ਅਮਾਨਤਉੱਲ੍ਹਾ ਖ਼ਾਨ ਦੀ ਗ੍ਰਿਫ਼ਤਾਰੀ ’ਤੇ ਭਾਜਪਾ ਨੇ ‘ਆਪ’ ਨੂੰ ਘੇਰਿਆ
ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਸਤੰਬਰ
ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਅੱਜ ਵਿਧਾਇਕ ਅਮਾਨਤਉੱਲ੍ਹਾ ਖ਼ਾਨ ਦੀ ਗ੍ਰਿਫ਼ਤਾਰੀ ’ਤੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਉਨ੍ਹਾਂ ਪੰਛੀਆਂ ਵਾਂਗ ਵਿਵਹਾਰ ਕਰਦੇ ਹਨ, ਜੋ ਦੇਖਦੇ ਹੀ ਦੇਖਦੇ ਇੱਕ ਦਾਣਾ ਚੁੱਕਣ ਦੀ ਕੋਸ਼ਿਸ਼ ਕਰਦੇ ਹਨ ਪਰ ਇਹ ਭੁੱਲ ਜਾਂਦੇ ਹਨ ਕਿ ਉੱਥੇ ਕੋਈ ਫੰਦਾ ਵੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੇ ਭ੍ਰਿਸ਼ਟਾਚਾਰ ਸਮਾਨਅਰਥੀ ਹਨ। ਉਨ੍ਹਾਂ ਕਿਹਾ ਕਿ ਅੱਜ ਅਮਾਨਤਉੱਲ੍ਹਾ ਖ਼ਾਨ ਉਸੇ ਕਾਨੂੰਨੀ ਜਾਲ ਵਿੱਚ ਫਸ ਗਿਆ ਹੈ, ਜਿਸ ਨੇ ਦਿੱਲੀ ਵਕਫ਼ ਬੋਰਡ ਵਿੱਚ ਗੈਰ-ਕਾਨੂੰਨੀ ਭਰਤੀ ਕਰਕੇ ਜੋ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਸਕਦਾ ਸੀ, ਦੀ ਦੁਰਵਰਤੋਂ ਕੀਤੀ।
ਉਨ੍ਹਾਂ ਕਿਹਾ ਕਿ ਇਸ ਭਾਰਤ ਵਿੱਚ ਕਾਨੂੰਨ ਦਾ ਰਾਜ ਹੈ ਅਤੇ ਜਦੋਂ ਵੀ ਲੁੱਟ, ਚੋਰੀ ਅਤੇ ਭ੍ਰਿਸ਼ਟਾਚਾਰ ਕਰਦੇ ਹੋ, ਤਾਂ ਇਸ ਦਾ ਜਵਾਬ ਦੇਣਾ ਪਵੇਗਾ। ਜਾਂਚ ਏਜੰਸੀਆਂ ਆਪਣਾ ਕੰਮ ਕਰ ਰਹੀਆਂ ਹਨ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਭਾਵੇਂ ਸੰਜੈ ਸਿੰਘ, ਸੌਰਭ ਭਾਰਦਵਾਜ ਜਾਂ ਹੋਰ, ਜੋ ਵੀ ਬਿਆਨ ਦੇ ਰਹੇ ਹਨ, ਉਨ੍ਹਾਂ ਨੂੰ ਆਪਣੀ ਜ਼ਮੀਰ ’ਤੇ ਝਾਤੀ ਮਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇ ਜਾਂਚ ਏਜੰਸੀ ਆਪਣਾ ਕੰਮ ਕਰ ਰਹੀ ਹੈ ਤਾਂ ਆਮ ਆਦਮੀ ਪਾਰਟੀ ਦੇ ਆਗੂਆਂ ਇੰਨੀ ਘਬਰਾਹਟ ਕਿਉਂ ਹੈ। ਜੇ ਤੁਸੀਂ ਸਹੀ ਹੋ ਤਾਂ ਸੱਚ ਸਾਹਮਣੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸਲ ਵਿੱਚ ਆਮ ਆਦਮੀ ਪਾਰਟੀ ਵਿੱਚ ਅਪਰਾਧੀਆਂ ਅਤੇ ਭ੍ਰਿਸ਼ਟ ਲੋਕਾਂ ਦਾ ਇੱਕ ਵੱਡਾ ਗਰੁੱਪ ਹੈ ਅਤੇ ਜਦੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਹੁੰਦੀ ਹੈ ਤਾਂ ਉਹ ਰੌਲਾ ਪਾਉਣ ਲੱਗ ਜਾਂਦੇ ਹਨ। ਅੱਜ ਇੱਕ ਵਾਰ ਫਿਰ ਉਹ ਡਰਾਮਾ ਸਭ ਦੇ ਸਾਹਮਣੇ ਆ ਗਿਆ ਹੈ।