ਸਾਬਕਾ ਵਿਧਾਇਕ ਸਤਿਕਾਰ ਕੌਰ ਤੇ ਭਤੀਜੇ ਦਾ ਇੱਕ ਰੋਜ਼ਾ ਪੁਲੀਸ ਰਿਮਾਂਡ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 24 ਅਕਤੂਬਰ
ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ਼) ਨੇ ਨਸ਼ਾ ਤਸਕਰੀ ਮਾਮਲੇ ਵਿੱਚ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਅਤੇ ਉਸ ਦੇ ਭਤੀਜੇ ਜਸਕੀਰਤ ਸਿੰਘ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਚਾਚੀ ਤੇ ਭਤੀਜੇ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਨ੍ਹਾਂ ਨੂੰ ਭਲਕੇ ਸ਼ੁੱਕਰਵਾਰ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਏਐੱਨਟੀਐੱਫ ਦੀ ਟੀਮ ਨੇ ਬੀਤੀ ਸ਼ਾਮ ਸਾਬਕਾ ਵਿਧਾਇਕਾ ਅਤੇ ਉਸ ਦੇ ਭਤੀਜੇ ਨੂੰ ਸੰਨੀ ਐਨਕਲੇਵ ’ਚੋਂ 100 ਗਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿੱਚ ਉਨ੍ਹਾਂ ਦੇ ਘਰ ’ਚੋਂ 28 ਗਰਾਮ ਹੋਰ ਚਿੱਟਾ ਤੇ 1.56 ਲੱਖ ਡਰੱਗ ਮਨੀ ਅਤੇ ਸੋਨੇ ਦੇ ਗਹਿਣੇ ਅਤੇ ਦਿੱਲੀ ਨੰਬਰ ਦੀਆਂ ਕਈ ਕਾਰਾਂ ਦੀਆਂ ਨੰਬਰ ਪਲੇਟਾਂ ਬਰਾਮਦ ਕੀਤੀਆਂ ਸਨ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਦੇ ਐੱਸਟੀਐੱਫ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਦੀ ਬੀਐੱਮਡਬਲਿਊ, ਫਾਰਚੂਨਰ, ਵਰਨਾ ਅਤੇ ਸ਼ੈਵਰਲੇ ਗੱਡੀ ਵੀ ਜ਼ਬਤ ਕੀਤੀ ਹੈ। ਅੱਜ ਮੁਹਾਲੀ ਅਦਾਲਤ ਵਿੱਚ ਮੁਲਜ਼ਮਾਂ ਨੂੰ ਪੇਸ਼ ਕਰ ਕੇ ਜਾਂਚ ਟੀਮ ਨੇ ਸੱਤ ਦਿਨ ਦਾ ਪੁਲੀਸ ਰਿਮਾਂਡ ਮੰਗਿਆ ਸੀ। ਪੁਲੀਸ ਦਾ ਕਹਿਣਾ ਸੀ ਕਿ ਮੁਲਜ਼ਮਾਂ ਕੋਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਹੋਰ ਪੁੱਛਗਿੱਛ ਕਰਨੀ ਹੈ ਅਤੇ ਇਹ ਪਤਾ ਲਗਾਉਣਾ ਹੈ ਕਿ ਉਹ ਹੈਰੋਇਨ ਕਿੱਥੋਂ ਲੈ ਕੇ ਆਉਂਦੇ ਹਨ ਅਤੇ ਅੱਗੇ ਕਿੱਥੇ ਕਿੱਥੇ ਵੇਚਦੇ ਹਨ ਜਾਂ ਇਸ ਧੰਦੇ ਵਿੱਚ ਹੋਰ ਕੌਣ ਕੌਣ ਸ਼ਾਮਲ ਹਨ। ਬਚਾਅ ਪੱਖ ਦੇ ਵਕੀਲਾਂ ਨੇ ਪੁਲੀਸ ਰਿਮਾਂਡ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਸਾਬਕਾ ਵਿਧਾਇਕ ਸਤਿਕਾਰ ਕੌਰ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਐੱਨਡੀਪੀਐੱਸ ਦਾ ਝੂਠਾ ਪਰਚਾ ਦਰਜ ਕੀਤਾ ਗਿਆ ਹੈ। ਇਹ ਕੇਸ ਸਿਆਸਤ ਤੋਂ ਪ੍ਰੇਰਿਤ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਾਬਕਾ ਵਿਧਾਇਕ ਸਤਿਕਾਰ ਕੌਰ ਅਤੇ ਉਸਦੇ ਭਤੀਜੇ ਜਸਕੀਰਤ ਸਿੰਘ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਨਸ਼ਿਆਂ ਦੇ ਮੁੱਦੇ ’ਤੇ ਭਾਜਪਾ ਨੂੰ ਘੇਰਿਆ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):
‘ਆਪ’ ਪੰਜਾਬ ਦੇ ਬੁਲਾਰੇ ਐਡਵੋਕੇਟ ਬਿਕਰਮਜੀਤ ਪਾਸੀ ਨੇ ਭਾਜਪਾ ਆਗੂ ਤੇ ਸਾਬਕਾ ਵਿਧਾਇਕ ਸਤਿਕਾਰ ਕੌਰ ਦੀ ਨਸ਼ਿਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ’ਤੇ ਭਾਜਪਾ ਨੂੰ ਘੇਰਿਆ ਹੈ। ਪਾਸੀ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ, ਜਦਕਿ ਭਾਜਪਾ ਅੱਖਾਂ ਬੰਦ ਕਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਹੀ ਡਰੱਗ ਮਾਫੀਆ ਨੂੰ ਪੰਜਾਬ ’ਚ ਆਪਣੇ ਪੈਰ ਜਮਾਉਣ ਦੀ ਖੁੱਲ੍ਹ ਦਿੱਤੀ ਸੀ ਅਤੇ ਹੁਣ ਸਾਬਕਾ ਕਾਂਗਰਸੀ ਵਿਧਾਇਕ ਤੇ ਮੌਜੂਦਾ ਭਾਜਪਾ ਮੈਂਬਰ ਸਤਿਕਾਰ ਕੌਰ ਦੀ ਗ੍ਰਿਫ਼ਤਾਰੀ ਨੇ ਇਕ ਵਾਰ ਫਿਰ ਇਨ੍ਹਾਂ ਸਾਰੀਆਂ ਪਾਰਟੀਆਂ ਦਾ ਪਰਦਾਫਾਸ਼ ਕਰ ਦਿੱਤਾ ਹੈ।