ਆਜ਼ਾਦੀ ਦਿਹਾੜੇ ਮੌਕੇ ਮੰਤਰੀ ਬਲਕਾਰ ਸਿੰਘ ਨੇ ਲਹਿਰਾਇਆ ਤਿਰੰਗਾ
ਸਤਵਿੰਦਰ ਬਸਰਾ
ਲੁਧਿਆਣਾ, 16 ਅਗਸਤ
ਆਜ਼ਾਦੀ ਦਿਹਾੜੇ ਮੌਕੇ ਸਮਾਗਮ ਪੀਏਯੂ ਦੇ ਖੇਡ ਮੈਦਾਨ ਵਿੱਚ ਕਰਵਾਇਆ ਗਿਆ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਮੁੱਖ ਮਹਿਮਾਨ ਨੇ ਜਿੱਥੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ, ਉੱਥੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਗੁਣਗਾਨ ਵੀ ਕੀਤਾ ਗਿਆ। ਸਮਾਗਮ ਵਿੱਚ ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਜੀਵਨ ਸਿੰਘ ਸੰਗੋਵਾਲ, ਦਲਜੀਤ ਸਿੰਘ ਗਰੇਵਾਲ, ਹਰਦੀਪ ਸਿੰਘ ਮੁੰਡੀਆਂ ਅਤੇ ਕੁਲਵੰਤ ਸਿੰਘ ਸਿੱਧੂ (ਸਾਰੇ ਵਿਧਾਇਕ), ਏਡੀਜੀਪੀ ਮੋਹਨੀਸ਼ ਚਾਵਲਾ ਆਦਿ ਹਾਜ਼ਰ ਸਨ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਝੰਡਾ ਲਹਿਰਾਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨਾਲ ਪਰੇਡ ਦਾ ਨੀਰੀਖਣ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਸਮੇਤ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੇ ਆਜ਼ਾਦੀ ਦੀ ਖਾਤਰ ਲਾਸਾਨੀ ਕੁਰਬਾਨੀਆਂ ਦਿੱਤੀਆਂ ਹਨ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਨੇ ਪਰੇਡ ਕਮਾਂਡਰ ਆਈ.ਪੀ.ਐਸ. ਅਧਿਕਾਰੀ ਜਯੰਤ ਪੁਰੀ ਦੀ ਅਗਵਾਈ ਹੇਠ ਪੰਜਾਬ ਪੁਲੀਸ (ਪੁਰਸ਼ ਅਤੇ ਮਹਿਲਾ), ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਸਕਾਊਟਸ (ਲੜਕੇ ਅਤੇ ਲੜਕੀਆਂ) ਅਤੇ ਹੋਰਾਂ ਦੀਆਂ ਟੁਕੜੀਆਂ ਵੱਲੋਂ ਮਾਰਚ ਪਾਸਟ ਤੋਂ ਸਲਾਮੀ ਲਈ। ਮਾਰਚ ਪਾਸਟ ਤੋਂ ਬਾਅਦ 27 ਸਰਕਾਰੀ ਸਕੂਲਾਂ ਦੇ 750 ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦਾ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਮੁੱਖ ਮਹਿਮਾਨ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ, ਪਰੇਡ ਵਿੱਚ ਹਿੱਸਾ ਲੈਣ ਵਾਲੇ ਪੁਲੀਸ ਮੁਲਾਜ਼ਮਾਂ, ਜਵਾਨਾਂ, ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੀਆਂ ਸ਼ਖ਼ਸੀਅਤਾਂ ਸਣੇ ਡਾ. ਸੁਰਜੀਤ ਪਾਤਰ ਦੇ ਪਰਿਵਾਰ ਨੂੰ ਵੀ ਸਨਮਾਨਿਤ ਕੀਤਾ। ਉਨ੍ਹਾਂ ਵਿਸ਼ੇਸ਼ ਲੋੜਾਂ ਵਾਲਿਆਂ ਨੂੰ ਟਰਾਈਸਾਈਕਲ ਵੰਡੇ।
