ਐੱਨਐੱਸਯੂਆਈ ਵੱਲੋਂ ਭਾਜਪਾ ਦਫ਼ਤਰ ਅੱਗੇ ਪ੍ਰਦਰਸ਼ਨ
ਕੁਲਦੀਪ ਸਿੰਘ
ਚੰਡੀਗੜ੍ਹ, 21 ਅਗਸਤ
ਦੇਸ਼ ਭਰ ਵਿੱਚ ਜੇ.ਈ.ਈ. ਅਤੇ ਨੀਟ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਵਿਰੋਧ ਵਿੱਚ ਅੱਜ ਵਿਦਿਆਰਥੀ ਜਥੇਬੰਦੀ ਐੱਨਐੱਸਯੂਆਈ ਵੱਲੋਂ ਇਥੇ ਸੈਕਟਰ 37 ਸਥਿਤ ਭਾਜਪਾ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਕੇਂਦਰ ਵਿਚਲੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੌਕੇ ’ਤੇ ਪਹੁੰਚੀ ਚੰਡੀਗੜ੍ਹ ਪੁਲੀਸ ਨੇ ਚਾਰ ਦਰਜਨ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਗ਼ਿਫ਼ਤਾਰ ਕਰ ਲਿਆ। ਕਰੋਨਾ ਦੇ ਦੌਰ ਵਿੱਚ ਵਿਦਿਆਰਥੀਆਂ ਨੇ ਪੀ.ਪੀ.ਈ. ਕਿੱਟਾਂ ਪਹਿਨੀਆਂ ਹੋਈਆਂ ਸਨ।
ਜਥੇਬੰਦੀ ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੋਵਿਡ-18 ਦੇ ਦੌਰ ਵਿੱਚ ਜੇ.ਈ.ਈ. (ਮੇਨ) ਦੀ ਪ੍ਰੀਖਿਆ 1 ਤੋਂ 6 ਸਤੰਬਰ ਤੱਕ ਜਦਕਿ ਜੇ.ਈ.ਈ. (ਐਡਵਾਂਸਡ) ਦੀ ਪ੍ਰੀਖਿਆ 27 ਸਤੰਬਰ ਨੂੰ ਅਤੇ ਐਨ.ਈ.ਈ.ਟੀ. ਦੀ ਪ੍ਰੀਖਿਆ 13 ਸਤੰਬਰ ਨੂੰ ਨਿਰਧਾਰਿਤ ਕੀਤੀ ਗਈ ਹੈ। ਇਹ ਪ੍ਰੀਖਿਆਵਾਂ ਕਰਵਾ ਕੇ ਮੋਦੀ ਸਰਕਾਰ ਵਿਦਿਆਰਥੀਆਂ ਦੀ ਜਾਨ ਨਾਲ ਖੇਡ ਰਹੀ ਹੈ ਕਿਉਂਕਿ ਇਨ੍ਹਾਂ ਪ੍ਰੀਖਿਆਵਾਂ ਵਿੱਚ 27 ਲੱਖ ਤੋਂ ਵੀ ਜ਼ਿਆਦਾ ਵਿਦਿਆਰਥੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੁਪਰੀਮ ਕੋਰਟ ਨੇ ਇਸੇ ਹਫ਼ਤੇ ਰਾਸ਼ਟਰੀ ਪੱਧਰ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਸਬੰਧੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ਪਰ ਕੇਂਦਰ ਸਰਕਾਰ ਨੂੰ ਸੁਪਰੀਮ ਕੋਰਟ ਵਿੱਚ ਸਮੀਖਿਆ ਪਟੀਸ਼ਨ ਦਾਇਰ ਕਰਨੀ ਚਾਹੀਦੀ ਹੈ ਅਤੇ ਇਹ ਪ੍ਰੀਖਿਆਵਾਂ ਰੱਦ ਕਰਨੀਆਂ ਚਾਹੀਦੀਆਂ ਹਨ।
ਜਥੇਬੰਦੀ ਦੇ ਸ਼ੋਸਲ ਮੀਡੀਆ ਇੰਚਾਰਜ ਨਦੀਨ ਖਾਨ, ਜੀ.ਐਨ.ਡੀ.ਯੂ. ਵਿਦਿਆਰਥੀ ਦੀਪ ਸੰਧੂ, ਜਥੇਬੰਦੀ ਦੇ ਸੂਬਾ ਸਕੱਤਰ ਜੇ.ਪੀ., ਜਗਮੀਤ ਢਿੱਲੋਂ, ਹੈਪੀ ਲਾਲੀ ਅਤੇ ਲੁਧਿਆਣਾ ਤੋਂ ਪ੍ਰਧਾਨ ਅਵਿਤਾਸ਼ ਵਰਮਾ ਨੇ ਕਿਹਾ ਕਿ ਮੋਦੀ ਸਰਕਾਰ ਵਿਦਿਆਰਥੀਆਂ ਦੇ ਜੀਵਨ ਨਾਲ ਖੇਡਣਾ ਬੰਦ ਕਰੇ ਅਤੇ ਜੇ.ਈ.ਈ./ਨੀਟ ਪ੍ਰੀਖਿਆਵਾਂ ਤੁਰੰਤ ਪ੍ਰਭਾਵ ਨਾਲ ਮੁਲਤਵੀ ਕੀਤੀਆ ਜਾਣ।