ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੀ ਵਿੱਤ ਮੰਤਰੀ ਨਾਲ ਮੀਟਿੰਗ
ਕੁਲਦੀਪ ਸਿੰਘ
ਚੰਡੀਗੜ੍ਹ, 26 ਜੁਲਾਈ
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੀ ਪੈਨਲ ਮੀਟਿੰਗ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਹੋਈ, ਜਿੱਥੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਸਨ।
ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਮੋਰਚੇ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ-ਕਨਵੀਨਰ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਡਿੰਪਲ ਰੁਹੇਲਾ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (1680, ਸੈਕਟਰ 22-ਬੀ ਚੰਡੀਗੜ੍ਹ) ਨੇ ਦੱਸਿਆ ਕਿ ਮੀਟਿੰਗ ਵਿੱਚ ਪਹਿਲੀ ਜਨਵਰੀ 2004 ਤੋਂ ਨਿਯੁਕਤ ਮੁਲਾਜ਼ਮਾਂ ’ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਨੇ ਵਫ਼ਦ ਨੂੰ ਇਹ ਮਸਲਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਇਸ ਮਗਰੋਂ ਵਫ਼ਦ ਨੇ ਵਿੱਤ ਮੰਤਰੀ ਨੂੰ ਮੰਗ ਪੱਤਰ ਵੀ ਸੌਂਪਿਆ। ਵਫ਼ਦ ਨੇ ਵਿੱਤ ਮੰਤਰੀ ਨੂੰ ਯਾਦ ਕਰਵਾਇਆ ਕਿ ਸਰਕਾਰ ਨੇ ਇੱਕ ਪੰਨੇ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਹਾਲੇ ਤੱਕ ਨਾ ਤਾਂ ਮੁਲਾਜ਼ਮਾਂ ਦਾ ਐੱਨਪੀਐੱਸ ਕੱਟਣਾ ਬੰਦ ਕੀਤਾ ਹੈ ਅਤੇ ਨਾ ਹੀ ਜੀਪੀਐੱਫ ਖਾਤੇ ਖੋਲ੍ਹੇ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਦੇ ਜੀਪੀਐੱਫ ਖਾਤੇ ਖੋਲ੍ਹ ਕੇ ਕਟੌਤੀ ਸ਼ੁਰੂ ਕੀਤੀ ਜਾਵੇ।