ਐੱਨਪੀਐੱਸ ਮੁਲਾਜ਼ਮਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰੇ
ਗੁਰਦੀਪ ਸਿੰਘ ਲਾਲੀ
ਸੰਗਰੂਰ, 4 ਫਰਵਰੀ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਐੱਨਪੀਐੱਸ ਮੁਲਾਜ਼ਮਾਂ ਵਲੋਂ ਅੱਜ ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ’ਤੇ ਕੇਂਦਰ ਸਰਕਾਰ ਵਲੋਂ ਯੂਨੀਫਾਈਡ ਪੈਨਸ਼ਨ ਸਕੀਮ ਯੂ.ਪੀ.ਐੱਸ. ਦੇ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜਦਿਆਂ ਰੋਸ ਮੁਜ਼ਾਹਰਾ ਕੀਤੇ ਗਏ। ਉਨ੍ਹਾਂ ਨੋਟੀਫਿਕੇਸ਼ਨ ਨੂੰ ਮੁਲਾਜ਼ਮ ਵਿਰੋਧੀ ਕਰਾਰ ਦਿੰਦਿਆਂ ਤੁਰੰਤ ਰੱਦ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਸਰਬਜੀਤ ਪੁੰਨਾਂਵਾਲ, ਸਤਵੰਤ ਆਲਮਪੁਰ ਅਤੇ ਜਸਵਿੰੰਦਰ ਪਸ਼ੌਰੀਆ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਯੂਨੀਫਾਈਡ ਪੈਨਸ਼ਨ ਸਕੀਮ (ਯੂਪੀਐੱਸ) ਦਾ ਨੋਟੀਫਿਕੇਸ਼ਨ ਜਾਰੀ ਹੋਣ ’ਤੇ ਕਰਮਚਾਰੀਆਂ ਅੰਦਰ ਰੋਸ ਦੀ ਲਹਿਰ ਫੈਲ ਗਈ ਹੈ ਅਤੇ ਨੋਟੀਫਿਕੇਸ਼ਨ ਐਨ.ਪੀ.ਐਸ. ਕਰਮਚਾਰੀਆਂ ਨਾਲ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਜਾਰੀ ਨੋਟੀਫਿਕੇਸ਼ਨ ਦੀਆਂ ਅੱਜ ਜ਼ਿਲ੍ਹਾ ਭਰ ਵਿਚ ਸਕੂਲਾਂ ਅਤੇ ਦਫ਼ਤਰਾਂ ਵਿਚ ਮੁਲਾਜ਼ਮਾਂ ਵਲੋਂ ਕਾਪੀਆਂ ਸਾੜਦਿਆਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਦੀ ਜੋ ਐੱਸਓਪੀ ਜਾਰੀ ਕੀਤੀ ਹੈ, ਉਹ ਬਹੁਤ ਹੀ ਘਾਤਕ ਹੈ ਕਿਉਂਕਿ ਉਪਰੋਕਤ ਸਕੀਮ ਦੇ ਅਨੁਸਾਰ ਸਰਕਾਰ ਮੁਲਾਜ਼ਮਾਂ ਦਾ ਪੈਸਾ ਹੜੱਪ ਕੇ ਉਨ੍ਹਾਂ ਦੀ ਰਕਮ ’ਤੇ ਵਿਆਜ ਨੂੰ ਹੀ ਪੈਨਸ਼ਨ ਦੇ ਰੂਪ ਵਿੱਚ ਮੁੜ ਦੇਣਾ ਚਾਹੁੰਦੀ ਹੈ। ਇਸ ਸਕੀਮ ਨਾਲ ਮੁਲਾਜ਼ਮ ਨੂੰ ਸੇਵਾਮੁਕਤ ਤੋਂ ਬਾਅਦ ਖਾਲੀ ਹੱਥ ਘਰ ਨੂੰ ਤੋਰਨ ਦੀ ਸਕੀਮ ਹੈ, ਇਸ ਸਕੀਮ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਗੁਰਪ੍ਰੀਤ ਪਸ਼ੌਰੀਆ, ਹਰਜੀਤ ਗਲਵੱਟੀ ਨੇ ਦੱਸਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਤਾਂ ਕਰ ਦਿੱਤਾ ਹੈ ਪਰ ਅਜੇ ਤੱਕ ਪੰਜਾਬ ਸਰਕਾਰ ਨੇ ਇਸ ਨੋਟੀਫਿਕੇਸ਼ਨ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਿਮਾਚਲ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਇਸ ਮੌਕੇ ਕਰਨੈਲ ਮੂਨਕ, ਹੁਸ਼ਿਆਰ ਸਿੰਘ, ਜਤਿੰਦਰਪਾਲ ਸਿੰਘ, ਹਰੀਸ਼ ਕੁਮਾਰ, ਹੈਲਥ ਵਿਭਾਗ ਤੋਂ ਜਸਵੀਰ ਸਿੰਘ, ਸਤਵੀਰ ਸਿੰਘ, ਯਾਦਵਿੰਦਰਪਾਲ, ਮਨਪ੍ਰੀਤ ਟਿੱਬਾ, ਜਗਦੀਪ ਸਿੰਘ, ਪ੍ਰਿੰਸ ਸਿੰਗਲਾ, ਸੁਰੇਸ਼ ਕੁਮਾਰ, ਗੁਰਲਾਭ ਸਿੰਘ ਤੇ ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ।

ਲਹਿਰਾਗਾਗਾ (ਰਮੇਸ਼ ਭਾਰਦਵਾਜ): ਪਾਵਰਕੌਮ ਕਾਮਿਆਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਯੂਪੀਐੱਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਮੁਜ਼ਾਹਰਾ ਕੀਤਾ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਪਾਵਰਕੌਮ ਦਫ਼ਤਰ ਅੱਗੇ ਰੋਸ ਪ੍ਰਗਟਾਇਆ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖੋਰਾ ਕਲਾਂ ਵਿੱਚ ਕੇਂਦਰ ਸਰਕਾਰ ਵਲੋਂ ਜਾਰੀ ਏਕੀਕ੍ਰਿਤ ਪੈਨਸ਼ਨ ਯੋਜਨਾ (ਯੂਪੀਐੱਸ) ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਅਧਿਆਪਕ ਆਗੂਆਂ ਨੇ ਕਿਹਾ ਕਿ ਇਹ ਮੁਲਾਜ਼ਮਾਂ ਨਾਲ ਇੱਕ ਹੋਰ ਧੋਖਾ ਹੈ। ਇਸ ਮੌਕੇ ਹਰਭਗਵਾਨ ਗੁਰਨੇ, ਸਤਵੰਤ ਆਲਮਪੁਰ, ਸਤਪਾਲ ਚੋਟੀਆਂ ਤੇ ਬਲਦੀਪ ਸਿੰਘ ਆਦਿ ਹਾਜ਼ਰ ਸਨ।