ਬਰਸੀ ਮੌਕੇ ਮਰਹੂਮ ਜਥੇਦਾਰ ਤੋਤਾ ਸਿੰਘ ਦੇ ਯੋਗਦਾਨ ਨੂੰ ਯਾਦ ਕੀਤਾ
ਹਰਦੀਪ ਸਿੰਘ
ਫ਼ਤਹਿਗੜ੍ਹ ਪੰਜਤੂਰ/ਧਰਮਕੋਟ, 6 ਅਪਰੈਲ
ਸਾਬਕਾ ਮੰਤਰੀ ਤੋਤਾ ਸਿੰਘ ਦੀ ਦੂਜੀ ਬਰਸੀ ਗੁਰਦੁਆਰਾ ਹਜ਼ੂਰ ਸਾਹਿਬ ਨੇੜੇ ਧਰਮਕੋਟ ਵਿੱਚ ਮਨਾਈ ਗਈ। ਇਸ ਮੌਕੇ ਹਰ ਪਿੰਡ ‘ਚੋਂ ਲੋਕ ਵਹੀਰਾਂ ਘੱਤ ਕੇ ਸ਼ਰਧਾਂਜਲੀ ਸਮਾਗਮ ’ਚ ਪਹੁੰਚੇ। ਸਮਾਗਮ ਦੌਰਾਨ ਭਾਈ ਨਿਰਭੈ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਕੀਰਤਨ ਤੇ ਜਥੇਦਾਰ ਤੋਤਾ ਸਿੰਘ ਨਮਿਤ ਅਰਦਾਸ ਅਕਾਲ ਤਖ਼ਤ ਦੇ ਅਰਦਾਸੀਏ ਪ੍ਰੇਮ ਸਿੰਘ ਨੇ ਕੀਤੀ। ਸ਼ਰਧਾਂਜਲੀ ਸਮਾਗਮ ‘ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਤੋਤਾ ਸਿੰਘ ਪੰਥਕ ਸੋਚ ਵਾਲੇ ਸਿਆਸਤਦਾਨ ਸਨ। ਬੇਸ਼ੱਕ ਉਹ ਰਾਜਨੀਤੀ ’ਚ ਉੱਚ ਮੁਕਾਮ ’ਤੇ ਪਹੁੰਚੇ ਪਰ ਉਹ ਧਾਰਮਿਕ ਜੀਵਨ ਤੋਂ ਸੱਖਣੇ ਨਹੀਂ ਸਨ। ਉਨ੍ਹਾਂ ਨੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਨਾਲ ਸ਼੍ਰੋਮਣੀ ਕਮੇਟੀ ’ਚ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਬੇਸ਼ੱਕ ਰਾਜਨੀਤੀ ’ਚ ਆਗੂ ਬਹੁਤ ਵੱਡੇ ਅਹੁਦਿਆਂ ’ਤੇ ਪਹੁੰਚ ਜਾਂਦੇ ਹਨ ਪਰ ਗੁਰਮਤਿ ਦੇ ਅਨੁਕੂਲ ਰਹਿ ਕੇ ਜਥੇਦਾਰ ਨੇ ਜਿਹੜੀਆਂ ਸ਼੍ਰੋਮਣੀ ਅਕਾਲੀ ਦਲ ਦੇ ਲਈ ਸੇਵਾਵਾਂ ਨਿਭਾਈਆਂ ਉਨ੍ਹਾਂ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ। ਇਸ ਦੌਰਾਨ ਸ੍ਰੀ ਧਾਮੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਨੂੰ ਮਜ਼ਬੂਤ ਕਰ ਰਹੇ ਹਨ। ਉਨ੍ਹਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਵਿੱਚ ਅਕਾਲੀ ਦਲ ਦਾ ਸਾਥ ਦੇਣ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਸਮਾਗਮ ਵਿੱਚ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ ਆਦਿ ਸ਼ਾਮਲ ਸਨ। ਪਰਿਵਾਰ ਵੱਲੋਂ ਸੰਗਤ ਦਾ ਧੰਨਵਾਦ ਕੀਤਾ ਗਿਆ।