ਖਰੜ ’ਚ ਨਹਿਰੀ ਪਾਣੀ ਦੀ ਸਪਲਾਈ ਲਈ ਸੌ ਕਰੋੜ ਰੁਪਏ ਮਨਜ਼ੂਰ
ਸ਼ਸ਼ੀ ਪਾਲ ਜੈਨ
ਖਰੜ, 7 ਜੁਲਾਈ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਇੱਥੇ ਕਿਹਾ ਕਿ ਖਰੜ ਨੂੰ ਕਜੌਲੀ ਵਾਟਰ ਵਰਕਸ ਤੋਂ ਨਹਿਰੀ ਪਾਣੀ ਦੀ ਸਪਲਾਈ ਦਾ 100 ਕਰੋੜ ਰੁਪਏ ਦਾ ਪ੍ਰਾਜੈਕਟ ਸਰਕਾਰ ਪਾਸੋਂ ਪ੍ਰਵਾਨ ਕਰਵਾ ਲਿਆ ਗਿਆ ਹੈ ਅਤੇ ਜਲਦ ਹੀ ਇਸ ’ਤੇ ਕੰਮ ਸ਼ੁਰੂ ਕਰਵਾਇਆ ਜਾਵੇਗਾ।
ਅੱਜ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਨਗਰ ਕੌਂਸਲ ਦਫ਼ਤਰ ਖਰੜ ਵਿਖੇ ਪੁੱਜੇ ਕੈਬਿਨਟ ਮੰਤਰੀ ਅਤੇ ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ 46 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਟੈਂਡਰ ਅਗਲੇ ਦਿਨਾਂ ’ਚ ਲਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਖਰੜ ’ਚ ਬੱਸ ਸਟੈਂਡ ਬਣਾਉਣ ਦੇੇ ਨੀਂਹ ਪੱਥਰ ਤਾਂ ਬਹੁਤ ਵਾਰੀ ਰੱਖੇ ਗਏ ਪਰ ਇਹ ਬਣਿਆ ਨਹੀਂ, ਜਿਸ ਨੂੰ ਹੁਣ ਉਹ ਆਪਣੀ ਸਰਕਾਰ ਪਾਸੋਂ ਬਣਵਾਉਣਗੇ। ਉਨਾਂ ਖਰੜ ਸ਼ਹਿਰ ’ਚ ਨਿਕਾਸੀ ਪਾਣੀ ਦੀ ਸਮੱਸਿਆ ਦੇ ਹੱਲ ਲਈ ਜਲਦ ਹੀ ਨਵੇਂ ਸੀਵਰੇਜ ਪ੍ਰਾਜੈਕਟ ਦੀ ਆਮਦ ਦਾ ਭਰੋਸਾ ਦਿੰਦਿਆਂ ਕਿਹਾ ਕਿ ਸ਼ਹਿਰ ਵਿੱਚ ਕਲੋਨੀਆਂ ਦੇ ਵਧਣ ਅਤੇ ਕਲੋਨਾਈਜ਼ਰਾਂ ਵੱਲੋਂ ਐਸਟੀਪੀ ਨਾ ਲਾਏ ਜਾਣ ਕਾਰਨ ਬਣੀ ਇਸ ਮੁਸ਼ਕਿਲ ਨੂੰ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਟਿਊਬਵੈਲ ਅਤੇ ਤਿੰਨ ਨਵੇਂ ਗਰਿੱਡ ਲਗਾਏ ਗਏ ਹਨ ਤਾਂ ਜੋ ਪਾਣੀ ਅਤੇ ਬਿਜਲੀ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ। ਦੋ ਨਵੇਂ ਸਕੂਲ ਆਫ ਐਮੀਨੈਂਸ ਵੀ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਬੱਚਿਆਂ ਨੂੰ ਆਧੁਨਿਕ ਪੜ੍ਹਾਈ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਅੱਜ ਸਰੋਵਰ ਦਾ ਕੰਮ ਵੀ ਚੱਲ ਰਿਹਾ ਹੈ।
