ਪੰਚਾਇਤੀ ਚੋਣਾਂ ’ਚ ਧਾਂਦਲੀਆਂ ਜ਼ੋਰਾਂ ’ਤੇ: ਡਾ. ਧਰਮਵੀਰ ਗਾਂਧੀ
ਗੁਰਨਾਮ ਸਿੰਘ ਅਕੀਦਾ
ਪਟਿਆਲਾ, 5 ਅਕਤੂਬਰ
ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਅੱਜ ਇੱਥੇ ਸੱਤਾਧਾਰੀ ਆਮ ਆਦਮੀ ਪਾਰਟੀ ’ਤੇ ਪੰਚਾਇਤੀ ਚੋਣਾਂ ਵਿੱਚ ਧਾਂਦਲੀਆਂ ਦੇ ਦੋਸ਼ ਲਾਉਂਦਿਆਂ ਪੰਜਾਬ ਰਾਜ ਚੋਣ ਅਧਿਕਾਰੀ ਅਤੇ ਭਾਰਤ ਦੇ ਚੋਣ ਕਮਿਸ਼ਨ ਤੋਂ ਜ਼ਿੰਮੇਵਾਰ ਅਧਿਕਾਰੀਆਂ ਅਤੇ ਸੱਤਾਧਾਰੀ ਧਿਰ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਅਜਿਹਾ ਨਾ ਹੋਇਆ ਤਾਂ ਕਾਂਗਰਸ ਵੱਲੋਂ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਡਾ. ਗਾਂਧੀ ਇੱਥੇ ਆਪਣੇ ਸਾਥੀਆਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਹਲਕਾ ਸਨੌਰ ਤੋਂ ਕਾਂਗਰਸ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ, ਦਿਹਾਤੀ ਪ੍ਰਧਾਨ ਹਰਵਿੰਦਰ ਸਿੰਘ ਖਨੌੜਾ, ਜ਼ਿਲ੍ਹਾ ਯੂਥ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਸਣੇ ਗੱਲ ਕਰ ਰਹੇ ਸਨ। ਡਾ. ਗਾਂਧੀ ਨੇ ਕਿਹਾ ਕਿ ਨਾਮਜ਼ਦਗੀਆਂ ਭਰਨ ਆਏ ਉਮੀਦਵਾਰਾਂ ਦੇ ਕਾਗ਼ਜ਼ ਪਾੜੇ ਜਾ ਰਹੇ ਹਨ ਅਤੇ ਬਿਨਾਂ ਕਾਰਨ ਹੀ ਵਿਰੋਧੀਆਂ ਦੇ ਕਾਗ਼ਜ਼ ਰੱਦ ਕਰਵਾਏ ਜਾ ਰਹੇ ਹਨ। ਡਰਾ-ਧਮਕਾ ਕੇ ਚੋਣ ਲੜਨ ਤੋਂ ਰੋਕਿਆ ਜਾ ਰਿਹਾ ਹੈ। ਇਹ ਲੋਕਤੰਤਰ ਦੀ ਹੱਤਿਆ ਹੈ। ਉਨ੍ਹਾਂ ਕਿਹਾ ਕਿ ਉਹ ਭੁਨਰਹੇੜੀ ਅਤੇ ਸਨੌਰ ਬਲਾਕ ਦੇ ਬੀਡੀਓ ਦਫ਼ਤਰ ਦਾ ਦੌਰਾ ਕਰਨ ਗਏ ਸਨ। ਉੱਥੇ ਸਿੱਧੇ ਤੌਰ ’ਤੇ ਵਿਰੋਧੀਆਂ ਨੂੰ ਦਬਾਇਆ ਜਾ ਰਿਹਾ ਹੈ। ਡਾ. ਗਾਂਧੀ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਜਾਂ ਤਾਂ ਲੋਕਤੰਤਰ ਦਾ ਘਾਣ ਕਰ ਰਹੀ ਚੋਣ ਪ੍ਰਕਿਰਿਆ ਨੂੰ ਰੱਦ ਕੀਤਾ ਜਾਵੇ ਜਾਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਸਨੌਰ ਹਲਕੇ ਦੇ ਇੰਚਾਰਜ ਹੈਰੀਮਾਨ ਨੇ ਕਿਹਾ ਕਿ ਚੋਣ ਲੜਨ ਦੇ ਚਾਹਵਾਨਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ ਅਤੇ ਚੋਣ ਲੜਨ ਤੋਂ ਵਾਂਝੇ ਕੀਤਾ ਜਾ ਰਿਹਾ ਹੈ। ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।