ਪ੍ਰਕਾਸ਼ ਪੁਰਬ ਨੂੰ ਸਪਰਪਿਤ ਨਗਰ ਕੀਰਤਨ ਸਜਾਏ
ਪੱਤਰ ਪ੍ਰੇਰਕ
ਮਾਛੀਵਾੜਾ, 14 ਨਵੰਬਰ
ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਤੋਂ ਅੱਜ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਤੋਂ ਅਰਦਾਸ ਮਗਰੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਰਵਾਨਾ ਹੋਇਆ। ਇਸ ਮੌਕੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਨਗਰ ਕੀਰਤਨ ਦੇ ਸਵਾਗਤ ਲਈ ਦੁਕਾਨਦਾਰਾਂ ਵਲੋਂ ਥਾਂ-ਥਾਂ ਸਜਾਵਟੀ ਗੇਟ ਲਗਾਏ ਗਏ ਅਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਵਰਤਾਏ ਗਏ। ਇਸ ਸਮੇਂ ਜੁਝਾਰੂ ਸਿੰਘਾਂ ਵਲੋਂ ਮਾਰਸ਼ਲ ਆਰਟ ਗੱਤਕਾ ਦੇ ਕਰਤੱਬ ਦਿਖਾਏ ਗਏ। ਨਗਰ ਕੀਰਤਨ ’ਚ ਮਾਤਾ ਹਰਦੇਈ ਸਤਿਸੰਗ ਇਸਤਰੀ ਸਭਾ ਵੱਲੋਂ ਕੀਰਤਨ ਵੀ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ ਵਿਖੇ ਦਰਸ਼ਨ ਦੇਣ ਉਪਰੰਤ ਸ਼ਹਿਰ ਦੀ ਪ੍ਰਕਿਰਮਾ ਕਰਦਾ ਹੋਇਆ ਗੁਰੂ ਘਰ ਪਹੁੰਚ ਕੇ ਸੰਪੂਰਨ ਹੋਇਆ। ਇਸੇ ਤਰ੍ਹਾਂ ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੀ ਗੁਰੂ ਨਾਨਕ ਦੇਵੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਤੇ ਭਾਈ ਰਣਧੀਰ ਸਿੰਘ ਅਤੇ ਭਾਈ ਮੋਦਨ ਸਿੰਘ ਦੇ ਰਾਗੀ ਜਥੇ ਨੇ ਸ਼ਬਦ ਕੀਰਤਨ ਕੀਤਾ। ਸਕੂਲ ਦੀਆਂ ਵਿਦਿਆਰਥਣਾਂ ਨੇ ਵੀ ਸ਼ਬਦ ਗਾਇਨ ਕੀਤਾ।
ਸਮਰਾਲਾ (ਡੀਪੀਐੱਸ ਬਤਰਾ): ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਸਮਰਾਲਾ ਵਿੱਚ ਅੱਜ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਦਿਹਾੜਾ ਤੇ ਬਾਲ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਅਧਿਆਪਕ ਪ੍ਰਦੀਪ ਰਾਣਾ ਤੇ ਚਰਨਪ੍ਰੀਤ ਕੌਰ ਦੀ ਅਗਵਾਈ ਹੇਠ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਗੁਰੂ ਨਾਨਕ ਦੇਵ ਅਤੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ’ਤੇ ਰੋਸ਼ਨੀ ਪਾਈ। ਇਸ ਮੌਕੇ ਕਿੰਡਰ ਗਾਰਡਨ ਦੇ ਬੱਚੇ ਵੰਨਸੁਵੰਨੀਆਂ ਪੁਸ਼ਾਕਾਂ ਪਾ ਕੇ ਆਏ। ਸਕੂਲ ਦੇ ਵਿਹੜੇ ਵਿੱਚ ਬੜੀ ਹੀ ਸ਼ਰਧਾ ਭਾਵਨਾ ਨਾਲ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ, ਸਮੂਹ ਸਟਾਫ ਤੇ ਵਿਦਿਆਰਥੀਆਂ ਵੱਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਸਰਵਣ ਕਰਨ ਉਪਰੰਤ ਨੌਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਤੇ ਚੌਪਈ ਸਾਹਿਬ ਦੇ ਪਾਠ ਕਰਨ ਮਗਰੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਪ੍ਰਸ਼ਾਦ ਦੀ ਦੇਗ ਵਰਤਾਈ ਗਈ। ਇਸ ਮੌਕੇ ਬੱਚਿਆਂ ਵਿੱਚ ਬਿਸਕੁੱਟਾਂ ਦੇ ਪੈਕੇਟ ਵੀ ਵੰਡੇ ਗਏ। ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੁਆਰਾ ਦਿੱਤੇ ਸਿਧਾਂਤ ਨਾਮ ਜਪੋ, ਕਿਰਤ ਕਰੋ ਅਤੇ ਵੰਡ ਕੇ ਛਕੋ ਦੇ ਰਸਤੇ ’ਤੇ ਚਲਣਾ ਚਾਹੀਦਾ ਹੈ।
ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਨੇੜਲੇ ਮਹੰਤ ਲਛਮਣ ਦਾਸ ਸੀਨੀਅਰ ਸੈਕੰਡਰੀ ਸਕੂਲ ਤਲਵੰਤੀ ਕਲਾਂ ਵਿੱਚ ਅੱਜ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ ਤੇ ਜਪਜੀ ਸਾਹਿਬ, ਸੁਖਮਨੀ ਸਾਹਿਬ ਦੇ ਪਾਠ ਸੰਪੂਰਨ ਹੋਣ ਮਗਰੋਂ ਸਕੂਲ ਦੇ ਧਾਰਮਿਕ ਵਿੰਗ ਦੇ ਇੰਚਾਰਜ ਕੁਲਦੀਪ ਸਿੰਘ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੇ ਕੀਰਤਨ ਕੀਤਾ। ਮੈਡਮ ਗੁਰਪ੍ਰੀਤ ਕੌਰ ਨੇ ਗੁਰੂ ਨਾਨਕ ਦੇਵ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਦੱਸਿਆ। ਸਮਾਗਮ ਲਈ ਬਲਵਿੰਦਰ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਪ੍ਰਿੰਸੀਪਲ ਬਲਦੇਵ ਬਾਵਾ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਾਕ ਦੇਵ ਦੀਆਂ ਸਿੱਖਿਆਵਾਂ ਮਨੁੱਖ ਨੂੰ ਜੀਵਨ ਜਿਉਣ ਦਾ ਰਸਤਾ ਵਿਖਾਉਂਦੀਆਂ ਹਨ।
ਗੁੱਡਅਰਥ ਕਾਨਵੈਂਟ ਸਕੂਲ ਵਿੱਚ ਕੀਰਤਨ ਸਮਾਗਮ
ਪਾਇਲ (ਪੱਤਰ ਪ੍ਰੇਰਕ): ਗੁੱਡਅਰਥ ਕਾਨਵੈਂਟ ਸਕੂਲ ਸਿਆੜ ਵੱਲੋਂ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਸਕੂਲ ਦਾ ਨਿਤਕ੍ਰਮ ਦਾ ਪ੍ਰਬੰਧ ਜਪੁ ਜੀ ਸਾਹਿਬ ਦੇ ਪਾਠ ਨਾਲ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਸ਼ਬਦ ਗਾਇਨ ਕੀਤਾ ਤੇ ਸਾਖੀਆਂ, ਕਵਿਤਾ ਤੇ ਗੀਤ ਪੇਸ਼ ਕੀਤੇ। ਸਕੂਲ ਦੇ ਚੇਅਰਮੈਨ ਅਮਰਜੀਤ ਸਿੰਘ ਸਿੱਧੂ ਨੇ ਗੁਰੂ ਨਾਨਕ ਦੇਵ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਬਾਰੇ ਦੱਸਿਆ। ਉਪ ਚੇਅਰਮੈਨ ਪ੍ਰੋਫ਼ੈਸਰ ਗੁਰਮੁੱਖ ਸਿੰਘ ਗੋਮੀ ਤੇ ਪ੍ਰਿੰਸੀਪਲ ਨਵੀਨ ਬਾਂਸਲ ਨੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਉਪਦੇਸ਼ ਦਿੱਤਾ। ਇਸ ਮੌਕੇ ਕੁਲਦੀਪ ਸਿੰਘ ਸਿਹੋੜਾ, ਬਲਵੰਤ ਸਿੰਘ, ਮਨਪ੍ਰੀਤ ਕੌਰ, ਮੀਨਾ ਸ਼ਰਮਾ ਤੇ ਕੁਲਵਿੰਦਰ ਕੌਰ ਤੇ ਹੋਰ ਹਾਜ਼ਰ ਸਨ।
ਸਪਰਿੰਗ ਡੇਲ ਸਕੂਲ ਦੀ ਗਤਕਾ ਟੀਮ ਨੇ ਦਿਖਾਏ ਜੌਹਰ
ਲੁਧਿਆਣਾ (ਖੇਤਰੀ ਪ੍ਰਤੀਨਿਧ): ਸਪਰਿੰਗ ਡੇਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਤੋਂ ਸਜਾਏ ਗਏ ਨਗਰ ਕੀਰਤਨ ਵਿੱਚ ਗੱਤਕਾ ਟੀਮ ਅਤੇ ਕੀਰਤਨੀ ਜੱਥੇ ਰਾਹੀਂ ਸਮੂਲੀਅਤ ਕੀਤੀ। ਇਸ ਦੌਰਾਨ ਜਿੱਥੇ ਸਕੂਲ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਗੁਣ-ਗਾਣ ਕਰਕੇ ਸਾਰਿਆਂ ਨੂੰ ਨਿਹਾਲ ਕੀਤਾ ਉੱਥੇ ਗੱਤਕਾ ਟੀਮ ਨੇ ਗੱਤਕੇ ਦੇ ਜੌਹਰ ਦਿਖਾ ਕੇ ਸੰਗਤ ਨੂੰ ਹੈਰਾਨ ਕਰ ਦਿੱਤਾ। ਇਸ ਮੌਕੇ ਪ੍ਰਬੰਧਕਾਂ ਵੱਲੋਂ ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰ. ਅਨਿਲ ਕੁਮਾਰ ਸ਼ਰਮਾ ਨੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈ ਦਿੰਦਿਆਂ ਸਾਰਿਆਂ ਨੂੰ ਗੁਰੂ ਸਾਹਿਬ ਵੱਲੋਂ ਦਿੱਤੇ ਉਪਦੇਸ਼ ’ਤੇ ਚੱਲਦਿਆਂ ਜੀਵਨ ਸਫਲ ਬਣਾਉਣ ਲਈ ਆਖਿਆ।