ਮਿੱਡ-ਡੇਅ ਮੀਲ ਸੁਸਾਇਟੀ ਵੱਲੋਂ ਜਾਰੀ ਪੱਤਰ ਦਾ ਵਿਰੋਧ
ਖੇਤਰੀ ਪ੍ਰਤੀਨਿਧ
ਲੁਧਿਆਣਾ, 19 ਅਗਸਤ
ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਨੇ ਪੰਜਾਬ ਸਟੇਟ ਮਿੱਡ-ਡੇਅ ਮੀਲ ਸੁਸਾਇਟੀ ਵੱਲੋਂ ਜਾਰੀ ਪੱਤਰ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਪੱਤਰ ਦੀ ਅਧਿਆਪਕ ਵਰਗ ਦੀ ਸ਼ਾਖ ਨੂੰ ਖੋਰਾ ਲਾਉਣ ਵਾਲੀ ਭਾਸ਼ਾ ’ਤੇ ਇਤਰਾਜ਼ ਜ਼ਾਹਿਰ ਕੀਤਾ। ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ, ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਰਮਨਜੀਤ ਸਿੰਘ ਸੰਧੂ ਅਤੇ ਜਨਰਲ ਸਕੱਤਰ ਰੁਪਿੰਦਰ ਪਾਲ ਸਿੰਘ ਗਿੱਲ ਨੇ ਕਿਹਾ ਕਿ ਮਿੱਡ-ਡੇਅ ਮੀਲ ਸੁਸਾਇਟੀ ਵੱਲੋਂ ਜਾਰੀ ਪੱਤਰ ਰਾਹੀਂ ਇੱਕ ਆਨਲਾਈਨ ਸ਼ਿਕਾਇਤ ਦਾ ਹਵਾਲਾ ਦਿੰਦਿਆਂ ਸਾਰੇ ਅਧਿਆਪਕਾਂ ਨੂੰ ਹੀ ਬੇਈਮਾਨ ਕਰਾਰ ਦਿੱਤਾ ਗਿਆ ਹੈ ਜੋ ਕਿ ਕਿਸੇ ਕੀਮਤ ’ਤੇ ਬਰਦਾਸ਼ਤ ਯੋਗ ਨਹੀਂ ਹੈ। ਅਸਲ ਵਿੱਚ ਅਜਿਹਾ ਕਰ ਕੇ ਵਿਭਾਗ ਅਧਿਆਪਕ ਦੀ ਸ਼ਾਖ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦਾ ਹੈ। ਡੀਟੀਐੱਫ ਦੇ ਮੀਤ ਪ੍ਰਧਾਨਾ ਰਾਜੀਵ, ਜਗਪਾਲ ਬੰਗੀ, ਗੁਰਪਿਆਰ ਕੋਟਲੀ, ਬੇਅੰਤ ਫੂਲੇਵਾਲਾ, ਹਰਜਿੰਦਰ ਵਡਾਲਾ ਬਾਂਗਰ ਅਤੇ ਰਘਵੀਰ ਨੇ ਅਧਿਆਪਕਾਂ ’ਤੇ ਲਾਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਪੀਐੱਮ ਪੋਸ਼ਣ ਸਕੀਮ ਸਬੰਧੀ ਆਨਲਾਈਨ ਪੋਰਟਲ ’ਤੇ ਅਧਿਆਪਕਾਂ ਦੀ ਕੀਤੀ ਸ਼ਿਕਾਇਤ ਬੇਬੁਨਿਆਦ ਹੈ ਤੇ ਸ਼ਿਕਾਇਤਕਰਤਾ ਵੱਲੋਂ ਆਪਣੇ ਹੱਕ ਵਿੱਚ ਕੋਈ ਸਬੂਤ ਨਹੀਂ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਦਾ ਕੰਮ ਪੜ੍ਹਾਉਣਾ ਹੈ ਨਾ ਕਿ ਵਿਦਿਆਰਥੀਆਂ ਨੂੰ ਮਿੱਡ-ਡੇਅ ਮੀਲ ਉਪਲਬਧ ਕਰਾਉਣਾ।