ਵੋਟਾਂ ਵਾਲੇ ਦਿਨ ਵੜਿੰਗ ਤੇ ਬਾਜਵਾ ਬੈਠਣਗੇ ਪੁਲੀਸ ਕਮਿਸ਼ਨਰ ਦੇ ਦਫ਼ਤਰ
ਪਾਲ ਸਿੰਘ ਨੌਲੀ
ਜਲੰਧਰ, 8 ਜੁਲਾਈ
ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਦੇ ਪ੍ਰਚਾਰ ਦੇ ਆਖਰੀ ਦਿਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਡਰ ਪ੍ਰਗਟਾਇਆ ਕਿ ਸੱਤਾਧਾਰੀ ਧਿਰ ਪੁਲੀਸ ਦੇ ਜ਼ੋਰ ਨਾਲ ਹਲਕੇ ਵਿੱਚ ਪੂਰਾ ਧੱਕਾ ਕਰੇਗੀ। ਦੋਵਾਂ ਆਗੂਆਂ ਨੇ ਦਾਅਵਾ ਕੀਤਾ ਕਿ ਚੋਣ ਜਿੱਤਣ ਲਈ ਮੁੱਖ ਮੰਤਰੀ ਵੱਲੋਂ ਵੱਡੇ ਪੱਧਰ ’ਤੇ ਪੁਲੀਸ ਅਫਸਰਾਂ ਨੂੰ ਦੂਜੇ ਜ਼ਿਲ੍ਹਿਆਂ ਵਿੱਚੋਂ ਮੰਗਵਾਇਆ ਗਿਆ ਹੈ।
ਸ੍ਰੀ ਬਾਜਵਾ ਨੇ ਦਾਅਵਾ ਕੀਤਾ ਕਿ ਪੰਜਾਬ ਭਰ ਤੋਂ 25 ਡੀਐੱਸਪੀ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਆਉਂਦੇ 23 ਵਾਰਡਾਂ ਵਿੱਚ ਤਾਇਨਾਤ ਕਰ ਦਿੱਤੇ ਗਏ ਹਨ। ‘ਆਪ’ ਚੋਣ ਵਾਲੇ ਦਿਨ ਬੂਥਾਂ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰੇਗੀ। ਸ੍ਰੀ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਹੁਣ ਤੱਕ ਸ਼ੀਤਲ ਅੰਗੁਰਾਲ ਵੱਲੋਂ ਆਡੀਓ ਵਿੱਚ ਕੀਤੇ ਗਏ ਦਾਅਵਿਆਂ ਦਾ ਖੰਡਨ ਕਿਉਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੂੰ ਸ਼ੀਤਲ ਅੰਗੁਰਲ ਤੋਂ ਅੱਜ ਹੀ ਆਡੀਓ ਜਾਰੀ ਕਰਵਾਉਣੀ ਚਾਹੀਦੀ ਹੈ। ਜੇ ਅਜਿਹਾ ਨਹੀਂ ਕੀਤਾ ਜਾਂਦਾ ਹੈ, ਤਾਂ ਇਹ ਮੰਨਿਆ ਜਾਵੇਗਾ ਕਿ ਇਸ ਚੋਣ ਵਿੱਚ ‘ਆਪ’ ਅਤੇ ਭਾਜਪਾ ਇੱਕ ਦੂਜੇ ਦੇ ਨਾਲ ਮਿਲੇ ਹੋਏ ਹਨ।
ਰਾਜਾ ਵੜਿੰਗ ਵੱਲੋਂ ਪੁਲੀਸ ਕਮਿਸ਼ਨਰ ,ਡਿਪਟੀ ਕਮਿਸ਼ਨਰ ਅਤੇ ਰਿਟਰਨਿੰਗ ਅਫਸਰ ਸਣੇ ਡੀਐੱਸਪੀਜ਼ ਨੂੰ ਚੋਣਾਂ ਵਾਲੇ ਦਿਨ ਸਰਕਾਰ ਦੇ ਇਸ਼ਾਰੇ ’ਤੇ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਰਾਜਾ ਵੜਿੰਗ ਨੇ ਕਿਹਾ ਕਿ ਵੋਟਾਂ ਵਾਲੇ ਦਿਨ 10 ਜੁਲਾਈ ਨੂੰ ਉਹ ਅਤੇ ਪ੍ਰਤਾਪ ਸਿੰਘ ਬਾਜਵਾ ਪੁਲੀਸ ਕਮਿਸ਼ਨਰ ਦਫ਼ਤਰ ਵਿੱਚ ਬੈਠਣਗੇ ਤਾਂ ਜੋ ਕੋਈ ਵੀ ਅਧਿਕਾਰੀ ਚੋਣਾਂ ਵਿੱਚ ਗੜਬੜ ਨਾ ਕਰ ਸਕੇ। ਉਨ੍ਹਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਵੀ ਅਪੀਲ ਕੀਤੀ ਕਿ ਆਪਣੇ ਪ੍ਰਸ਼ਾਸਨ ਅਤੇ ਪੁਲੀਸ ਪ੍ਰਤੀ ਚੌਕਸ ਰਹਿਣ। ਸ੍ਰੀ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਮੁਲਾਜ਼ਮ ਯੂਨੀਅਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਅਸਫਲ ਰਹੇ ਹਨ। ਕਰਮਚਾਰੀਆਂ ਨੂੰ ਦੂਰ ਰੱਖਣ ਲਈ ਮੁੱਖ ਮੰਤਰੀ ਦੇ ਸਮਾਗਮ ਵਾਲੀ ਥਾਂ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਜਾਂਦਾ ਸੀ।
ਉਨ੍ਹਾਂ ਕਿਹਾ ਕਿ ਸਕੂਲ ਵਿਕਾਸ ਯੋਜਨਾ ਦੇ ਨਾਮਕਰਨ ਕਾਰਨ 550 ਕਰੋੜ ਰੁਪਏ ਦੀ ਜੀਓਆਈ ਦੀ ਗ੍ਰਾਂਟ ਰੋਕ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੂੰਗੀ ਦਾਲ ਦੇ ਉਤਪਾਦਕ ਵੀ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਢਾਈ ਸਾਲਾਂ ਵਿੱਚ ਜਿਸ ਤਰ੍ਹਾਂ ਦਾ ਸ਼ਾਸਨ ਕੀਤਾ ਹੈ ਉਸ ਨਾਲ ਵਿੱਚ ਪੰਜਾਬ 25 ਸਾਲ ਪਿੱਛੇ ਚਲਾ ਗਿਆ ਹੈ।