For the best experience, open
https://m.punjabitribuneonline.com
on your mobile browser.
Advertisement

ਪੰਜਾਬ ਯੂਨੀਵਰਸਿਟੀ ’ਤੇ ਸਿਰਫ਼ ਪੰਜਾਬ ਦਾ ਹੱਕ: ਭਗਵੰਤ ਮਾਨ

07:48 AM Sep 27, 2023 IST
ਪੰਜਾਬ ਯੂਨੀਵਰਸਿਟੀ ’ਤੇ ਸਿਰਫ਼ ਪੰਜਾਬ ਦਾ ਹੱਕ  ਭਗਵੰਤ ਮਾਨ
ਅੰਮ੍ਰਿਤਸਰ ਵਿੱਚ ਮੀਟਿੰਗ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ, ਬਨਵਾਰੀ ਲਾਲ ਪੁਰੋਹਿਤ, ਭਗਵੰਤ ਮਾਨ, ਮਨੋਹਰ ਲਾਲ ਖੱਟਰ, ਸੁਖਵਿੰਦਰ ਸਿੰਘ ਸੁੱਖੂ ਤੇ ਹੋਰ। -ਫੋਟੋ: ਵਿਸ਼ਾਲ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 26 ਸਤੰਬਰ
ਨਾਰਦਨ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਪੰਜਾਬ ਯੂਨੀਵਰਸਿਟੀ ਸਿਰਫ਼ ਪੰਜਾਬ ਦੀ ਹੀ ਹੈ ਅਤੇ ਪੰਜਾਬ ਨੇ ਹੀ ਪਿਛਲੇ 50 ਸਾਲਾਂ ਤੋਂ ਇਸ ਨੂੰ ਮਦਦ ਦਿੱਤੀ ਤੇ ਇਸ ਦੇ ਪਾਸਾਰ ਵਿੱਚ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਉਨ੍ਹਾਂ ਹੈ ਅਤੇ ਅਤੇ ਉਹ ਭਵਿੱਖ ਵਿੱਚ ਵੀ ਇਸ ਦੀ ਸਹਾਇਤਾ ਅਤੇ ਫੰਡ ਜਾਰੀ ਰੱਖਾਂਗੇ।
ਮੀਟਿੰਗ ਵਿਚ ਉਭਰੇ ਪੰਜਾਬ ਯੂਨੀਵਰਸਿਟੀ ਨਾਲ ਹਰਿਆਣਾ ਦੇ ਕਾਲਜਾਂ ਦੀ ਐਫੀਲੀਏਸ਼ਨ ਦੀ ਮੰਗ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 50 ਸਾਲਾਂ ਤੋਂ ਪੰਜਾਬ ਯੂਨੀਵਰਸਿਟੀ ਨੂੰ ਨਜ਼ਰਅੰਦਾਜ਼ ਕਰਨ ਵਾਲੇ ਹਰਿਆਣਾ ਵੱਲੋਂ ਹੁਣ ਇਸ ਦੀ ਮਾਨਤਾ ਪ੍ਰਾਪਤ ਕਰਨ ਲਈ ਕਿਉਂ ਜ਼ਿੱਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਪੰਜਾਬ ਦੇ ਲੋਕਾਂ ਨਾਲ ਡੂੰਘਾ ਸਬੰਧ ਹੈ। ਵੰਡ ਤੋਂ ਬਾਅਦ ਇਹ ਲਾਹੌਰ ਤੋਂ ਪੰਜਾਬ ਦੇ ਹੁਸ਼ਿਆਰਪੁਰ ਅਤੇ ਫਿਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਆ ਕੇ ਸਥਾਪਤ ਹੋਈ। ਸਾਲ 1966 ਵਿੱਚ ਪੁਨਰਗਠਨ ਐਕਟ ਤੋਂ ਬਾਅਦ ’ਵਰਸਿਟੀ ਦੇ ਚਾਰ ਭਾਈਵਾਲਾਂ ਜਿਵੇਂ ਕਿ ਕੇਂਦਰ, ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ ਅੰਤਰਰਾਜੀ ਬਾਡੀ ਕਾਰਪੋਰੇਟ ਬਣ ਗਈ। ਯੂਨੀਵਰਸਿਟੀ ਦੇ ਖਰਚੇ ਕੇਂਦਰ (40 ਫੀਸਦੀ) ਦੇ ਨਾਲ ਤਿੰਨ ਭਾਈਵਾਲ ਰਾਜਾਂ (20:20:20 ਦੇ ਅਨੁਪਾਤ) ਵਿੱਚ ਬਰਾਬਰੀ ਵਿੱਚ ਸਾਂਝੇ ਕੀਤੇ ਜਾਣੇ ਸਨ ਪਰ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਰਾਜਾਂ ਨੇ ਕ੍ਰਮਵਾਰ ਸਾਲ 1973 ਅਤੇ 1975 ਵਿੱਚ ਯੂਨੀਵਰਸਿਟੀ ਤੋਂ ਆਪਣੇ ਕਾਲਜ ਵਾਪਸ ਲੈ ਲਏ ਅਤੇ ਯੂਨੀਵਰਸਿਟੀ ਨੂੰ ਫੰਡ ਦੇਣਾ ਬੰਦ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੂੰ ਸਾਲ 2017 ਵਿੱਚ ਭਾਰਤ ਸਰਕਾਰ ਵੱਲੋਂ ਅੰਤਿਮ ਰੂਪ ਵਿੱਚ ਦਿੱਤੇ ਸੋਧੇ ਫਾਰਮੂਲੇ ਅਨੁਸਾਰ ਗ੍ਰਾਂਟ-ਇਨ-ਏਡ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਨੇ ਆਪਣੀ ਵਚਨਬੱਧਤਾ ਨੂੰ ਪੂਰਾ ਕੀਤਾ ਹੈ ਪਰ ਕੇਂਦਰ ਸਰਕਾਰ ਨੇ ਯੂਜੀਸੀ ਸਕੇਲਾਂ ਨੂੰ ਅਪਣਾਉਣ ਕਾਰਨ ਪੰਜਾਬ ਯੂਨੀਵਰਸਿਟੀ ਨੂੰ 51.89 ਕਰੋੜ ਰੁਪਏ ਦੀ ਵਧੀ ਹੋਈ ਗ੍ਰਾਂਟ-ਇਨ-ਏਡ ਦੇ ਹਿੱਸੇ ਨੂੰ ਅਜੇ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਵਾਧੂ ਗ੍ਰਾਂਟ ਨੂੰ ਜਲਦੀ ਤੋਂ ਜਲਦੀ ਜਾਰੀ ਕੀਤਾ ਜਾਵੇ।

