ਦਫ਼ਤਰੀ ਕਾਮਿਆਂ ਤੇ ਅਧਿਆਪਕਾਂ ਵੱਲੋਂ ਸਿੱਖਿਆ ਭਵਨ ਦਾ ਘਿਰਾਓ ਕਰਨ ਦਾ ਐਲਾਨ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 31 ਦਸੰਬਰ
ਸਰਵ ਸਿੱਖਿਆ ਅਭਿਆਨ ਮਿਡ-ਡੇਅ-ਮੀਲ ਦੇ ਦਫ਼ਤਰੀ ਕਾਮਿਆਂ ਅਤੇ ਵਿਸ਼ੇਸ਼ ਅਧਿਆਪਕਾਂ ਵੱਲੋਂ ਨਵੇਂ ਸਾਲ ਦੀ ਆਮਦ ’ਤੇ ਪਹਿਲੇ ਹੀ ਹਫ਼ਤੇ ਸੰਘਰਸ਼ ਨੂੰ ਤੇਜ਼ ਕਰਦਿਆਂ ਸਿੱਖਿਆ ਭਵਨ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ। ਉਧਰ, ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨਾ ਅੱਜ 35ਵੇਂ ਦਿਨ ਅਤੇ ਕਲਮਛੋੜ ਹੜਤਾਲ 28ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਸਰਵ ਸਿੱਖਿਆ ਅਭਿਆਨ ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਅਤੇ ਵਿਸ਼ੇਸ਼ ਅਧਿਆਪਕ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਜਗਮੋਹਨ ਸਿੰਘ ਅਤੇ ਗੁਰਮੀਤ ਸਿੰਘ ਨੇ ਕਿਹਾ ਕਿ ਸਰਕਾਰ ਅਤੇ ਅਫ਼ਸਰਸ਼ਾਹੀ ਦਫ਼ਤਰੀ ਮੁਲਾਜ਼ਮਾਂ ਅਤੇ ਵਿਸ਼ੇਸ਼ ਅਧਿਆਪਕਾਂ ਦੀਆਂ ਹੱਕਾਂ ਮੰਗਾਂ ਮੰਨਣ ਲਈ ਸੁਹਿਰਦ ਨਹੀਂ ਹੈ। ਸਰਕਾਰ ਦੀ ਢਿੱਲ-ਮੱਠ ਖ਼ਿਲਾਫ਼ 2 ਜਨਵਰੀ ਨੂੰ ਸਿੱਖਿਆ ਭਵਨ ਦਾ ਘਿਰਾਓ ਕੀਤਾ ਜਾਵੇਗਾ ਅਤੇ 3 ਨੂੰ ਮੁੱਖ ਗੇਟ ਬੰਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਫ਼ੈਸਲੇ ਤੋਂ ਬਾਅਦ ਕੈਬਨਿਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖ਼ਾਹ ਕਟੌਤੀ ਫ਼ੈਸਲੇ ਲੈ ਕੇ 4 ਵਾਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਜਾ ਚੁੱਕੇ ਹਨ ਪਰ ਵਿੱਤ ਵਿਭਾਗ ਦੇ ਅਧਿਕਾਰੀ ਜਾਣਬੁੱਝ ਕੇ ਮਸਲੇ ਨੂੰ ਉਲਝਾ ਰਹੇ ਹਨ।