵੱਲੋਂ ਲੋਕ ਸਭਾ ਚੋਣਾਂ ਵਿੱਚ ਜਿੱਤ ਤੋਂ ਬਾਅਦ ਚਾਰ ਵਿਧਾਨ ਸਭਾ ਹਲਕੇ ਖਾਲੀ ਹੋ ਗਏ ਹਨ, ਜਦੋਂ ਕਿ ਇਕ ਵਿਧਾਨ ਸਭਾ ਹਲਕੇ ਦੇ ਵਿਧਾਇਕ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਕੁੱਲ ਪੰਜ ਵਿਧਾਨ ਸਭਾ ਸੀਟਾਂ ਖਾਲੀ ਹੋਈਆਂ ਹਨ ਜਿਨ੍ਹਾਂ ’ਤੇ ਜ਼ਿਮਨੀ ਚੋਣ ਹੋਣਾ ਤੈਅ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਜ਼ਿਮਨੀ ਚੋਣਾਂ ਵਿੱਚ ਵੀ ਸੱਤਾਧਾਰੀ ਧਿਰ ‘ਆਪ’ ਲਈ ਪ੍ਰੀਖਿਆ ਦੀ ਘੜੀ ਹੈ। ਉੱਧਰ ਹੋਰਨਾਂ ਰਾਜਸੀ ਪਾਰਟੀਆਂ ਨੇ ਜ਼ਿਮਨੀ ਚੋਣਾਂ ਵਿੱਚ ਸੂਬਾ ਸਰਕਾਰ ਨੂੰ ਘੇਰਨ ਦੀਆਂ ਤਿਆਰੀਆਂ ਖਿੱਚ ਲਈਆਂ ਹਨ।
ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਹਲਕਾ ਸੰਗਰੂਰ, ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਲੋਕ ਸਭਾ ਹਲਕਾ ਹੁਸ਼ਿਆਰਪੁਰ, ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਹਲਕਾ ਲੁਧਿਆਣਾ ਅਤੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜਿੱਤ ਹਾਸਲ ਕੀਤੀ ਹੈ ਜਦੋਂ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਅਸਤੀਫ਼ਾ ਦੇ ਦਿੱਤਾ ਸੀ, ਜਿਸ ਨੂੰ ਵਿਧਾਨ ਸਭਾ ਸਪੀਕਰ ਨੇ ਪ੍ਰਵਾਨ ਕਰ ਲਿਆ ਹੈ। ਹਾਲਾਂਕਿ ਅੰਗੁਰਾਲ ਵੱਲੋਂ ਅਸਤੀਫ਼ਾ ਵਾਪਸ ਲੈਣ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਇਸ ਤਰ੍ਹਾਂ ਵਿਧਾਨ ਸਭਾ ਹਲਕਾ ਬਰਨਾਲਾ, ਚੱਬੇਵਾਲ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਜਲੰਧਰ ਪੱਛਮੀ ਦੀਆਂ ਸੀਟਾਂ ’ਤੇ ਜ਼ਿਮਨੀ ਚੋਣਾਂ ਹੋਣਗੀਆਂ। ਲੋਕ ਸਭਾ ਚੋਣਾਂ ਤੋਂ ਬਾਅਦ ਸਾਰੀਆਂ ਰਾਜਸੀ ਪਾਰਟੀਆਂ ਨੇ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਖਿੱਚ ਲਈਆਂ ਹਨ। ਉੱਧਰ ਪੰਜਾਬ ਦੀ ਸੱਤਾਧਾਰੀ ਧਿਰ ‘ਆਪ’ ਲਈ ਸਾਰੀਆਂ ਜ਼ਿਮਨੀ ਚੋਣਾਂ ’ਤੇ ਜਿੱਤ ਹਾਸਲ ਕਰਨਾ ਵੀ ਵਕਾਰ ਦਾ ਸਵਾਲ ਬਣ ਗਿਆ ਹੈ। ‘ਆਪ’ ਵੱਲੋਂ ਦੋ ਸਾਲਾਂ ਵਿੱਚ 300 ਯੂਨਿਟ ਮੁਫ਼ਤ ਬਿਜਲੀ, ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ, ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਇਤਿਹਾਸਕ ਕੰਮ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸੇ ਕਰਕੇ ‘ਆਪ’ ਵੱਲੋਂ ਪੰਜੋਂ ਜ਼ਿਮਨੀ ਚੋਣਾਂ ਜਿੱਤਣ ਲਈ ਅੰਦਰਖਾਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੇ 42 ਫ਼ੀਸਦ ਦੇ ਕਰੀਬ ਵੋਟਾਂ ਹਾਸਲ ਕਰਕੇ 117 ਵਿੱਚੋਂ 92 ਵਿਧਾਨ ਸਭਾ ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ ਪਰ ‘ਆਪ’ ਲੋਕ ਸਭਾ ਚੋਣਾਂ ਵਿੱਚ 13 ਵਿੱਚੋਂ ਤਿੰਨ ਸੀਟਾਂ ਹੀ ਜਿੱਤ ਸਕੀ ਹੈ। ਇਸ ਦੇ ਨਾਲ ਹੀ ‘ਆਪ’ ਦੀਆਂ ਵੋਟਾਂ ਵੀ 42 ਪ੍ਰਤੀਸ਼ਤ ਤੋਂ ਖਿਸਕ ਕੇ 26 ਫ਼ੀਸਦ ’ਤੇ ਆ ਗਈਆਂ ਹਨ।