For the best experience, open
https://m.punjabitribuneonline.com
on your mobile browser.
Advertisement

ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਮੁੰਡੀਆਂ

06:54 AM Oct 25, 2024 IST
ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ  ਮੁੰਡੀਆਂ
ਪ੍ਰਾਜੈਕਟਾਂ ਦੀ ਸਮੀਖਿਆ ਕਰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 24 ਅਕਤੂਬਰ
ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੁੱਡਾ ਭਵਨ ਵਿੱਚ ਪੁੱਡਾ ਅਤੇ ਗਮਾਡਾ ਦੇ ਇੰਜਨੀਅਰਿੰਗ ਵਿੰਗ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗੀ ਕੰਮਾਂ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਅਤੇ ਵਧੀਆ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਲਿਹਾਜ਼ਾ, ਡਿਊਟੀ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਅਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸ੍ਰੀ ਮੁੰਡੀਆਂ ਨੇ ਕਿਹਾ ਕਿ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਹਾਊਸਿੰਗ ਪ੍ਰਾਜੈਕਟਾਂ ਦੇ ਬਸ਼ਿੰਦਿਆਂ ਨੂੰ ਲੋੜੀਂਦੀਆਂ ਬੁਨਿਆਦੀ ਸੁਵਿਧਾਵਾਂ ਦਿੱਤੀਆਂ ਜਾ ਸਕਣ, ਕਿਉਂਕਿ ਆਮ ਲੋਕਾਂ ਦੀ ਸੇਵਾ ਹੀ ਸਰਕਾਰ ਦਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਉਹ ਹਰੇਕ ਹਫ਼ਤੇ ਸਮੀਖਿਆ ਕਰਨਗੇ ਅਤੇ ਆਉਣ ਵਾਲੇ ਸਮੇਂ ਵਿੱਚ ਉਹ ਪ੍ਰਾਜੈਕਟਾਂ ਦੀ ਜ਼ਮੀਨੀ ਸਥਿਤੀ ਜਾਣਨ ਲਈ ਸਾਈਟਾਂ ਦਾ ਅਚਨਚੇਤ ਦੌਰਾ ਵੀ ਕਰਨਗੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਡਿਊਟੀ ਦੌਰਾਨ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਪ੍ਰਾਜੈਕਟਾਂ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਜੇਕਰ ਕਿਸੇ ਅਧਿਕਾਰੀ ਵੱਲੋਂ ਇਸ ਗੱਲ ’ਤੇ ਧਿਆਨ ਨਾ ਦਿੱਤਾ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਵਿੱਚ ਪੁੱਡਾ ਦੇ ਮੁੱਖ ਪ੍ਰਸ਼ਾਸਕ ਨੀਰੂ ਕਤਿਆਲ ਗੁਪਤਾ, ਗਮਾਡਾ ਦੇ ਏਸੀਏ ਅਮਰਿੰਦਰ ਸਿੰਘ ਟਿਵਾਣਾ, ਇੰਜਨੀਅਰ-ਇਨ-ਚੀਫ਼ ਰਾਜੀਵ ਮੌਦਗਿੱਲ ਅਤੇ ਇੰਜਨੀਅਰਿੰਗ ਵਿੰਗ ਦੇ ਹੋਰ ਅਧਿਕਾਰੀ ਮੌਜੂਦ ਸਨ। ਵੱਖ-ਵੱਖ ਮੰਡਲ ਇੰਜਨੀਅਰਾਂ ਨੇ ਆਪਣੇ ਅਧੀਨ ਆਉਂਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਰਿਪੋਰਟ ਪੇਸ਼ ਕੀਤੀ।

Advertisement

Advertisement
Advertisement
Author Image

sanam grng

View all posts

Advertisement