ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 15 ਨਵੰਬਰ
ਪਹਿਲੇ ਪਾਤਸ਼ਾਹ ਅਤੇ ਸਿਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖ਼ਸ਼ੀਅਤਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਇੱਥੇ ਰਣਜੀਤ ਐਵਨਿਊ ਵਿਖੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਨਤਮਸਤਕ ਹੋ ਕੇ ਗੁਰਪੁਰਬ ਦੀ ਵਧਾਈ ਦਿੱਤੀ ਹੈ। ਉਹਨਾਂ ਕਿਹਾ ਕਿ ਉਹ ਅੱਜ ਸ੍ਰੀ ਹਰਿਮੰਦਰ ਸਾਹਿਬ ਇਸ ਕਰਕੇ ਨਤਮਸਤਕ ਹੋਣ ਨਹੀਂ ਗਏ ਤਾਂ ਜੋ ਗੁਰਪੁਰਬ ਮੌਕੇ ਆਉਣ ਵਾਲੀ ਸੰਗਤ ਨੂੰ ਪਰੇਸ਼ਾਨੀ ਪੇਸ਼ ਨਾ ਆਵੇ। ਉਹਨਾਂ ਕਿਹਾ ਹੈ ਕਿ ਗੁਰੂ ਸਾਹਿਬ ਵੱਲੋਂ ਵਾਤਾਵਰਨ ਸੰਭਾਲ ਲਈ ਦਰਸਾਏ ਗਏ ਮਾਰਗ ਤੇ ਚਲਦਿਆਂ ਸਰਕਾਰ ਵਾਤਾਵਰਨ ਦੀ ਸਾਂਭ ਸੰਭਾਲ ਲਈ ਹਰ ਸੰਭਵ ਯਤਨ ਕਰੇਗੀ।
ਇਸ ਦੌਰਾਨ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਦੀਪਮਾਲਾ ਵੀ ਕੀਤੀ ਗਈ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।
ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਸਮੁੱਚੀ ਮਨੁੱਖਤਾ ਲਈ ਜੀਵਨ ਰੁਸ਼ਨਾਉਣ ਵਾਲੇ ਹਨ।