ਅਧਿਕਾਰੀਆਂ ਤੇ ਸਿਆਸੀ ਆਗੂਆਂ ਵੱਲੋਂ ਮੰਡੀਆਂ ’ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
ਗੁਰਦੀਪ ਸਿੰਘ ਲਾਲੀ
ਸੰਗਰੂਰ, 1 ਅਪਰੈਲ
ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਸਰਕਾਰੀ ਖ਼ਰੀਦ ਲਈ ਮਾਰਕੀਟ ਕਮੇਟੀ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਣੇ ਹੋਰ ਵਰਗਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਖ਼ਰੀਦੀ ਗਈ ਫ਼ਸਲ ਦੀ ਤੁਰੰਤ ਅਦਾਇਗੀ ਲਈ ਵਚਨਬੱਧ ਹੈ, ਜਿਸ ਲਈ ਸੀਸੀਐੱਲ ਪਹਿਲਾਂ ਹੀ ਨਵਿਆਈ ਜਾ ਚੁੱਕੀ ਹੈ।
ਵਿਧਾਇਕਾ ਭਰਾਜ ਨੇ ਕਿਹਾ ਕਿ ਹਾਲੇ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਨਹੀਂ ਹੋਈ ਪਰ ਫਿਰ ਵੀ ਉਹ ਰੋਜ਼ਾਨਾ ਦੇ ਆਧਾਰ ’ਤੇ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਖੁਦ ਜਾਇਜ਼ਾ ਲੈ ਰਹੇ ਹਨ ਅਤੇ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਹਦਾਇਤਾਂ ਦੇ ਰਹੇ ਹਨ। ਵਿਧਾਇਕਾ ਨੇ ਮੰਡੀ ਅਧਿਕਾਰੀਆਂ ਨੂੰ ਸਾਫ਼ ਸਫਾਈ, ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ, ਬੈਠਣ ਵਿਵਸਥਾ ਦਾ ਨਿਰੰਤਰ ਧਿਆਨ ਰੱਖਣ ਅਤੇ ਜੇ ਕਿਸੇ ਵਰਗ ਨੂੰ ਕੋਈ ਦਿੱਕਤ ਆ ਰਹੀ ਹੋਵੇ ਤਾਂ ਉਸ ਦਾ ਯੋਗ ਹੱਲ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਸਬੰਧਤ ਉਪ ਮੰਡਲ ਮੈਜਿਸਟਰੇਟ ਨੂੰ ਸਮੇਂ ਸਮੇਂ ’ਤੇ ਅਨਾਜ ਮੰਡੀਆਂ ਦੀ ਅਚਨਚੇਤ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਹਾਜ਼ਰ ਸਨ।
ਪਟਿਆਲਾ (ਸਰਬਜੀਤ ਸਿੰਘ ਭੰਗੂ): ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਣਕ ਦੇ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ’ਚ ਵੇਚਣ ਲਈ ਲਿਆਂਦੀ ਜਾ ਰਹੀ ਆਪਣੀ ਫ਼ਸਲ ਦੀ ਸੁਚੱਜੀ, ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾ ਐੱਸਡੀਐੱਮਜ਼, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਕੀਤੀ ਮੀਟਿੰਗ ’ਚ ਕਣਕ ਦੀ ਖਰੀਦ, ਅਦਾਇਗੀ ਤੇ ਲਿਫਟਿੰਗ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਖਰੀਦ ਏਜੰਸੀਆਂ ਐੱਫਸੀਆਈ, ਪਨਗ੍ਰੇਨ, ਮਾਰਕਫੈੱਡ, ਪਨਸਪ ਤੇ ਵੇਅਰਹਾਊਸ ਨੂੰ ਹਦਾਇਤ ਕੀਤੀ ਕਿ ਖਰੀਦੀ ਜਿਣਸ ਦੀ ਅਦਾਇਗੀ ਨਾਲੋ-ਨਾਲ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਸਾਰੇ ਐੱਸਡੀਐੱਮਜ਼ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਮੰਡੀਆਂ ਦਾ ਦੌਰਾ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਬਾਰਦਾਨਾ, ਮਜ਼ਦੂਰਾਂ ਤੇ ਲਿਫਟਿੰਗ ਲਈ ਸਾਧਨਾਂ ਦੀ ਉਪਲਬਧਤਾ ਸਮੇਤ ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇੇਤ ਹੋਰ ਬੁਨਿਆਦੀ ਲੋੜਾਂ ਬਾਰੇ ਵੀ ਸਮੀਖਿਆ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਣਕ ਦੀ ਫ਼ਸਲ ਵੱਢ ਕੇ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ।
ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ : ਐੱਸਡੀਐੱਮ
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਦੂਧਨਸਾਧਾਂ ਦੇ ਐੱਸਡੀਐੱਮ ਕਿਰਪਾਲਵੀਰ ਸਿੰਘ ਨੇ ਇਥੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਭੁੱਨਰਹੇੜੀ, ਦੇਵੀਗੜ੍ਹ ਅਤੇ ਦੂਧਨ ਸਾਧਾਂ ਮੰਡੀਆਂ ਵਿੱਚ ਲਾਈਟਾਂ, ਪੀਣ ਵਾਲੇ ਪਾਣੀ, ਫੜਾਂ ਦੀ ਸਾਫ-ਸਫ਼ਾਈ, ਕਿਸਾਨਾਂ ਲਈ ਛਾਂ ਆਦਿ ਪ੍ਰਬੰਧਾਂ ਦੀ ਚੈਕਿੰਗ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਖਰੀਦ ਦੇ ਸਾਰੇ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ, ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਹੀ ਲਿਆਉਣ ਲਈ ਅਪੀਲ ਕੀਤੀ।