ਸਿਵਲ ਸਰਜਨ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਰੋਕਿਆ
ਲੁਧਿਆਣਾ (ਗਗਨਦੀਪ ਅਰੋੜਾ): ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਿਵਲ ਸਰਜਨ ਡਾਕਟਰ ਜਸਬੀਰ ਸਿੰਘ ਔਲਖ ਨੂੰ ਵੀਆਈਪੀ ਕਾਰਡ ਹੋਣ ਦੇ ਬਾਵਜੂਦ ਸਮਾਗਮ ਵਿੱਚ ਸ਼ਾਮਲ ਨਹੀਂ ਹੋਣ ਦਿੱਤਾ ਗਿਆ। ਜਦੋਂ ਇਹ ਮਾਮਲਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਤੁਰੰਤ ਇਸ ਬਾਰੇ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੂੰ ਸੂਚਿਤ ਕੀਤਾ ਅਤੇ ਉਨ੍ਹਾਂ ਨੂੰ ਪੱਤਰ ਲਿਖਿਆ। ਸਿਵਲ ਸਰਜਨ ਜਸਬੀਰ ਸਿੰਘ ਔਲਖ ਨੇ ਫੇਸਬੁੱਕ ’ਤੇ ਲਿਖਿਆ, ‘‘ਅੱਜ ਆਜ਼ਾਦੀ ਦਿਵਸ ਸੀ, ਲੁਧਿਆਣਾ ’ਚ ਵੀ ਮਨਾਇਆ ਗਿਆ। ਮੈਨੂੰ ਵੀਆਈਪੀ ਕਾਰਡ ਨੰਬਰ 962 ਜਾਰੀ ਕੀਤਾ ਗਿਆ ਸੀ। ਉਹ ਸਮਾਗਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਪਹੁੰਚ ਗਿਆ ਸੀ। ਗੇਟ ’ਤੇ ਤਾਇਨਾਤ ਮੁਲਾਜ਼ਮਾਂ ਤੇ ਅਧਿਾਕਰੀਆਂ ਨੇ ਸੂਚੀ ਦੀ ਜਾਂਚ ਕੀਤੀ। ਬਤੌਰ ਸਿਵਲ ਸਰਜਨ ਲੁਧਿਆਣਾ ਮੇਰਾ ਨਾਮ ਉਸ ਸੂਚੀ ਵਿੱਚ ਨਹੀਂ ਸੀ। ਇਸ ਤੋਂ ਬਾਅਦ ਸਿਵਲ ਸਰਜਨ ਨੇ ਉਥੇ ਮੌਜੂਦ ਪੁਲੀਸ ਮੁਲਾਜ਼ਮਾਂ ਨੂੰ ਆਪਣਾ ਸ਼ਨਾਖਤੀ ਕਾਰਡ ਵੀ ਦਿਖਾਇਆ ਪਰ ਇਕ ਹੋਰ ਮੁਲਾਜ਼ਮ ਨੇ ਉਨ੍ਹਾਂ ਬਾਂਹ ਤੋਂ ਫੜ ਕੇ ਗੇਟ ਤੋਂ ਬਾਹਰ ਸੁੱਟ ਦਿੱਤਾ। ਮੇਰੇ ਸਾਹਮਣੇ ਕਈ ਮਹਿਮਾਨ ਬਿਨਾਂ ਪਾਸਾਂ ਅਤੇ ਪਛਾਣ ਪੱਤਰਾਂ ਦੇ ਅੰਦਰ ਜਾ ਰਹੇ ਸਨ। ਬਹਿਸ ਕਰਨ ਦੀ ਬਜਾਏ ਮੈਂ ਗਾਂਧੀ ਗਿਰੀ ਦਾ ਰਾਹ ਅਪਣਾਇਆ।’’ ਸਿਵਲ ਸਰਜਨ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਉਨ੍ਹਾਂ ਨੇ ਸਰਕਾਰੀ ਗੱਡੀ ’ਚ ਬੈਠ ਕੇ ਸਾਰਾ ਸਮਾਗਮ ਸੁਣਿਆ ਅਤੇ ਰਾਸ਼ਟਰੀ ਗੀਤ ਦੌਰਾਨ ਖੜ੍ਹੇ ਹੋ ਕੇ ਸਨਮਾਨ ਵੀ ਕੀਤਾ। ਇਸ ਸਬੰਧੀ ਉਨ੍ਹਾਂ ਨੇ ਸ਼ਿਕਾਇਤ ਡਿਪਟੀ ਕਮਿਸ਼ਨਰ ਨੂੰ ਈਮੇਲ ਕੀਤੀ ਗਈ ਸੀ, ਜਿਨ੍ਹਾਂ ਨੇ ਇਸ ਮਾਮਲੇ ਵਿੱਚ ਇੱਕ ਐੱਸਡੀਐੱਮ ਦੀ ਡਿਊਟੀ ਲਗਾਈ ਸੀ ਜਦੋਂ ਕਿ ਸਿਵਲ ਸਰਜਨ ਪੱਧਰ ਦੇ ਅਧਿਕਾਰੀ ਦੁਆਰਾ ਭੇਜੀ ਗਈ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਨ ਦੀ ਲੋੜ ਸੀ।