ਤਨਦੇਹੀ ਨਾਲ ਚੋਣ ਡਿਊਟੀ ਨਿਭਾਉਣ ਵਾਲੇ ਅਧਿਕਾਰੀ ਸਨਮਾਨੇ
ਪੱਤਰ ਪ੍ਰੇਰਕ
ਜਲੰਧਰ, 25 ਜਨਵਰੀ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਨੌਜਵਾਨਾਂ ਨੂੰ ਵੋਟਰ ਬਣ ਕੇ ਜਮਹੂਰੀਅਤ ਦੇ ਸਭ ਤੋਂ ਵੱਡੇ ਤਿਉਹਾਰ ਭਾਵ ਚੋਣਾਂ ਵਿੱਚ ਹਿੱਸਾ ਲੈਣ ਅਤੇ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਮਝਦਾਰੀ ਨਾਲ ਵਰਤੋਂ ਕਰਨ ਦਾ ਸੱਦਾ ਦਿੱਤਾ। ਉਨਾਂ ਐੱਚਐੱਮਵੀ ਕਾਲਜ ਵਿੱਚ 14ਵੇਂ ਕੌਮੀ ਵੋਟਰ ਦਿਵਸ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸਮੁੱਚੇ ਦੇਸ਼ ਦੇ ਵਿਕਾਸ ਲਈ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ’ਤੇ ਜ਼ੋਰ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਵਧੀਕ ਮੁੱਖ ਪ੍ਰਸ਼ਾਸਕ ਜੇ.ਡੀ.ਏ. ਦਰਬਾਰਾ ਸਿੰਘ, ਐੱਸ.ਡੀ.ਐੱਮ. ਬਲਬੀਰ ਰਾਜ ਸਿੰਘ, ਪ੍ਰਿੰਸੀਪਲ ਡਾ. ਅਜੇ ਸਰੀਨ ਮੌਜੂਦ ਸਨ। ਇਸ ਮੌਕੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਪ੍ਰਿੰਸੀਪਲ ਡਾ. ਅਜੇ ਸਰੀਨ ਨੇ ਡੀਸੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਤੋਂ ਇਲਾਵਾ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਵਾਲੇ ਬੀਐੱਲਓਜ਼ ਦਾ ਸਨਮਾਨ ਕੀਤਾ ਗਿਆ।
ਨਵੇਂ ਵੋਟਰਾਂ ਨੂੰ ਕਾਰਡ ਦਿੱਤੇ
ਤਰਨ ਤਾਰਨ (ਪੱਤਰ ਪ੍ਰੇਰਕ): ਕੌਮੀ ਵੋਟਰ ਦਿਵਸ ਮੌਕੇ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਵੋਟ ਬਣਵਾਉਣ ਅਤੇ ਉਸਦਾ ਬਿਨਾਂ ਕਿਸੇ ਲਾਲਚ ਜਾਂ ਪ੍ਰਭਾਵ ਤੋਂ ਇਸਤੇਮਾਲ ਕਰਨ ਦੀ ਅਪੀਲ ਕੀਤੀ| ਇਸ ਮੌਕੇ ਨਵੇਂ ਬਣੇ ਨੌਜਵਾਨ ਵੋਟਰਾਂ ਨੂੰ ਐਪਿਕ ਕਾਰਡ ਵੀ ਵੰਡੇ ਗਏ। ਇਸ ਮੌਕੇ 18-19 ਸਾਲ ਦੇ ਨੌਜਵਾਨਾਂ ਦੀਆਂ ਸਭ ਤੋਂ ਵੱਧ ਵੋਟਾਂ ਬਣਾਉਣ ਲਈ ਐੱਸ.ਡੀ.ਐੱਮ. ਤਰਨ ਤਾਰਨ ਸਿਮਰਨਦੀਪ ਸਿੰਘ ਅਤੇ ਵੋਟਾਂ ਬਣਾਉਣ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਬੀ.ਐੱਲ.ਓਜ਼ ਅਤੇ ਨੋਡਲ ਅਧਿਕਾਰੀ ਸਵੀਪ ਪ੍ਰਿੰਸੀਪਲ ਨਵਨੀਤ ਵਾਲੀਆ ਨੂੰ ਸਨਮਾਨਿਤ ਵੀ ਕੀਤਾ ਗਿਆ।