Advertisement

ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ’ਵਰਸਿਟੀ ਨਾਲ ਜੋੜਿਆ ਜਾਵੇ: ਖੱਟਰ

ਪੰਚਕੂਲਾ (ਪੱਤਰ ਪ੍ਰੇਰਕ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਅੱਜ ਅੰਮ੍ਰਿਤਸਰ ਵਿੱਚ ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਹੋਈ। ਮੀਟਿੰਗ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਵਿਚ ਸਤਲੁਜ-ਯਮੁਨਾ ਲਿੰਕ ਨਹਿਰ (ਐੱਸਵਾਈਐੱਲ) ਦਾ ਨਿਰਮਾਣ ਪੂਰਾ ਕਰਨ, ਪੰਜਾਬ ਯੂਨੀਵਰਸਿਟੀ ਨਾਲ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਣ ਸਣੇ ਕਈ ਮਹਤੱਵਪੂਰਨ ਮੁੱਦਿਆਂ ਨੂੰ ਚੁੱਕਿਆ। ਸ੍ਰੀ ਖੱਟਰ ਨੇ ਪੰਜਾਬ ’ਵਰਸਿਟੀ ਵਿੱਚ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਣ ਸਬੰਧੀ ਵਿਸ਼ੇ ’ਤੇ ਗੱਲ ਕਰਦਿਆਂ ਕਿਹਾ ਕਿ ਵਿਦਿਆਰਥੀ ਹਿੱਤ ਵਿਚ ਹਰਿਆਣਾ ਦੇ ਪੰਚਕੂਲਾ, ਅੰਬਾਲਾ ਤੇ ਯਮੁਨਾਨਗਰ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਿਆ ਜਾਣਾ ਚਾਹੀਦਾ ਹੈ। ਪੰਜਾਬ ਯੂਨੀਵਰਸਿਟੀ ਵਿਚ ਹਰਿਆਣਾ ਦਾ ਹਿੱਸਾ ਪੰਜਾਬ ਪੁਨਰਗਠਨ ਐਕਟ, 1966 ਤਹਿਤ ਪ੍ਰਦਾਨ ਕੀਤਾ ਗਿਆ ਸੀ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 1 ਨਵੰਬਰ, 1973 ਨੂੰ ਨੋਟੀਫਿਕੇਸ਼ਨ ਜਾਰੀ ਕਰ ਕੇ ਇਸ ਨੂੰ ਖਤਮ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਹਰਿਆਣਾ ਦੇ ਉਸ ਸਮੇਂ ਦੇ ਅੰਬਾਲਾ ਜ਼ਿਲ੍ਹੇ ਦੇ ਕਾਲਜ ਇਸ ਯੂਨੀਵਰਸਿਟੀ ਤੋਂ ਮਾਨਤਾਪ੍ਰਾਪਤ ਸਨ।

Advertisement

Advertisement
Author Image

sukhwinder singh

View all posts

Advertisement