ਹਿਮਾਚਲ ਪ੍ਰਦੇਸ਼ ਦੀਆਂ ਬੱਸਾਂ ਦੀ ਭੰਨਤੋੜ ਮਾਮਲੇ ’ਚ ਇੱਕ ਕਾਬੂ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਅਪਰੈਲ
ਅੰਮ੍ਰਿਤਸਰ ਬੱਸ ਅੱਡੇ ’ਤੇ ਖੜ੍ਹੀਆਂ ਹਿਮਾਚਲ ਪ੍ਰਦੇਸ਼ ਦੀਆਂ ਬੱਸਾਂ ਦੇ ਸ਼ੀਸ਼ੇ ਤੋੜਨ ਅਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਘਟਨਾ 22 ਮਾਰਚ ਨੂੰ ਵਾਪਰੀ ਸੀ, ਜਿਸ ਸਬੰਧੀ ਪੁਲੀਸ ਵੱਲੋਂ ਕੇਸ ਦਰਜ ਕੀਤਾ ਸੀ। ਮਾਮਲੇ ਦੇ ਸਬੰਧ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਜਸਪ੍ਰੀਤ ਸਿੰਘ ਉਰਫ ਜੱਸਾ ਵਾਸੀ ਪਿੰਡ ਮਾਨੋਚਾਹਲ ਕਲਾਂ ਜ਼ਿਲਾ ਤਰਨ ਤਾਰਨ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਭੰਨਤੋੜ ਦੀਆਂ ਇਹ ਘਟਨਾਵਾਂ ਹਿਮਾਚਲ ਪ੍ਰਦੇਸ਼ ਵਿੱਚ ਪੰਜਾਬੀ ਅਤੇ ਖਾਸ ਕਰਕੇ ਸਿੱਖ ਨੌਜਵਾਨਾਂ ਨਾਲ ਕੀਤੀ ਗਈ ਬਦਸਲੂਕੀ ਦੇ ਸਿੱਟੇ ਵਜੋਂ ਵਾਪਰੀਆਂ ਸਨ।
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਨੇ ਲਗਾਤਾਰ ਜਾਂਚ ਕਰਦਿਆਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਹੱਲ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਨੂੰ ਗ੍ਰਿਫਤਾਰ ਕਰਨ ਮਗਰੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਜਾਂਚ ਦੌਰਾਨ ਉਕਤ ਵਿਅਕਤੀ ਕੋਲੋਂ ਬਾਰੀਕੀ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਇਸ ਸੰਬੰਧ ਵਿੱਚ ਹਿਮਾਚਲ ਪ੍ਰਦੇਸ਼ ਵਾਸੀ ਸੁਰੇਸ਼ ਕੁਮਾਰ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਸੀ, ਜਿਸ ਨੇ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਹਿਮਾਚਲ ਰੋਡਵੇਜ਼ ਦੀਆਂ ਬੱਸਾਂ ਦੇ ਸ਼ੀਸ਼ੇ ਤੋੜ ਦਿੱਤੇ ਗਏ ਹਨ ਤੇ ਬੱਸਾਂ ਦੇ ਉੱਪਰ ਖਾਲਿਸਤਾਨ ਦੇ ਨਾਅਰੇ ਲਿਖੇ ਗਏ ਹਨ। ਉਸ ਨੇ ਦੱਸਿਆ ਸੀ ਕਿ ਹਿਮਾਚਲ ਰੋਡਵੇਜ਼ ਨਾਲ ਸਬੰਧਤ ਲਗਪਗ ਪੰਜ ਬੱਸਾਂ ਰਾਤ ਨੂੰ ਬੱਸ ਅੱਡੇ ਵਿਖੇ ਖੜੀਆਂ ਕੀਤੀਆਂ ਗਈਆਂ ਸਨ ਅਤੇ ਅਗਲੇ ਦਿਨ ਜਦੋਂ ਉਹ ਸਵੇਰੇ ਬੱਸ ਅੱਡੇ ਪੁੱਜੇ ਤਾਂ ਬੱਸਾਂ ਦੇ ਸ਼ੀਸ਼ੇ ਟੁੱਟੇ ਹੋਏ ਸਨ ਅਤੇ ਬੱਸਾਂ ’ਤੇ ਖਾਲਿਸਤਾਨ ਲਿਖਿਆ ਹੋਇਆ ਸੀ।