‘ਇਕ ਦੇਸ਼, ਇਕ ਚੋਣ’ ਮੌਜੂਦਾ ਸੰਵਿਧਾਨ ਤਹਿਤ ਸੰਭਵ ਨਹੀਂ: ਚਿਦੰਬਰਮ
ਚੰਡੀਗੜ੍ਹ (ਟਨਸ):
ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨੇ ‘ਇਕ ਦੇਸ਼, ਇਕ ਚੋਣ’ ਪ੍ਰਬੰਧ ਦੇ ਹਵਾਲੇ ਨਾਲ ਮੋਦੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੰਵਿਧਾਨ ਤਹਿਤ ਇਸ ਪ੍ਰਬੰਧ ਨੂੰ ਲਾਗੂ ਕਰਨਾ ਸੰਭਵ ਨਹੀਂ ਹੈ ਤੇ ਇਸ ਲਈ ਸੰਵਿਧਾਨ ਵਿੱਚ ਘੱਟੋਂ-ਘੱਟ ਪੰਜ ਸੋਧਾਂ ਕਰਨੀਆਂ ਪੈਣਗੀਆਂ। ਇਨ੍ਹਾਂ ਸੋਧਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਲੋਕ ਸਭਾ ਤੇ ਰਾਜ ਸਭਾ ਵਿੱਚ ਲੋੜੀਂਦਾ ਬਹੁਮਤ ਨਹੀਂ ਹੈ। ਸਾਬਕਾ ਕੇਂਦਰੀ ਮੰਤਰੀ ਇਥੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਚਿਦੰਬਰਮ ਨੇ ਕਿਹਾ ਕਿ ‘ਇੰਡੀਆ’ ਗੱਠਜੋੜ ‘ਇਕ ਦੇਸ਼, ਇਕ ਚੋਣ’ ਪ੍ਰਬੰਧ ਖਿਲਾਫ਼ ਹੈ, ਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਇਸ ਪ੍ਰਬੰਧ ਬਾਰੇ ਮਤਾ ਲੈ ਕੇ ਆਉਂਦੀ ਹੈ ਤਾਂ ‘ਇੰਡੀਆ’ ਬਲਾਕ ਵੱਲੋਂ ਉਸ ਦਾ ਵਿਰੋਧ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਵੱਲੋਂ ਪਿਛਲੇ ਲੰਬੇ ਸਮੇਂ ਤੋਂ ‘ਇਕ ਦੇਸ਼, ਇਕ ਚੋਣ’ ਪ੍ਰਬੰਧ ਨੂੰ ਲਾਗੂ ਕਰਨ ਦੀ ਪੈਰਵੀ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲੇ ਦੀ ਫ਼ਸੀਲ ਤੋਂ ਆਪਣੇ ਭਾਸ਼ਣ ਵਿਚ ਵੀ ‘ਇਕ ਦੇਸ਼, ਇਕ ਚੋਣ’ ਵਿਚਾਰ ਦੀ ਵਕਾਲਤ ਕੀਤੀ ਸੀ। ਸਾਬਕਾ ਵਿੱਤ ਮੰਤਰੀ ਨੇ ਪ੍ਰਧਾਨ ਮੰਤਰੀ ਵੱਲੋਂ ਕਾਂਗਰਸ ’ਤੇ ਰਾਖਵਾਂਕਰਨ ਖ਼ਤਮ ਕਰਨ ਸਬੰਧੀ ਲਾਏ ਦੋਸ਼ਾਂ ’ਤੇ ਕਿਹਾ ਕਿ ਕਾਂਗਰਸ ਤਾਂ ਰਾਖਵਾਂਕਰਨ ਦੀ ਮੰਗ ਕਰ ਰਹੀ ਹੈ ਤੇ ਇਹ ਆਬਾਦੀ ਦੇ ਹਿਸਾਬ ਨਾਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੀ ਅਗਨੀਵੀਰ ਯੋਜਨਾ ਨੇ ਦੇਸ਼ ਦੇ ਰੱਖਿਆ ਬਲਾਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਇਸ ਯੋਜਨਾ ਕਰਕੇ ਨੌਜਵਾਨ ਫੌਜ ਵਿੱਚ ਭਰਤੀ ਹੋਣ ਤੋਂ ਕੰਨੀ ਕਤਰਾਉਣ ਲੱਗੇ ਹਨ। ਜੇ ਕਾਂਗਰਸ ਸੱਤਾ ਵਿੱਚ ਆਉਂਦੀ ਹੈ ਤਾਂ ਅਗਨੀਵੀਰ ਯੋਜਨਾ ਨੂੰ ਖਤਮ ਕੀਤਾ ਜਾਵੇਗਾ। ਸ੍ਰੀ ਚਿਦੰਬਰਮ ਨੇ ਹਰਿਆਣਾ ਵਿੱਚ ਭਾਜਪਾ ਸਰਕਾਰ ’ਤੇ ਹਮਲਾ ਕਰਦਿਆਂ ਕਿਹਾ ਕਿ ਮਨੋਹਰ ਲਾਲ ਖੱਟਰ ਤੇ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਲੋਕ ਪੱਖੀ ਫੈਸਲੇ ਲੈਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ 70 ਫ਼ੀਸਦ ਆਬਾਦੀ ਖੇਤੀਬਾੜੀ ’ਤੇ ਨਿਰਭਰ ਕਰਦੀ ਹੈ ਪਰ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰੀ ਰੱਖਿਆ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ 10 ਸਾਲਾਂ ਦੌਰਾਨ ਡਬਲ ਇੰਜਣ ਸਰਕਾਰ ਹਰ ਮੋਰਚੇ ’ਤੇ ਫੇਲ੍ਹ ਸਾਬਤ ਹੋਈ ਹੈ। ਐਤਕੀਂ ਹਰਿਆਣਾ ਦੇ ਲੋਕ ਭਾਜਪਾ ਤੇ ਹੋਰਨਾਂ ਰਾਜਸੀ ਪਾਰਟੀਆਂ ਨੂੰ ਨਕਾਰਦੇ ਹੋਏ ਕਾਂਗਰਸ ਨੂੰ ਵੋਟਾਂ ਪਾ ਕੇ ਕਾਮਯਾਬ ਕਰਨਗੇ।
‘ਹਰਿਆਣਾ ’ਚ ਬੇਰੁਜ਼ਗਾਰੀ ਦੀ ਦਰ ਦੇਸ਼ ਵਿੱਚ ਸਭ ਤੋਂ ਵੱਧ’
ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਨੇ ਕਿਹਾ ਕਿ ਹਰਿਆਣਾ ਵਿੱਚ ਬੇਰੁਜ਼ਗਾਰੀ ਦੀ ਦਰ 37.4 ਫੀਸਦ ਨਾਲ ਦੇਸ਼ ਵਿੱਚ ਸਭ ਤੋਂ ਵੱਧ ਹੈ। ਹਰਿਆਣਾ ਵਿੱਚ ਸਰਕਾਰੀ ਖੇਤਰ ਵਿੱਚ 4.5 ਲੱਖ ਦੇ ਕਰੀਬ ਨੌਕਰੀਆਂ ਹਨ, ਜਿਸ ਵਿੱਚੋਂ 1.8 ਲੱਖ ਆਸਾਮੀਆਂ ਖਾਲੀ ਹਨ। ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 7896 ਆਸਾਮੀਆਂ ਵਿੱਚੋਂ 4618 ਆਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਕਾਂਗਰਸ ਦੇ ਸੱਤਾ ਵਿੱਚ ਆਉਣ ’ਤੇ ਇਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਭਰਿਆ ਜਾਵੇਗਾ। ਚਿਦੰਬਰਮ ਨੇ ਕਿਹਾ ਕਿ ਕਾਂਗਰਸ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ਬਿਨਾਂ ਮੁੱਖ ਮੰਤਰੀ ਦੇ ਚਿਹਰੇ ਤੋਂ ਲੜੇਗੀ। ਕਾਂਗਰਸ ਕਦੇ ਵੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕਰਦੀ ਹੈ। ਇਹ ਚੋਣ ਵਿਧਾਨ ਸਭਾ ਚੋਣਾਂ ਤੋਂ ਬਾਅਦ ਜਿੱਤੇ ਹੋਏ ਵਿਧਾਇਕਾਂ ਵੱਲੋਂ ਕੀਤੀ ਜਾਵੇਗੀ।