ਬੁੱਢੇ ਨਾਲੇ ਦੇ ਦੂਜੇ ਪਾਸੇ 5.83 ਕਰੋੜ ਨਾਲ ਸੜਕ ਬਣਾਉਣ ਦਾ ਪ੍ਰਾਜੈਕਟ ਸ਼ੁਰੂ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 14 ਅਕਤੂਬਰ
ਬੁੱਢੇ ਨਾਲੇ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ ਨੇ ਬੁੱਢੇ ਨਾਲੇ ਦੇ ਦੂਜੇ ਪਾਸੇ ਸੜਕ ਬਣਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਇਸ ਪ੍ਰਾਜੈਕਟ ਤਹਿਤ ਹੈਬੋਵਾਲ ਮੁੱਖ ਪੁਲੀ ਤੋਂ ਚਾਂਦ ਸਿਨੇਮਾ ਪੁਲੀ ਤੱਕ ਨਾਲੇ ਦੇ ਨਾਲ-ਨਾਲ ਲਗਭਗ 3 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਲਗਭਗ 5.83 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ।
ਪਹਿਲੇ ਪੜਾਅ ਤਹਿਤ ਕੁੰਦਨਪੁਰੀ ਤੋਂ ਚੰਦਨ ਨਗਰ ਪੁਲੀ ਤੱਕ ਸੜਕ ਦੇ ਹਿੱਸੇ ਦਾ ਨਿਰਮਾਣ ਕੀਤਾ ਜਾਵੇਗਾ। ਵਿਧਾਇਕ ਸ੍ਰੀ ਬੱਗਾ ਨੇ ਕਿਹਾ ਕਿ ਇਹ ਪ੍ਰਾਜੈਕਟ ਇੱਕ ਵੱਡੀ ਚੁਣੌਤੀ ਸੀ, ਪਰ ਉਹ ਇਸ ਨੂੰ ਹਲਕਾ ਵਾਸੀਆਂ ਦੀ ਬਿਹਤਰੀ ਲਈ ਨੇਪਰੇ ਚਾੜ੍ਹਨ ਲਈ ਵਚਨਬੱਧ ਹਨ। ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਕਿਸੇ ਨੇ ਵੀ ਇਸ ਪ੍ਰਾਜੈਕਟ ਨੂੰ ਸਿਰੇ ਨਹੀਂ ਚੜ੍ਹਾਇਆ ਜਦੋਂਕਿ ਇਲਾਕਾ ਵਾਸੀ ਲੰਮੇ ਸਮੇਂ ਤੋਂ ਇਸ ਦੀ ਮੰਗ ਕਰ ਰਹੇ ਸਨ। ਇਸ ਦੌਰਾਨ ਵਿਧਾਇਕ ਸ੍ਰੀ ਬੱਗਾ ਨੇ ਕਿਹਾ ਕਿ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਅਤੇ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਇਲਾਕੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਏਗਾ ਸਗੋਂ ਇਸ ਨਾਲ ਇਲਾਕੇ ਦੇ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ। ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੜਕ ਦੇ ਹਿੱਸੇ ’ਤੇ ਕਬਜ਼ਾ ਕਰਨ ਤੋਂ ਗੁਰੇਜ਼ ਕਰਨ ਨਹੀਂ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।