ਨਿਰੋਗ ਜੀਵਨ ਲਈ ਪੌਸ਼ਟਿਕ ਖ਼ੁਰਾਕ ਤੇ ਕਸਰਤ ਜ਼ਰੂਰੀ: ਅਰੋੜਾ
ਹਤਿੰਦਰ ਮਹਿਤਾ
ਜਲੰਧਰ, 15 ਮਾਰਚ
ਵਿਧਾਇਕ ਰਮਨ ਅਰੋੜਾ ਨੇ ਸ਼ਨਿਚਰਵਾਰ ਨੂੰ ਫੂਡ ਅਤੇ ਡਰੱਗ ਐਡਮਿਨਿਸਟਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ‘ਈਟ ਰਾਈਟ’ ਮੇਲੇ ਦਾ ਉਦਘਾਟਨ ਕਰਦਿਆਂ ਸਿਹਤਮੰਦ ਜੀਵਨਸ਼ੈਲੀ ਅਤੇ ਰਵਾਇਤੀ ਖਾਣੇ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇੱਥੇ ਰੈਡ ਕਰਾਸ ਭਵਨ ਵਿੱਚ ਲਗਾਏ ਈਟ ਰਾਈਟ ਮੇਲੇ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਨੇ ਨਿਰੋਗ ਜੀਵਨ ਲਈ ਪੌਸ਼ਟਿਕ ਖ਼ੁਰਾਕ ਅਤੇ ਸਰੀਰਕ ਕਸਰਤ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਜੇ ਅਸੀਂ ਤੰਦਰੁਸਤ ਹੋਵਾਂਗੇ ਤਾਂ ਹੀ ਜੀਵਨ ਦੀਆਂ ਸੁੱਖ-ਸਹੂਲਤਾਂ ਦਾ ਆਨੰਦ ਮਾਣ ਸਕਦੇ ਹਾਂ।
ਨੌਜਵਾਨਾਂ ਨੂੰ ਰਵਾਇਤੀ ਖ਼ੁਰਾਕ ਨਾਲ ਜੁੜਨ ਦੀ ਅਪੀਲ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਆਪਣੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਨੌਜਵਾਨ ਪੀੜ੍ਹੀ ਨੂੰ ਜੰਕ ਫੂਡ ਨੂੰ ਛੱਡ ਕੇ ਰਵਾਇਤੀ ਭੋਜਨ ਨੂੰ ਆਪਣੇ ਖਾਣੇ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।
ਵਿਧਾਇਕ ਨੇ ਕਿਹਾ ਕਿ ਸੂਬੇ ਨੂੰ ‘ਰੰਗਲਾ ਅਤੇ ਸਿਹਤਮੰਦ ਪੰਜਾਬ’ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਰਾਜ ਭਰ ਵਿੱਚ ਅਜਿਹੀਆਂ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।