ਐੱਨਪੀਐੱਸ ਮੁਲਾਜ਼ਮਾਂ ਨੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ
ਕੁਲਦੀਪ ਸਿੰਘ
ਚੰਡੀਗੜ੍ਹ, 18 ਨਵੰਬਰ
ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਦੋ ਸਾਲ ਪਹਿਲਾਂ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਐੱਨਪੀਐੱਸ ਮੁਲਾਜ਼ਮਾਂ ਵੱਲੋਂ ਅੱਜ ਦੇ ਦਿਨ ਨੂੰ ਕਾਲ਼ੇ ਦਿਨ ਵਜੋਂ ਮਨਾਉਂਦਿਆਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ।
ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਤੇ ਜਨਰਲ ਸਕੱਤਰ ਜਰਨੈਲ ਸਿੰਘ ਪੱਟੀ ਨੇ ਦੱਸਿਆ ਕਿ ਸੂਬੇ ਭਰ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਨਵੀਂ ਪੈਨਸ਼ਨ ਸਕੀਮ ਵਾਲੇ ਸਰਕਾਰੀ ਮੁਲਾਜ਼ਮਾਂ ਵਿੱਚ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਪ੍ਰਤੀ ਰੋਸ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਦੋ ਲੱਖ ਕਰਮਚਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਂਦਿਆਂ ਹੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ ਪ੍ਰੰਤੂ ਅੱਜ ਤੋਂ ਦੋ ਸਾਲ ਪਹਿਲਾਂ ਕੀਤਾ ਲਿਖਤੀ ਜਾਰੀ ਕੀਤਾ 18 ਨਵੰਬਰ 2022 ਦਾ ਨੋਟੀਫਿਕੇਸ਼ਨ ਪੰਜਾਬ ਸਰਕਾਰ ਲਾਗੂ ਕਰਨਾ ਭੁੱਲ ਗਈ ਹੈ।
ਉਨ੍ਹਾਂ ਕਿਹਾ ਕਿ ਅੱਜ ਨੋਟੀਫਿਕੇਸ਼ਨ ਦੀ ਦੂਜੇ ਵਰ੍ਹੇਗੰਢ ਦੇ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਸੂਬੇ ਭਰ ਵਿੱਚ ਰੋਸ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਲਾਗੂ ਕਰਨ ਵਿੱਚ ਬੇਲੋੜੀ ਦੇਰੀ ਤੋਂ ਜਿੱਥੇ ਸਰਕਾਰ ਦੀ ਇੱਛਾ ਸ਼ਕਤੀ ਦੀ ਘਾਟ ਸਾਫ਼ ਝਲਕਦੀ ਹੈ, ਉੱਥੇ ਹੀ ਹੋ ਰਹੀ ਦੇਰੀ ਕਾਰਨ ਕਰਮਚਾਰੀਆਂ ਵਿੱਚ ਰੋਸ ਵਧ ਰਿਹਾ ਹੈ ਜੋ ਆਉਣ ਵਾਲੇ ਸਮੇਂ ਵਿੱਚ ਵੱਡੇ ਅੰਦੋਲਨ ਦਾ ਰੂਪ ਧਾਰਨ ਕਰੇਗੀ।