For the best experience, open
https://m.punjabitribuneonline.com
on your mobile browser.
Advertisement

ਪਰਾਲੀ ਸਾੜਨ ਖ਼ਿਲਾਫ਼ ਖੇਤਾਂ ’ਚ ਡਟੇ ਅਧਿਕਾਰੀ

11:25 AM Nov 11, 2024 IST
ਪਰਾਲੀ ਸਾੜਨ ਖ਼ਿਲਾਫ਼ ਖੇਤਾਂ ’ਚ ਡਟੇ ਅਧਿਕਾਰੀ
ਭਵਾਨੀਗੜ੍ਹ ਦੇ ਪਿੰਡਾਂ ਵਿੱਚ ਪਰਾਲੀ ਨੂੰ ਲਾਈ ਅੱਗ ਬੁਝਾਉਂਦੇ ਹੋਏ ਅਧਿਕਾਰੀ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 10 ਨਵੰਬਰ
ਸੰਗਰੂਰ ਉਪ ਮੰਡਲ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਸਿਵਲ ਪ੍ਰਸ਼ਾਸਨ ਅਤੇ ਪੁਲੀਸ ਦੀਆਂ ਟੀਮਾਂ ਉਪ ਮੰਡਲ ਮੈਜਿਸਟ੍ਰੇਟ ਚਰਨਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਸਰਗਰਮ ਨਜ਼ਰ ਆਈਆਂ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ ਅਤੇ ਫਸਲਾਂ ਦੀ ਰਹਿੰਦ-ਖੂਹੰਦ ਮਿੱਟੀ ਵਿੱਚ ਹੀ ਰਲਾ ਕੇ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਪ ਮੰਡਲ ਮੈਜਿਸਟ੍ਰੇਟ ਚਰਨਜੋਤ ਸਿੰਘ ਵਾਲੀਆ ਵਲੋਂ ਪਿੰਡ ਭਿੰਡਰਾਂ, ਘਾਬਦਾਂ, ਉਪਲੀ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਜਾਗਰੂਕਤਾ ਅਭਿਆਨ ਪਿਛਲੇ ਕਈ ਹਫਤਿਆਂ ਤੋਂ ਲਗਾਤਾਰ ਚੱਲ ਰਿਹਾ ਹੈ ਅਤੇ ਫਲਾਇੰਗ ਸਕੂਐਡ ਜਿੱਥੇ ਨਾੜ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ ਤੇ ਫੌਰੀ ਅੱਗ ਨੂੰ ਬੁਝਾਉਣ ਦੀ ਕਾਰਵਾਈ ਅਮਲ ਵਿੱਚ ਲਿਆ ਰਹੇ ਹਨ, ਉਥੇ ਹੀ ਜਾਗਰੂਕਤਾ ਗਤੀਵਿਧੀਆਂ ਵੀ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੰਗਰੂਰ ਸ਼ਹਿਰ ਦੇ ਨੇੜੇ ਵਸਦੇ ਪਿੰਡਾਂ ਦੇ ਖੇਤਾਂ ਵਿੱਚ ਜਾਣ ਦੇ ਨਾਲ ਨਾਲ ਵੱਖ-ਵੱਖ ਵਿਚ ਵੀ ਉਨ੍ਹਾਂ ਨੇ ਦੌਰਾ ਕੀਤਾ ਅਤੇ ਭਰਵੀਆਂ ਇਕੱਤਰਤਾਵਾਂ ਦੌਰਾਨ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਸੰਭਾਲਣ ਲਈ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਆ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਇਥੇ ਐੱਸਡੀਐੱਮ ਭਵਾਨੀਗੜ੍ਹ ਰਵਿੰਦਰ ਬਾਂਸਲ ਅਤੇ ਡੀਐੱਸਪੀ ਰਾਹੁਲ ਕੌਸ਼ਲ ਵੱਲੋਂ ਆਪਣੀ ਟੀਮ ਸਮੇਤ ਅੱਜ ਬਲਾਕ ਦੇ ਪਿੰਡ ਮੱਟਰਾਂ, ਬਲਿਆਲ ਅਤੇ ਰਾਮਪੁਰਾ ਦੇ ਖੇਤਾਂ ਵਿੱਚ ਪਰਾਲੀ ਨੂੰ ਲੱਗੀ ਹੋਈ ਅੱਗ ਬੁਝਾਈ ਗਈ। ਇਸ ਮੌਕੇ ਪਿੰਡ ਵਾਸੀਆਂ ਨਾਲ ਨਾਲ ਕਰਦਿਆਂ ਐੱਸਡੀਐੱਮ ਰਵਿੰਦਰ ਬਾਂਸਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਿਸਾਨਾਂ ਨੂੰ ਲਗਾਤਾਰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉੁਹ ­ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਸਬਸਿਡੀ ’ਤੇ ਦਿੱਤੀ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।
ਲਹਿਰਾਗਾਗਾ(ਰਮੇਸ਼ ਭਾਰਦਵਾਜ): ਇਥੇ ਐੱਸਡੀਐੱਮ ਸੂਬਾ ਸਿੰਘ ਖੁਦ ਪਿੰਡਾਂ ਅਤੇ ਖੇਤਾਂ ਵਿੱਚ ਪਹੁੰਚ ਕੇ ਪ੍ਰਸ਼ਾਸਨਿਕ ਅਤੇ ਪੁਲੀਸ ਟੀਮਾਂ ਦੀ ਅਗਵਾਈ ਕਰ ਰਹੇ ਹਨ। ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਮੌਕੇ ਐੱਸਡੀਐੱਮ ਸੂਬਾ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਨੂੰ ਹੋ ਰਹੇ ਨੁਕਸਾਨ ਕਾਰਨ ਸਾਨੂੰ ਸਭ ਨੂੰ ਭਵਿੱਖ ਵਿੱਚ ਖਤਰਨਾਕ ਨਤੀਜੇ ਭੁਗਤਣੇ ਪੈਣਗੇ।

Advertisement

ਠੇਕੇ ’ਤੇ ਦਿੱਤੀ ਜ਼ਮੀਨ ’ਚ ਪਰਾਲੀ ਸਾੜਨ ’ਤੇ ਮਾਲਕ ਕਿਸਾਨ ’ਤੇ ਹੋਵੇਗੀ ਕਾਰਵਾਈ: ਐੱਸਡੀਐੱਮ

ਧੂਰੀ (ਬੀਰਬਲ ਰਿਸ਼ੀ): ਸਬ-ਡਿਵੀਜ਼ਨ ਧੂਰੀ ਦੇ ਐੱਸਡੀਐੱਮ ਵਿਕਾਸ ਹੀਰਾ ਦੀ ਅਗਵਾਈ ਹੇਠ ਅੱਜ ਸਾਰਾ ਦਿਨ ਸਮੂਹ ਕਲਸਟਰ ਤੇ ਨੋਡਲ ਅਫਸਰ, ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ, ਖੇਤੀਬਾੜੀ ਵਿਭਾਗ ਤੇ ਪੁਲੀਸ ਦੀਆਂ ਸਾਂਝੀਆਂ ਟੀਮਾਂ ਨੇ ਪਿੰਡ-ਪਿੰਡ ਵਿੱਚ ਕਿਸਾਨਾਂ ਨਾਲ ਰਾਬਤਾ ਕਰਦੇ ਹੋਏ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੋਨੀਟਰਿੰਗ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਅਤੇ ਪਾਲਣਾ ਕਰਨ ਦੀ ਹਦਾਇਤ ਕੀਤੀ। ਐੱਸਡੀਐੱਮ ਵਿਕਾਸ ਹੀਰਾ ਨੇ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜੇ ਕਿਸੇ ਵਿਅਕਤੀ ਵੱਲੋਂ ਠੇਕੇ ਉੱਤੇ ਜ਼ਮੀਨ ਦਿੱਤੀ ਗਈ ਹੈ ਅਤੇ ਠੇਕੇ ਵਾਲੀ ਜ਼ਮੀਨ ਉੱਤੇ ਪਰਾਲੀ ਸਾੜਨ ਜਿਹੀ ਕੋਈ ਮਾੜੀ ਘਟਨਾ ਨੂੰ ਅੰਜਾਮ ਦਿੱਤਾ ਜਾਂਦਾ ਹੈ ਤਾਂ ਸਬੰਧਤ ਜ਼ਮੀਨ ਦੇ ਮਾਲਕ ਵਿਰੁੱਧ ਹੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਉਸਦੇ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ ਦਰਜ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ ਅਤੇ ਮਨੁੱਖਤਾ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਅਤੇ ਪਰਾਲੀ ਨੂੰ ਸਾੜਨ ਦੀ ਥਾਂ ਤੇ ਖੇਤਾਂ ਵਿੱਚ ਹੀ ਰਲਾਉਣ ਲਈ ਪ੍ਰੇਰਿਤ ਕੀਤਾ ਗਿਆ।

Advertisement

Advertisement
Author Image

sukhwinder singh

View all posts

Advertisement