ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਉੱਤੇ ਰੋਕ ਲਾਉਣ ਦਾ ਵਿਰੋਧ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਕੀਤੀ ਕਾਰਵਾਈ ਦਾ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਉਨ੍ਹਾਂ ਦੇ ਇੱਕ ਰਿਸ਼ਤੇਦਾਰ ਵੱਲੋਂ ਲਾਏ ਦੋਸ਼ਾਂ ਦੀ ਪੜਤਾਲ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਤਿੰਨ ਮੈਂਬਰੀ ਕਮੇਟੀ ਕਾਇਮ ਕੀਤੀ ਗਈ ਹੈ। ਜਾਂਚ ਦੌਰਾਨ ਜਥੇਦਾਰ ਦੀਆਂ ਸੇਵਾਵਾਂ ’ਤੇ ਰੋਕ ਲਾ ਕੇ ਤਖ਼ਤ ਦੇ ਹੈੱਡ ਗ੍ਰੰਥੀ ਨੂੰ ਸੇਵਾਵਾਂ ਸੌਂਪੀਆਂ ਗਈਆਂ ਹਨ।
ਅੱਜ ਇਸ ਮਾਮਲੇ ਵਿੱਚ ਦਲ ਖਾਲਸਾ ਜਥੇਬੰਦੀ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਮਾਮਲੇ ਵਿੱਚ ਸੱਚ ਅਤੇ ਝੂਠ ਦਾ ਨਿਤਾਰਾ ਕਰਨ ਲਈ ਇਸ ਦੀ ਪੜਤਾਲ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਆਪਣੇ ਹੱਥ ਵਿੱਚ ਲੈਣ। ਪਾਰਟੀ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਤਿੰਨ ਮੈਂਬਰੀ ਜਾਂਚ ਕਮੇਟੀ ਨੂੰ ਭੰਗ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਫਾਰਗ ਕਰਨ ਦੇ ਪਿੱਛੇ ਸ਼੍ਰੋਮਣੀ ਅਕਾਲੀ ਦਲ ਦੇ ਬਾਦਲ ਧੜੇ ਦੀ ਰਣਨੀਤੀ ਹੈ। ਅਜਿਹਾ ਇਸ ਕਰ ਕੇ ਕੀਤਾ ਜਾ ਰਿਹਾ ਹੈ ਕਿਉਂਕਿ ਜਥੇਦਾਰ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹ ਲਾਈ ਗਈ ਹੈ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਅਤੇ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਆਪਣੇ ’ਤੇ ਲੱਗੇ ਦੋਸ਼ਾਂ ਦਾ ਸਪੱਸ਼ਟੀਕਰਨ ਦਿੱਤਾ ਜਾ ਚੁੱਕਾ ਹੈ।
ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਸਿੱਖ ਪ੍ਰੰਪਰਾਵਾਂ ਦੇ ਮੁਤਾਬਕ ਕਿਸੇ ਜਥੇਦਾਰ ਖ਼ਿਲਾਫ਼ ਲੱਗੇ ਦੋਸ਼ਾਂ ਦੀ ਪੜਤਾਲ ਕਰਵਾਉਣ ਦਾ ਅਧਿਕਾਰ ਅਕਾਲ ਤਖ਼ਤ ਸਾਹਿਬ ਅਤੇ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਕੋਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਇਹ ਕਾਰਵਾਈ ਤਖ਼ਤਾਂ ਦੀ ਹਸਤੀ ਨੂੰ ਬੌਣਾ ਬਣਾਉਣ ਦੀ ਸੋਚ ਵਾਲੀ ਹੈ। ਇਸ ਦੌਰਾਨ ਫੈੱਡਰੇਸ਼ਨ ਦੇ ਸਾਬਕਾ ਆਗੂਆਂ ਮਨਜੀਤ ਸਿੰਘ ਭੋਮਾ, ਭਗਵਾਨ ਸਿੰਘ, ਹਰਵਿੰਦਰ ਸਿੰਘ ਖਾਲਸਾ, ਸਰਬਜੀਤ ਸਿੰਘ ਸੋਹਲ, ਸਵਰਨ ਸਿੰਘ ਖਾਲਸਾ ਤੇ ਹੋਰਨਾਂ ਨੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਦੇ ਇਸ ਫ਼ੈਸਲੇ ਦੀ ਨਿਖੇਧੀ ਕੀਤੀ ਹੈ ਤੇ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਮਰਥਨ ਦਾ ਐਲਾਨ ਕੀਤਾ। ਇਸੇ ਤਰ੍ਹਾਂ ਹੋਰ ਸਿੱਖ ਜਥੇਬੰਦੀਆਂ ਵੱਲੋਂ ਵੀ ਇਸ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਆਪਣਾ ਫ਼ੈਸਲਾ ਵਾਪਸ ਲਵੇ: ਗਿਆਨੀ ਕੇਵਲ ਸਿੰਘ
ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ਨੂੰ ਪੰਥਕ ਸਿਧਾਂਤਾਂ ਦੀ ਘੱਟ ਅਤੇ ਸਿਆਸੀ ਹਿੱਤਾਂ ਹੇਠ ਧੜੇ ਦੀ ਪੁਸ਼ਤ-ਪਨਾਹੀ ਵੱਧ ਕਰਨ ਵਾਲੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਆਪਣਾ ਫ਼ੈਸਲਾ ਵਾਪਸ ਲੈਣਾ ਚਾਹੀਦਾ ਹੈ ਤੇ ਇਸ ਸਬੰਧੀ ਅਗਲੇਰੀ ਕਾਰਵਾਈ ਅਕਾਲ ਤਖ਼ਤ ਦੇ ਜਥੇਦਾਰ ਨੂੰ ਕਰਨ ਲਈ ਅਪੀਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਲਿਆ ਗਿਆ ਫ਼ੈਸਲਾ ਯੋਗ ਨਹੀਂ ਹੈ। ਉਨ੍ਹਾਂ ਦੇ ਅਹੁਦੇ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ੈਸਲਾ ਪੰਥਕ ਸਿਧਾਂਤਾਂ ਨਾਲ ਲਿਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅਜਿਹਾ ਮਹਿਸੂਸ ਹੋ ਰਿਹਾ ਹੈ ਕਿ ਪਿਛਲੇ ਲੰਮੇ ਅਰਸੇ ਤੋਂ ਕਿਸੇ ਖ਼ਾਸ ਮਕਸਦ ਨਾਲ ਉਨ੍ਹਾਂ ਨੂੰ ਉਲਝਾਇਆ ਜਾ ਰਿਹਾ ਹੈ।