ਪਿੰਡਾਂ ਵਿੱਚ ਅਧਿਕਾਰੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਜੁਲਾਈ
‘ਪੰਜਾਬ ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਸੰਗਰੂਰ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਘਾਬਦਾਂ ਵਿੱਚ ਇਲਾਕੇ ਦੇ ਲੋਕਾਂ ਦੇ ਰੋਜ਼ਾਨਾਂ ਦੇ ਕੰਮਾਂ ਅਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਘਾਬਦਾਂ ਤੇ ਗੁਰਦਾਸਪੁਰਾ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਪਿੰਡਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪੁੱਜ ਕੇ ਵੱਖ-ਵੱਖ ਅਧਿਕਾਰੀਆਂ ਕੋਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੰਮ ਕਰਵਾਏ। ਇਸ ਮੌਕੇ ਮਗਨਰੇਗਾ ਵਰਕਰਾਂ ਨੂੰ ਮੌਕੇ ’ਤੇ ਹੀ ਜੌਬ ਕਾਰਡ ਬਣਾ ਕੇ ਦਿੱਤੇ ਗਏ।
ਕੈਂਪ ਦਾ ਜਾਇਜ਼ਾ ਲੈਣ ਪੁੱਜੇ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਲਾਏ ਜਾ ਰਹੇ ਸੁਵਿਧਾ ਕੈਂਪਾਂ ਦਾ ਇਲਾਕੇ ਦੇ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਲੋਕਾਂ ਦੀਆਂ ਸਮੱਸਿਆਵਾਂ ਜਲਦ ਹੱਲ ਕਰਨ ਲਈ ਸੰਗਰੂਰ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਕੈਂਪ ਵਿੱਚ ਮੌਜੂਦ ਲਗਪਗ 14 ਤੋਂ ਵਧੇਰੇ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੀਆਂ ਅਰਜ਼ੀਆਂ ਹਾਸਲ ਕੀਤੀਆਂ ਅਤੇ ਕੁਝ ਵਿੱਚ ਮੌਕੇ ’ਤੇ ਵੀ ਕਾਰਵਾਈ ਕੀਤੀ ਗਈ। ਇਸ ਤੋਂ ਇਲਾਵਾ ਐੱਸਡੀਐੱਮ ਸੰਗਰੂਰ ਵੱਲੋਂ ਘਾਬਦਾਂ ਵਿੱਚ ਬਣੇ ਮੈਰੀਟੋਰੀਅਸ ਸਕੂਲ ਅਤੇ ਮੁੜ ਵਸੇਬਾ ਕੇਂਦਰ ਦਾ ਵੀ ਦੌਰਾ ਕਰਕੇ ਇੱਥੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਰਕਾਰੀ ਸਹੂਲਤਾਂ ਦਾ ਵੀ ਜਾਇਜ਼ਾ ਲਿਆ ਗਿਆ।
ਦਿੜ੍ਹਬਾ ਮੰਡੀ (ਪੱਤਰ ਪ੍ਰੇਰਕ): ਪਿੰਡ ਢੰਡੋਲੀਕਲਾਂ ਵਿੱਚ ਸੁਵਿਧਾ ਕੈਂਪ ਲਾਇਆ ਗਿਆ। ਕੈਂਪ ਦਾ ਜਾਇਜ਼ਾ ਲੈਣ ਪੁੱਜੇ ਦਿੜ੍ਹਬਾ ਦੇ ਐੱਸਡੀਐੱਮ ਰਾਜੇਸ਼ ਸ਼ਰਮਾ ਨੇ ਕੁਝ ਬਿਨੈਕਾਰਾਂ ਨੂੰ ਇਨਕਮ ਸਰਟੀਫਿਕੇਟ ਤੇ ਜਾਤੀ ਸਰਟੀਫਿਕੇਟ ਮੌਕੇ ’ਤੇ ਹੀ ਪ੍ਰਦਾਨ ਕੀਤੇ।