ਭਾਜਪਾ ਉਮੀਦਵਾਰ ਤਰਨਜੀਤ ਸੰਧੂ ਦਾ ਸਰਹੱਦੀ ਪਿੰਡਾਂ ’ਚ ਵਿਰੋਧ
ਰਾਜਨ ਮਾਨ
ਰਾਮਦਾਸ, 6 ਅਪਰੈਲ
ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦਾ ਅੱਜ ਕਿਸਾਨਾਂ ਨੇ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਘਿਰਾਓ ਕਰਕੇ ਜ਼ਬਰਦਸਤ ਵਿਰੋਧ ਕੀਤਾ। ਭਾਜਪਾ ਉਮੀਦਵਾਰ ਵੱਲੋਂ ਅੱਜ ਸਰਹੱਦੀ ਖੇਤਰ ਦੇ ਪਿੰਡ ਗੱਗੋਮਾਹਲ, ਤੋਬਾ ਅਤੇ ਕੱਲੋਮਾਹਲ ਵਿੱਚ ਰੋਡ ਸ਼ੋਅ ਕੀਤਾ ਜਾ ਰਿਹਾ ਸੀ ਤਾਂ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਆਗੂਆਂ ਅਤੇ ਕਿਸਾਨਾਂ ਨੇ ਉਨ੍ਹਾਂ ਦਾ ਕਾਫ਼ਲਾ ਘੇਰ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਉਨ੍ਹਾਂ ਨੂੰ ਲਾਹਨਤਾਂ ਪਾਈਆਂ। ਇਸ ਦੌਰਾਨ ਹਰਕਤ ਵਿੱਚ ਆਈ ਪੁਲੀਸ ਨੇ ਕਿਸੇ ਤਰ੍ਹਾਂ ਭਾਜਪਾ ਉਮੀਦਵਾਰ ਸੰਧੂ ਅਤੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਕਿਸਾਨਾਂ ਦੇ ਘਿਰਾਓ ’ਚੋਂ ਸੁਰੱਖਿਅਤ ਕੱਢਿਆ। ਕਿਸਾਨਾਂ ਦਾ ਗੁੱਸਾ ਵੇਖ ਪੁਲੀਸ ਨੂੰ ਭਾਜੜਾਂ ਪੈ ਗਈਆਂ ਅਤੇ ਭਾਜਪਾ ਆਗੂਆਂ ਨੇ ਗੱਡੀਆਂ ਦੇ ਸ਼ੀਸ਼ੇ ਬੰਦ ਕਰਕੇ ਅੰਦਰੋਂ ਹੱਥ ਜੋੜ ਕੇ ਜਾਨ ਛੁਡਾਈ। ਕਿਸਾਨਾਂ ਨੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਦਿੱਲੀ, ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਸ਼ਹੀਦ ਹੋਏ ਕਿਸਾਨਾਂ ਦਾ ਹਿਸਾਬ ਮੰਗਿਆ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਪਰਵਿੰਦਰ ਸਿੰਘ ਮਾਹਲ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਗੁਰਦੇਵ ਸਿੰਘ ਗੱਗੋਮਾਹਲ ਨੇ ਕਿਹਾ ਕਿ ਭਾਜਪਾ ਉਮੀਦਵਾਰ ਨੂੰ ਪਿੰਡਾਂ ਵਿੱਚ ਨਹੀਂ ਵੜਨ ਦੇਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸ਼ਹੀਦੀਆਂ ਇਨ੍ਹਾਂ ਭਾਜਪਾ ਆਗੂਆਂ ਕਰਕੇ ਹੋਈਆਂ ਹਨ ਅਤੇ ਇਹ ਸ਼ਹਾਦਤਾਂ ਕਦੇ ਭੁਲਾਈਆਂ ਨਹੀਂ ਜਾਣਗੀਆਂ। ਜਿਸ ਤਰ੍ਹਾਂ ਬਾਰਡਰਾਂ ’ਤੇ ਕਿਸਾਨਾਂ ਨੂੰ ਗੋਲੀਆਂ ਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਦਿੱਲੀ ਜਾਣ ਤੋਂ ਰੋਕਿਆ ਸੀ ਉਸੇ ਤਰ੍ਹਾਂ ਇਨ੍ਹਾਂ ਨੂੰ ਪਿੰਡਾਂ ਵਿਚ ਨਹੀਂ ਵੜਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕਈ ਸਿਆਸੀ ਆਗੂ ਜੋ ਕਿਸਾਨ ਪਰਿਵਾਰਾਂ ਨਾਲ ਸਬੰਧ ਰੱਖਦੇ ਹਨ ਤੇ ਇਨ੍ਹਾਂ ਕਿਸਾਨ ਮਾਰੂ ਪਾਰਟੀ ਦੇ ਲੀਡਰਾਂ ਦੇ ਝੋਲੀ ਚੁੱਕ ਬਣੇ ਹੋਏ ਹਨ। ਜ਼ਿਕਰਯੋਗ ਹੈ ਕਿ ਭਾਜਪਾ ਉਮੀਦਵਾਰ ਵੱਲੋਂ ਅੱਜ ਇਸ ਇਲਾਕੇ ਵਿੱਚ ਰੋਡ ਸ਼ੋਅ ਕਰਕੇ ਲੋਕਾਂ ਵਿਚ ਆਪਣੀ ਤਾਕਤ ਦਾ ਮੁਜ਼ਾਹਰਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਕਿਸਾਨਾਂ ਨੇ ਨਾਕਾਮ ਕਰ ਦਿੱਤਾ ਹੈ।