ਹੜਤਾਲ ਖ਼ਤਮ ਹੋਣ ਮਗਰੋਂ ਓਪੀਡੀ ਸੇਵਾਵਾਂ ਬਹਾਲ
ਗਗਨਦੀਪ ਅਰੋੜਾ
ਲੁਧਿਆਣਾ, 14 ਸਤੰਬਰ
ਸਨਅਤੀ ਸ਼ਹਿਰ ਦੇ ਲੋਕਾਂ ਨੂੰ ਅੱਜ ਉਸ ਵੇਲੇ ਵੱਡੀ ਰਾਹਤ ਮਿਲੀ, ਜਦੋਂ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਦੋ ਵਿਭਾਗਾਂ ਦੇ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਅੱਜ ਸਵੇਰੇ ਓਪੀਡੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਤੇ ਹਸਪਤਾਲ ਵਿੱਚ ਮਰੀਜ਼ਾਂ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਬਿਜਲੀ ਮੁਲਾਜ਼ਮ ਵੀ ਆਪਣੀਆਂ ਮੰਗਾਂ ਮੰਨੇ ਜਾਣ ਮਗਰੋਂ ਕੰਮ ’ਤੇ ਪਰਤ ਆਏ ਹਨ।
ਸਿਵਲ ਹਸਪਤਾਲ ਦੇ ਡਾਕਟਰ ਪਿਛਲੇ ਸੋਮਵਾਰ ਤੋਂ ਲਗਾਤਾਰ ਓਪੀਡੀ ਬੰਦ ਕਰ ਕੇ ਹੜਤਾਲ ’ਤੇ ਸਨ। ਪਰ ਅੱਜ ਡਾਕਟਰਾਂ ਦੀ ਮੀਟਿੰਗ ਚੰਡੀਗੜ੍ਹ ਵਿੱਚ ਸਰਕਾਰ ਦੇ ਨੁਮਾਇੰਦਿਆਂ ਨਾਲ ਸੀ, ਜਿਸ ਤੋਂ ਪਹਿਲਾਂ ਉਨ੍ਹਾਂ ਨੇ ਸਰਕਾਰ ਦੇ ਭਰੋਸੇ ਤੋਂ ਬਾਅਦ ਆਪਣਾ ਕੰਮ ਸ਼ੁਰੂ ਕਰ ਦਿੱਤਾ। ਜ਼ਿਕਰਯੋਗ ਹੈ ਕਿ ਡਾਕਟਰਾਂ ਦੀ ਹੜਤਾਲ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਬੰਦ ਸਨ। ਇਸ ਦੌਰਾਨ ਦੂਰੋਂ-ਨੇੜਿਓਂ ਆਉਣ ਵਾਲੇ ਮਰੀਜ਼ਾਂ ਨੂੰ ਹਸਪਤਾਲ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਹ ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗੇ ਭਾਅ ਇਲਾਜ ਕਰਵਾਉਣ ਲਈ ਮਜਬੂਰ ਸਨ।
ਬਿਜਲੀ ਮੁਲਾਜ਼ਮ ਵੀ ਕੰਮ ’ਤੇ ਪਰਤੇ
ਲੁਧਿਆਣਾ/ਜਗਰਾਓਂ (ਟਨਸ/ਪੱਤਰ ਪ੍ਰੇਰਕ): ਪਿਛਲੇ ਪੰਜ ਦਿਨਾਂ ਤੋਂ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਬੈਠੇ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਪੰਜਾਬ ਸਰਕਾਰ ਨੇ ਮੰਨ ਲਈਆਂ ਹਨ। ਕਈ ਮੰਗਾਂ ਮੰਨੇ ਜਾਣ ਤੋਂ ਬਾਅਦ ਬਿਜਲੀ ਮੁਲਾਜ਼ਮਾਂ ਨੇ ਸ਼ੁੱਕਰਵਾਰ ਦੇਰ ਰਾਤ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਅਤੇ ਅੱਜ ਛੁੱਟੀ ਹੋਣ ਦੇ ਬਾਵਜੂਦ ਬਿਜਲੀ ਮੁਲਾਜ਼ਮ ਆਪਣੇ ਕੰਮ ’ਤੇ ਪਰਤ ਆਏ। ਸੋਮਵਾਰ ਤੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ’ਤੇ ਕੰਮ ਵੀ ਰੁਟੀਨ ਵਾਂਗ ਸ਼ੁਰੂ ਕੀਤਾ ਜਾਵੇਗਾ।ਆਪਣੀਆਂ ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਨੇ ਤਿੰਨ ਦਿਨਾਂ ਦੀ ਸਮੂਹਿਕ ਛੁੱਟੀ ਲੈ ਕੇ ਕਲਮ ਛੋੜ ਹੜਤਾਲ ਕਰ ਦਿੱਤੀ ਸੀ। ਇਸ ਦੌਰਾਨ ਕੋਈ ਵੀ ਕੰਮ ਨਹੀਂ ਕੀਤਾ ਗਿਆ। ਜਦੋਂ ਸਰਕਾਰ ਨੇ ਗੱਲ ਨਾ ਸੁਣੀ ਤਾਂ ਬਿਜਲੀ ਮੁਲਾਜ਼ਮਾਂ ਨੂੰ ਵੱਖ-ਵੱਖ ਜਥੇਬੰਦੀਆਂ ਦਾ ਸਮਰਥਨ ਮਿਲਿਆ ਅਤੇ ਉਨ੍ਹਾਂ ਨੇ ਆਪਣੀ ਹੜਤਾਲ ਪੰਜ ਦਿਨਾਂ ਲਈ ਵਧਾ ਦਿੱਤੀ। ਜਿਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਨ੍ਹਾਂ ਇਲਾਕਿਆਂ ਵਿੱਚ ਬਿਜਲੀ ਦੀ ਖਰਾਬੀ ਸੀ, ਕੋਈ ਵੀ ਉਸ ਨੂੰ ਠੀਕ ਕਰਨ ਨਹੀਂ ਜਾ ਰਿਹਾ ਸੀ। ਜਿਸ ਕਾਰਨ ਆਮ ਲੋਕਾਂ ਪਰੇਸ਼ਾਨ ਸਨ।ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਚਾਰ ਮੰਗਾਂ ਦਾ ਸਰਕੂਲਰ ਜਾਰੀ ਕੀਤਾ ਗਿਆ ਸੀ।