ਅਧਿਕਾਰੀਆਂ ਨੇ ਨਥਾਣਾ ਮੰਡੀ ਪੁੱਜ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ
ਭਗਵਾਨ ਦਾਸ ਗਰਗ
ਨਥਾਣਾ, 6 ਨਵੰਬਰ
ਝੋਨੇ ਦੀ ਖਰੀਦ ਅਤੇ ਢੋਆ-ਢੁਆਈ ਦੇ ਪ੍ਰਬੰਧਾਂ ’ਚ ਸੁਧਾਰ ਲਿਆਉਣ ਲਈ ਖਰੀਦ ਏਜੰਸੀਆਂ ਦੇ ਉੱਚ ਅਧਿਕਾਰੀਆਂ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਸਬੰਧਤ ਵਿਭਾਗਾਂ ਦੇ ਅਫ਼ਸਰਾਂ ਅਤੇ ਪੁਲੀਸ ਦੇ ਜ਼ਿਲ੍ਹਾ ਅਧਿਕਾਰੀਆਂ ਨੇ ਨਥਾਣਾ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਕਿਸਾਨਾਂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਬੀਤੇ ਕਈ ਦਿਨਾਂ ਤੋਂ ਪਨਸਪ ਅਤੇ ਮਾਰਕਫੈੱਡ ਵੱਲੋਂ ਝੋਨੇ ਦੀ ਖਰੀਦ ਨਹੀਂ ਕੀਤੀ ਜਾ ਰਹੀ। ਇਸ ਦੌਰਾਨ ਖਰੀਦੀ ਹੋਈ ਜਿਣਸ ਨੂੰ ਸ਼ੈਲਰਾਂ ਵਿੱਚ ਉਤਾਰਨ ਦੀ ਸਮੱਸਿਆ ਬਾਰੇ ਵੀ ਜਾਣੂ ਕਰਵਾਇਆ ਗਿਆ।
ਪਨਸਪ ਦੀ ਮੈਨੇਜਿੰਗ ਡਾਇਰੈਕਟਰ ਸੋਨਾਲੀ ਗਿਰੀ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿਵਾਇਆ ਕਿ ਮੰਡੀਆਂ ਵਿੱਚ ਪੁੱਜੀ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ ਹੋਣ ਨਾਲ ਅਗਲੇ ਇੱਕ ਹਫ਼ਤੇ ਤੱਕ ਕਾਫ਼ੀ ਰਾਹਤ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਮੰਡੀਆਂ ਵਿੱਚੋਂ 80 ਫੀਸਦੀ ਫ਼ਸਲ ਖਰੀਦੀ ਜਾ ਚੁੱਕੀ ਹੈ ਜਿਸ ਵਿੱਚੋ ਅੱਧੀ ਫ਼ਸਲ ਦੀ ਲਿਫਟਿੰਗ ਹੋ ਚੁੱਕੀ ਹੈ। ਇਨ੍ਹਾਂ ਅਧਿਕਾਰੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਆਉਂਦੇ ਦਿਨਾਂ ਵਿੱਚ ਖਰੀਦ ਅਤੇ ਢੋਆ ਢੁਆਈ ਦੀ ਕੋਈ ਵੀ ਸਮੱਸਿਆ ਨਹੀਂ ਰਹਿਣ ਦਿੱਤੀ ਜਾਵੇਗੀ। ਇੱਕ ਸਵਾਲ ਦੇ ਜਵਾਬ ’ਚ ਐੱਮਡੀ ਸੋਨਾਲੀ ਗਿਰੀ ਨੇ ਦੱਸਿਆ ਕਿ 31 ਅਕਤੂਬਰ ਤੋ ਬਾਅਦ ਕੇਂਦਰ ਸਰਕਾਰ ਵੱਲੋ ਲਿਮਟ ਰਿਨੀਊ ਕੀਤੀ ਜਾਣੀ ਸੀ ਜੋ ਦੀਵਾਲੀ ਦੇ ਤਿਉਹਾਰ ਕਾਰਨ ਲੇਟ ਹੋ ਗਈ ਹੈ ਅਤੇ ਇਸੇ ਕਰਕੇ ਕਿਸਾਨਾਂ ਨੂੰ ਅਦਾਇਗੀ ਹੋਣ ’ਚ ਦੇਰੀ ਹੋ ਰਹੀ ਹੈ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਭਾਵੇਂ ਇਸ ਸਾਲ ਖੇਤਾਂ ’ਚ ਪਰਾਲੀ ਨੂੰ ਅੱਗ ਲਾਉਣ ਦੇ ਇੱਕ ਚੌਥਾਈ ਕੇਸ ਹੀ ਸਾਹਮਣੇ ਆਏ ਹਨ ਪਰ ਫਿਰ ਵੀ ਵਾਤਾਵਰਨ ਦੀ ਸੰਭਾਲ ਲਈ ਕਿਸਾਨਾਂ ਨੂੰ ਹੋਰ ਸੁਚੇਤ ਹੋਣ ਦੀ ਲੋੜ ਹੈ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਗੌਰਵ ਗਰਗ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਏਐੱਫਐੱਸਓ ਹਰਸ਼ਤ ਮਹਿਤਾ, ਜ਼ਿਲ੍ਹਾ ਪੁਲੀਸ ਮੁਖੀ ਅਮਨੀਤ ਕੌਂਡਲ ਅਤੇ ਸਕੱਤਰ ਬਿਕਰਮਜੀਤ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਇਸੇ ਦੌਰਾਨ ਐਡੀਸ਼ਨਲ ਡਿਪਟੀ ਕਮਿਸ਼ਨਰ ਪੂਨਮ ਸਿੰਘ ਅਤੇ ਐੱਸਡੀਐੱਮ ਬਲਕਰਨ ਸਿੰਘ ਨੇ ਨਥਾਣਾ ਮੰਡੀ ਤੋਂ ਇਲਾਵਾ ਭੈਣੀ ਦੇ ਖਰੀਦ ਕੇਦਰ ਦਾ ਵੀ ਦੌਰਾ ਕੀਤਾ।
ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਰਾਮਰਤਨ ਸਿੰਘ ਨੇ ਦੋਸ਼ ਲਾਇਆ ਕਿ ਅਧਿਕਾਰੀ ਝੋਨੇ ਦੀ ਖਰੀਦ ਸਬੰਧੀ ਗਲਤ ਅੰਕੜੇ ਪੇਸ਼ ਕਰ ਕੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਥਾਣਾ ਮੰਡੀ ’ਚੋਂ ਹੁਣ ਤੱਕ ਪੈਂਤੀ ਫੀਸਦੀ ਝੋਨੇ ਦੀ ਹੀ ਖਰੀਦ ਕੀਤੀ ਗਈ ਹੈ ਜਦਕਿ ਲਿਫਟਿੰਗ ਨਾ-ਮਾਤਰ ਹੋਣ ਕਰਕੇ ਜਿਣਸਾਂ ਢੇਰੀ ਕਰਨ ਲਈ ਕੋਈ ਵੀ ਥਾਂ ਨਹੀਂ ਬਚੀ।