For the best experience, open
https://m.punjabitribuneonline.com
on your mobile browser.
Advertisement

ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਦਾ ਸੈਲਾਬ

02:27 PM Sep 04, 2024 IST
ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਦਾ ਸੈਲਾਬ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਸਤੰਬਰ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਅਤੇ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।


ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਪਹਿਲਾਂ ਸਵੇਰੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਿੱਖ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਦੀ ਰਵਾਨਗੀ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ।

Advertisement


ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਵੱਲੋਂ ਗਤਕਾ ਪ੍ਰਦਰਸ਼ਨ ਦੇ ਨਾਲ-ਨਾਲ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਰਸਤੇ ਵਿਚ ਸ਼ਰਧਾਲੂਆਂ ਵੱਲੋਂ ਲੰਗਰ ਵੀ ਲਗਾਏ ਗਏ। ਇਸ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਾਏ ਗਏ ਹਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਰੰਗੇ ਫੁੱਲਾਂ ਦੀ ਸਜਾਵਟ ਕੀਤੀ ਗਈ ਹੈ। ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਰਾਤ ਨੂੰ ਦੀਪਮਾਲਾ ਹੋਵੇਗੀ ਅਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ।

ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੰਗਤਾਂ ਨੂੰ ਵਧਾਈ
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾਂ ਕਿਹਾ ਕਿ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਪਣੇ ਹੱਥੀਂ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ।
ਉਨ੍ਹਾਂ ਨੇ ਬਾਬਾ ਬੁੱਢਾ ਜੀ ਨੂੰ ਸੇਵਾ ਸੰਭਾਲ ਲਈ ਪਹਿਲੇ ਗ੍ਰੰਥੀ ਥਾਪਿਆ, ਜਿਸ ਨਾਲ ਗ੍ਰੰਥੀ ਪ੍ਰੰਪਰਾ ਦੀ ਆਰੰਭਤਾ ਹੋਈ। ਉਨ੍ਹਾਂ ਕਿਹਾ ਕਿ ਗੁਰੂ ਕਾਲ ਤੋਂ ਲੈ ਕੇ ਅੱਜ ਤੱਕ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਇਕੱਤਰ ਹੁੰਦੀਆਂ ਹਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ।

Advertisement
Author Image

Balwinder Singh Sipray

View all posts

Advertisement