ਪੰਚਾਇਤ ਚੋਣਾਂ ਦੇ ਮੁੱਦੇ ਉੱਤੇ ਵੜਿੰਗ ਨੇ ‘ਆਪ’ ਨੂੰ ਘੇਰਿਆ
ਗਗਨਦੀਪ ਅਰੋੜਾ
ਲੁਧਿਆਣਾ, 28 ਸਤੰਬਰ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਚਾਇਤ ਚੋਣਾਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੰਚਾਇਤ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ ਪਰ ਸਰਕਾਰ ਵੱਲੋਂ ਹਾਲੇ ਤੱਕ ਕਿਸੇ ਨੂੰ ਵੋਟਰ ਸੂਚੀ ਨਹੀਂ ਦਿੱਤੀ ਗਈ। ਇਸ ਦੌਰਾਨ ਨਾ ਹੀ ਪਿੰਡਾਂ ਦੀ ਰਿਜ਼ਰਵ ਅਤੇ ਜਨਰਲ ਸ਼੍ਰੇਣੀ ਦੀ ਕੋਈ ਸੂਚੀ ਜਾਰੀ ਕੀਤੀ ਗਈ ਹੈ। ਇਸ ਕਾਰਨ ਪੰਚਾਇਤੀ ਚੋਣਾਂ ਲੜਨ ਵਾਲੇ ਭੰਬਲਭੂਸੇ ਵਿੱਚ ਹਨ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਵੜਿੰਗ ਨੇ ਕਿਹਾ ਕਿ ਰਾਖਵੇਂਕਰਨ ਵਿੱਚ ਬਹੁਤ ਵੱਡੇ ਪੱਧਰ ’ਤੇ ਘਪਲਾ ਹੋਇਆ ਹੈ। ਜਿਹੜੇ ਪਿੰਡ ਵਿੱਚ ‘ਆਪ’ ਕੋਲ ਉਮੀਦਵਾਰ ਸੀ, ਉਸ ਨੂੰ ਇਨ੍ਹਾਂ ਨੇ ‘ਜਨਰਲ ਕੈਟਾਗਿਰੀ ਅਤੇ ਮਹਿਲਾ’ ਕਰ ਦਿੱਤਾ। ਪੰਚਾਇਤ ਚੋਣਾਂ ਲੜਨ ਵਾਲਿਆਂ ਨੂੰ ਐੱਨਸੀਓ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਆਜ਼ਾਦ ਅਤੇ ਨਿਰਪੱਖ ਚੋਣਾਂ ਲਈ ਵਚਨਬੱਧ ਹੈ ਅਤੇ ਪ੍ਰਦੇਸ਼ ਕਾਂਗਰਸ ਵੱਲੋਂ ਇਸ ਸਬੰਧੀ ਹੈਲਪਲਾਈਨ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਸੱਤਾ ਦੀ ਦੁਰਵਰਤੋਂ ਪਿੰਡ ਸਤੀਪੁਰਾ, ਜ਼ਿਲ੍ਹਾ ਸੰਗਰੂਰ ਵਿੱਚ ਸਾਫ਼ ਝਲਕਦੀ ਹੈ। ਇੱਥੇ ਪਿੰਡ ਨੂੰ ‘ਅਨੁਸੂਚਿਤ ਜਾਤੀ ਔਰਤ’ ਅਧੀਨ ਰਾਖਵੀਂ ਸੂਚੀ ਵਿੱਚ ਪਾਇਆ ਗਿਆ ਪਰ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਪਿੰਡ ਵਿੱਚ ਸਿਰਫ ਇੱਕ ਅਨੁਸੂਚਿਤ ਜਾਤੀ ਦੀ ਔਰਤ ਦੀ ਵੋਟ ਹੈ।