ਗ਼ੈਰਕਾਨੂੰਨੀ ਖਣਨ ਰੋਕਣ ਲਈ ਡਿਪਟੀ ਕਮਿਸ਼ਨਰਾਂ ਨੂੰ ਖੁੱਲ੍ਹੀ ਛੁੱਟੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਫਰਵਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਗ਼ੈਰਕਾਨੂੰਨੀ ਖਣਨ ਨੂੰ ਠੱਲ੍ਹਣ ਲਈ ਡਿਪਟੀ ਕਮਿਸ਼ਨਰਾਂ ਨੂੰ ਖੁੱਲ੍ਹੀ ਛੁੱਟੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡੀਸੀ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਕਿਸੇ ਤਰ੍ਹਾਂ ਦਾ ਗ਼ੈਰਕਾਨੂੰਨੀ ਖਣਨ ਨਾ ਹੋਵੇ। ਉਨ੍ਹਾਂ ਕਿਹਾ, ‘‘ਮੈਂ ਤੁਹਾਡਾ ਬੌਸ ਹਾਂ ਤੇ ਇਹ ਮੇਰਾ ਤੁਹਾਨੂੰ ਸਿੱਧਾ ਆਦੇਸ਼ ਹੈ..ਤੁਸੀਂ ਕਿਸੇ ਦੀ ਗੱਲ ਨਹੀਂ ਸੁਣਨੀ ਤੇ ਗ਼ੈਰਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਖ਼ਿਲਾਫ਼ ਤੁਰੰਤ ਕਾਰਵਾਈ ਕਰਨੀ ਹੈ।’’
ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ’ਚ ਕਿਹਾ ਸੀ ਕਿ ਗ਼ੈਰਕਾਨੂੰਨੀ ਖਣਨ ਰੋਕਣ ਸਮੇਂ ਜੇਕਰ ਕੋਈ ਸਿਆਸੀ ਆਗੂ ਦਖਲ ਦਿੰਦਾ ਹੈ ਤਾਂ ਉਨ੍ਹਾਂ ਨੂੰ ਤੁਰੰਤ ਜਾਣੂ ਕਰਵਾਇਆ ਜਾਵੇ। ਵਿਰੋਧੀ ਧਿਰਾਂ ਵੱਲੋਂ ‘ਆਪ’ ’ਤੇ ਗ਼ੈਰਕਾਨੂੰਨੀ ਖਣਨ ਸਬੰਧੀ ਲਾਏ ਜਾ ਰਹੇ ਦੋਸ਼ਾਂ ਕਾਰਨ ਮੁੱਖ ਮੰਤਰੀ ਫਿਕਰਮੰਦ ਦਿਖੇ।
ਪ੍ਰਾਪਤ ਵੇਰਵਿਆਂ ਅਨੁਸਾਰ ਪੰਜਾਬ ਰਾਜ ਮਾਈਨਰ ਮਿਨਰਲ ਮਾਈਨਿੰਗ ਨੀਤੀ 2023, ਖਾਣਾਂ ਦੀ ਇਲੈਕਟ੍ਰੌਨਿਕ ਨਿਗਰਾਨੀ ਤੇ ਜੀਓ-ਟੈਗਿੰਗ ਲਈ ਮੁਹੱਈਆ ਕਰਵਾਈ ਜਾਣੀ ਸੀ ਪਰ ਕਥਿਤ ਤੌਰ ’ਤੇ ਅਜਿਹਾ ਨਹੀਂ ਕੀਤਾ ਗਿਆ। ਕੰਟਰੋਲਰ ਅਤੇ ਆਡਿਟਰ ਜਨਰਲ ਨੇ ਆਪਣੀ ਸਾਲਾਨਾ ਸਮੀਖਿਆ ਰਿਪੋਰਟ ਵਿੱਚ ਵੀ ਇਸ ਵਿਗਾੜ ਦਾ ਜ਼ਿਕਰ ਕੀਤਾ ਹੈ। ਮੁੱਖ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਖਣਨ ਤੋਂ ਮਾਲੀਏ ਵਿੱਚ ਵਾਧਾ ਕਰਨ ਅਤੇ ਲੋਕਾਂ ਨੂੰ ਸਹੀ ਮੁੱਲ ’ਤੇ ਰੇਤਾ, ਬਜਰੀ ਮੁਹੱਈਆ ਕਰਵਾਉਣ ਲਈ ਕਿਹਾ ਹੈ।
ਮਾਈਨਿੰਗ ਵਿਭਾਗ ਦੇ ਅਧਿਕਾਰਤ ਸੂਤਰਾਂ ਨੇ ਦੱਸਿਆ ਹੈ ਕਿ ਇਸ ਸਾਲ ਮਾਈਨਿੰਗ ਤੋਂ ਹੋਣ ਵਾਲੀ ਆਮਦਨ 225.50 ਕਰੋੜ ਰੁਪਏ ਨੂੰ ਪਾਰ ਕਰ ਗਈ ਹੈ, ਜੋ ਇਸ ਵਿੱਤੀ ਵਰ੍ਹੇ ਦੇ ਅਖੀਰ ਤੱਕ 300 ਕਰੋੜ ਤੱਕ ਜਾ ਸਕਦੀ ਹੈ। ਪਿਛਲੇ ਸਾਲ ਮਾਈਨਿੰਗ ਅਤੇ ਵਿਕਰੀ ਤੋਂ 247 ਕਰੋੜ ਰੁਪਏ ਦੀ ਆਮਦਨ ਹੋਈ ਸੀ।