ਸੁਧਾਰ ਲਹਿਰ ਵੱਲੋਂ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਵਿਰੋਧ
ਆਤਿਸ਼ ਗੁਪਤਾ
ਚੰਡੀਗੜ੍ਹ, 15 ਨਵੰਬਰ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੇ ਅਗਵਾਈ ਹੇਠ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਵਿਰੋਧ ਕੀਤਾ। ਵਫ਼ਦ ਨੇ ਇਸ ਕਾਰਵਾਈ ਨੂੰ ਪੰਜਾਬ ਖ਼ਿਲਾਫ਼ ਰਚੀ ਜਾ ਰਹੀ ਡੂੰਘੀ ਸਾਜ਼ਿਸ਼ ਕਰਾਰ ਦਿੱਤਾ। ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ, ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਜ਼ਮੀਨ ਦੇਣ ਦਾ ਮੁੱਦਾ ਵੀ ਪਾਣੀਆਂ ਦੇ ਮੁੱਦੇ ਵਾਂਗ ਪੰਜਾਬੀਆਂ ਲਈ ਭਾਵਨਾਤਮਕ ਤੇ ਸੰਵੇਦਨਸ਼ੀਲ ਹੈ। ਜਿਸ ਤਰ੍ਹਾਂ ਪਾਣੀਆਂ ਦੀ ਰਾਖੀ ਲਈ ਕਪੂਰੀ ਮੋਰਚਾ ਲਾਇਆ ਗਿਆ ਸੀ ਅਤੇ ਬਾਅਦ ਵਿੱਚ ਇਕ ਸਾਜ਼ਿਸ਼ ਤਹਿਤ ਪੰਜਾਬ ਦੇ ਹਾਲਾਤ ਖ਼ਰਾਬ ਕਰਵਾਏ ਗਏ, ਠੀਕ ਉਸੇ ਤਰ੍ਹਾਂ ਅੱਜ ਪੰਜਾਬ ਨੂੰ ਮੁੜ ਉਸ ਸਥਿਤੀ ਵੱਲ ਧੱਕਣ ਦੀ ਕੋਸ਼ਿਸ਼ ਹੋ ਰਹੀ ਹੈ।
ਈਟੀਓ ਵੱਲੋਂ ਹਰਿਆਣਾ ਨੂੰ ਵਿਧਾਨ ਸਭਾ ਲਈ ਚੰਡੀਗੜ੍ਹ ’ਚ ਜ਼ਮੀਨ ਦੇਣ ਦਾ ਵਿਰੋਧ
ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੀ ਉਸਾਰੀ ਲਈ ਜ਼ਮੀਨ ਅਲਾਟ ਕਰਨ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਇਸ ਕਦਮ ਨੂੰ ਦੋਵਾਂ ਰਾਜਾਂ ਦਰਮਿਆਨ ਤਣਾਅ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਬਾਰੇ ਪੰਜਾਬ ਦੇ ਇਤਿਹਾਸਕ ਤੇ ਕਾਨੂੰਨੀ ਦਾਅਵਿਆਂ ਦਾ ਸਨਮਾਨ ਕਰਨ ਦੀ ਅਪੀਲ ਕਰਦਿਆਂ ਇਸ ਦੀ ਸਥਿਤੀ ਨੂੰ ਬਦਲਣ ਵਾਲੀ ਕਿਸੇ ਵੀ ਕਾਰਵਾਈ ਨੂੰ ਤੁਰੰਤ ਰੋਕਣ ਦੀ ਅਪੀਲ ਕੀਤੀ ਹੈ। ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਹੋਣ ਦੇ ਨਾਤੇ, ਇੱਥੋਂ ਦੇ ਲੋਕਾਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨ ਦਾ ਕੋਈ ਵੀ ਕਦਮ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਏਗਾ।