ਪਰਾਲੀ ਸਾੜਨ ਖ਼ਿਲਾਫ਼ ਅਧਿਕਾਰੀ ਤੇ ਕਰਮਚਾਰੀ ਪੱਬਾਂ ਭਾਰ
ਬੀਰਬਲ ਰਿਸ਼ੀ
ਧੂਰੀ, 13 ਨਵੰਬਰ
ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਯੋਗ ਅਗਵਾਈ ’ਚ ਧੂਰੀ ਸਬ-ਡਿਵੀਜ਼ਨ ਵਿੱਚ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਝੋਨੇ ਦੀ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਦੀ ਜਾਣਕਾਰੀ ਹਰ ਕਿਸਾਨ ਤੱਕ ਪਹੁੰਚਾਉਣ ਲਈ ਨਿਯਮਤ ਤੌਰ ’ਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਟੀਮਾਂ ਬਣਾ ਕੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਅਤੇ ਇਸ ਦੇ ਬੁਰੇ ਪ੍ਰਭਾਵਾਂ ਤੇ ਹੋਰ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਐੱਸਡੀਐੱਮ ਧੂਰੀ ਵਿਕਾਸ ਹੀਰਾ ਨੇ ਦੱਸਿਆ ਕਿ ਸਬ-ਡਵੀਜਨ ਦੇ ਸਾਰੇ ਪਿੰਡਾਂ ਵਿੱਚ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਵੱਲੋਂ ਕੈਂਪ ਲਗਾ ਕੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਦਾ ਬਹੁਤ ਵੱਡੇ ਪੱਧਰ ’ਤੇ ਨੁਕਸਾਨ ਹੁੰਦਾ ਹੈ।