ਤਰੱਕੀ ਤੇ ਬਦਲੀ ਪ੍ਰਕਿਰਿਆ ’ਚ ਬੇਨੇਮੀਆਂ ਦਾ ਵਿਰੋਧ
ਕੁਲਦੀਪ ਸਿੰਘ
ਚੰਡੀਗੜ੍ਹ, 26 ਸਤੰਬਰ
ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਨੇ ‘ਆਪ’ ਸਰਕਾਰ ਵੱਲੋਂ ਚਲੰਤ ਸੈਸ਼ਨ ਦੌਰਾਨ ਕੀਤੀਆਂ ਗਈਆਂ ਤਰੱਕੀਆਂ ਅਤੇ ਬਦਲੀਆਂ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ ਲਾਉਂਦਿਆਂ ਜ਼ਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਸਿੱਖਿਆ ਮੰਤਰੀ ਨੂੰ ‘ਵਿਰੋਧ ਪੱਤਰ’ ਭੇਜੇ ਹਨ।
ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਨੇ ਦੱਸਿਆ ਕਿ ਮਾਸਟਰ ਤੋਂ ਲੈਕਚਰਾਰ ਕਾਡਰ ਦੀ ਤਰੱਕੀ ਲਈ ਸ਼ੁਰੂ ਕੀਤੀ ਪ੍ਰਕਿਰਿਆ ਦੌਰਾਨ ਵਿਸ਼ਿਆਂ ਵਿੱਚ ਮੁੱਖ ਤੌਰ ’ਤੇ ਸਕੂਲ ਆਫ਼ ਐਮੀਨੈਂਸ ਸਮੇਤ ਕੁਝ ਕੁ ਚੋਣਵੇਂ ਸਕੂਲਾਂ ਨੂੰ ਸਟੇਸ਼ਨ ਚੋਣ ਲਈ ਪੇਸ਼ ਕੀਤਾ ਜਾ ਰਿਹਾ ਹੈ ਜਦਕਿ ਪੰਜਾਬ ਦੇ ਬਾਕੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵੀ ਲੈਕਚਰਾਰਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਹਨ। ਵਿਭਾਗ ਦੇ ਇਸ ਫੈਸਲੇ ਨਾਲ ਜਿੱਥੇ ਕਈ ਅਧਿਆਪਕ ਦੂਰ-ਦੁਰਾਡੇ ਦੇ ਸਟੇਸ਼ਨ ਮਿਲਣ ਕਾਰਨ ਤਰੱਕੀਆਂ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਸ਼ੁਰੂ ਕੀਤੀ ਆਨਲਾਈਨ ਬਦਲੀ ਪ੍ਰਕਿਰਿਆ ਦੌਰਾਨ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਨਿਰਪੱਖਤਾ, ਪਾਰਦਰਸ਼ਤਾ ਅਤੇ ਸਮਾਨਤਾ ਬਰਕਰਾਰ ਰੱਖਣ ਲਈ ਜ਼ਿੰਮੇਵਾਰੀ ਨਾ ਨਿਭਾਉਣ ਕਾਰਨ ਅਧਿਆਪਕਾਂ ਵਿੱਚ ਵਿਆਪਕ ਰੋਸ ਹੈ। ਇਸ ਵਾਰ ਬਦਲੀਆਂ ਸਬੰਧੀ ਬਣਦੇ ਅੰਕਾਂ ਦੀਆਂ ਸੂਚੀਆਂ ਤੱਕ ਜਾਰੀ ਨਹੀਂ ਕੀਤੀਆਂ ਗਈਆਂ ਜੋ ਇਨ੍ਹਾਂ ਬਦਲੀਆਂ ਵਿੱਚ ਹੋਈਆਂ ਬੇਨਿਯਮੀਆਂ ਵੱਲ ਇਸ਼ਾਰਾ ਕਰਦਾ ਹੈ। ਫਰੰਟ ਆਗੂਆਂ ਨੇ ਮੰਗ ਕੀਤੀ ਕਿ ਲੈਕਚਰਾਰ ਦੇ ਵੱਖ ਵੱਖ ਵਿਸ਼ਿਆਂ ਦੀਆਂ ਖਤਮ ਕੀਤੀਆਂ ਪੋਸਟਾਂ ਬਹਾਲ ਕਰਕੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਖਾਲੀ ਸਟੇਸ਼ਨ ਤਰੱਕੀ ਲਈ ਪੇਸ਼ ਕੀਤੇ ਜਾਣ, ਪਹਿਲਾਂ ਵਾਂਗ ਸਿਟਿੰਗ ਸਟੇਸ਼ਨ ਦੀ ਸਹੂਲਤ ਦਿੱਤੀ ਜਾਵੇ।