ਉਨ੍ਹਾਂ ਸ਼ਹਿਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ’ਤੇ ਅਧਿਕਾਰੀਆਂ ਨੂੰ ਸਮਾਂ-ਬੱਧ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਲੋਕਾਂ ਦੀ ਸਮਸਿਆਵਾਂ ਦਾ ਹੱਲ ਕਰਨ ਲਈ ਨਗਰ ਕੌਂਸਲ ਪੱਧਰ ’ਤੇ ਇੱਕ ਕੰਟਰੋਲ ਰੂਮ ਸਥਾਪਿਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਿਕਾਇਤਾਂ ਦਾ ਉਹ ਖੁਦ ਜ਼ਾਇਜਾ ਲੈਣਗੇ। ਸ਼ਹਿਰ ਦੀ ਸਾਫ਼-ਸਫ਼ਾਈ ਵੱਲ ਉਚੇਚੇ ਤੌਰ ’ਤੇ ਧਿਆਨ ਦਿੰਦੇ ਹੋਏ, ਉਨਾਂ ਕੂੜਾ ਚੁੱਕਣ ਲਈ ਢੁਕਵਾਂ ਪ੍ਰਬੰਧ ਕਰਨ ਲਈ ਆਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਐਸ ਡੀ ਐਮ ਖਰੜ ਰਵਿੰਦਰ ਸਿੰਘ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਐਮ.ਸੀ ਅਤੇ ਹੋਰ ਹਾਜ਼ਰ ਸਨ।
ਕਾਲੇ ਪਾਣੀ ਦੀ ਸਮੱਸਿਆ: ਕੌਂਸਲ ਅਧਿਕਾਰੀਆਂ ਨੇ ਮੌਕਾ ਦੇਖਿਆ
ਕੁਰਾਲੀ (ਮਿਹਰ ਸਿੰਘ): ਕਾਲੇ ਰੰਗ ਤੇ ਤੇਜ਼ਾਬੀ ਪਾਣੀ ਦੀ ਸਮੱਸਿਆ ਨਾਲ ਜੂਝ ਸ਼ਹਿਰ ਦੇ ਵਾਰਡ ਨੰਬਰ 11 ਦੀਆਂ ਕਲੋਨੀਆਂ ਦੇ ਵਸਨੀਕਾਂ ਦੀ ਸਾਰ ਲੈਣ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਟੀਮ ਨੇ ਸਥਾਨਕ ਕੌਂਸਲ ਦੇ ਅਧਿਕਾਰੀ ਸਹਿਤ ਵਾਰਡ ਦਾ ਦੌਰਾ ਕੀਤਾ। ਇਸ ਮੌਕੇ ਕਲੋਨੀ ਵਾਸੀਆਂ ਨੇ ਸੀਵਰੇਜ ਦੇ ਓਵਰਫਲੋਅ ਹੋਣ ਵਾਲੇ ਦੂਸ਼ਿਤ ਤੇ ਕਾਲੇ ਰੰਗ ਦੇ ਤੇਜ਼ਾਬੀ ਪਾਣੀ ਦੀ ਸਮੱਸਿਆ ਸਬੰਧੀ ਜਾਣੂ ਕਰਵਾਉਂਦਿਆਂ ਸਮੱਸਿਆ ਦੇ ਹੱਲ ਦੀ ਮੰਗ ਕੀਤੀ।ਇਸ ਮੌਕੇ ਕਾਰਜਸਾਧਕ ਅਫ਼ਸਰ ਪਰਵਿੰਦਰ ਸਿੰਘ ਭੱਟੀ ਨੇ ਕਿਹਾ ਕਿ ਇਸ ਸਮੱਸਿਆ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਛੇਤੀ ਹੀ ਵਾਰਡ ਦੀਆਂ ਕਲੋਨੀਆਂ ਦੇ ਵਸਨੀਕਾਂ ਨੂੰ ਨਰਕ ਜਿਹੀ ਸਥਿਤੀ ਵਿੱਚੋਂ ਕੱਢਿਆ ਜਾਵੇਗਾ। ਇਸ ਮੌਕੇ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਦਲਜੀਤ ਸਿੰਘ, ਸ਼ੇਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।