ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਬੱਬੂ ਤੇ ਪਰਮਪਾਲ ਕੌਰ ਦਾ ਵਿਰੋਧ

07:43 AM May 04, 2024 IST
ਪਿੰਡ ਸਿਹੋੜਾ ਵਿੱਚ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦਾ ਵਿਰੋਧ ਕਰਦੇ ਹੋਏ ਕਿਸਾਨ। -ਫੋਟੋ: ਪੰਜਾਬੀ ਟ੍ਰਿਬਿਊਨ

ਐੱਨ.ਪੀ. ਧਵਨ/ਪਵਨ ਗੋਇਲ
ਪਠਾਨਕੋਟ/ਭੁੱਚੋ ਮੰਡੀ, 3 ਮਈ
ਭੋਆ ਹਲਕੇ ਦੇ ਪਿੰਡ ਸਿਹੋੜਾ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ ਗੁਰਦਾਸਪੁਰ ਹਲਕੇ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦਾ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਦੇ ਉਪ ਪ੍ਰਧਾਨ ਜਸਵੰਤ ਸਿੰਘ, ਸਕੱਤਰ ਕਰਮਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਪ੍ਰਧਾਨ ਗੁਰਬਾਗ ਸਿੰਘ ਚੱਠਾ ਅਤੇ ਭਾਰਤੀ ਕਿਸਾਨ ਯੂਨੀਅਨ ਸਿਰਸਾ ਦੇ ਆਗੂਆਂ ਨੇ ਬੱਬੂ ਦਾ ਵੱਖ-ਵੱਖ ਥਾਈਂ ਵਿਰੋਧ ਕਰਦਿਆਂ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ ਕੰਗ, ਜਸਵੰਤ ਸਿੰਘ ਅਤੇ ਕਰਮਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ। ਡੀਐੱਸਪੀ ਹਰਕ੍ਰਿਸ਼ਨ ਸਿੰਘ ਅਤੇ ਤਾਰਾਗੜ੍ਹ ਥਾਣਾ ਮੁਖੀ ਮਨਜੀਤ ਸਿੰਘ ਨੱਤ ਨੇ ਸਖ਼ਤ ਸੁਰੱਖਿਆ ਹੇਠ ਕਿਸਾਨਾਂ ਦੀ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਨਾਲ ਗੱਲਬਾਤ ਕਰਵਾਈ। ਇਸ ਦੌਰਾਨ ਉਨ੍ਹਾਂ ਕਿਸਾਨ ਵਿਰੋਧੀ ਨੀਤੀਆਂ ਰੱਦ ਕਰਨ ਦੀ ਮੰਗ ਕੀਤੀ ਅਤੇ ਬੱਬੂ ਨੇ ਇਹ ਮੰਗਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਰੱਖਣ ਦਾ ਭਰੋਸਾ ਦਿੱਤਾ।
ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਧਨੇਰ ਧੜੇ ਵੱਲੋਂ ਅੱਜ ਭੁੱਚੋ ਮੰਡੀ ਵਿੱਚ ਚੋਣ ਦਫ਼ਤਰ ਦਾ ਉਦਘਾਟਨ ਕਰਨ ਪਹੁੰਚੇ ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਅਤੇ ਉਨ੍ਹਾਂ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਮੋਦੀ ਸਰਕਾਰ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਤਾਇਨਾਤ ਪੁਲੀਸ ਮੁਲਾਜ਼ਮਾਂ ਨੇ ਕਿਸਾਨਾਂ ਨੂੰ ਚੋਣ ਦਫ਼ਤਰ ਨੇੜੇ ਜਾਣ ਨਹੀਂ ਦਿੱਤਾ।
ਇਸ ਮਗਰੋਂ ਰੈਲੀ ਨੂੰ ਸੰਬੋਧਨ ਕਰਦਿਆਂ ਪਰਮਪਾਲ ਕੌਰ ਨੇ ਕਿਹਾ ਕਿ ਬਦਲਾਅ ਦੇ ਚੋਣ ਵਾਅਦੇ ਨਾਲ ਸੱਤਾ ਵਿੱਚ ਆਈ ‘ਆਪ’, ਅਕਾਲੀ ਦਲ ਅਤੇ ਕਾਂਗਰਸ ਨੇ ਝੂਠੇ ਵਾਅਦੇ ਕਰ ਕੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ ਹਰ ਵਾਅਦਾ ਪੂਰਾ ਕੀਤਾ ਗਿਆ ਹੈ। ਇਸ ਮੌਕੇ ਸੂਬਾਈ ਜਨਰਲ ਸਕੱਤਰ ਦਿਆਲ ਸੋਢੀ, ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ, ਸੂਬਾਈ ਆਗੂ ਵਿਨੋਦ ਬਿੰਟਾ, ਮੰਡਲ ਪ੍ਰਧਾਨ ਵਿਸ਼ਾਲ ਮਹੇਸ਼ਵਰੀ, ਸਾਬਕਾ ਪ੍ਰਧਾਨ ਨਰੇਸ਼ ਬਾਂਸਲ, ਜ਼ਿਲ੍ਹਾ ਆਗੂ ਰਾਜੀਵ ਟੀਨੂੰ, ਰੁਪਿੰਦਰਜੀਤ ਸਿੰਘ ਤੇ ਹੋਰਾਂ ਨੇ ਸੰਬੋਧਨ ਕੀਤਾ।

Advertisement

Advertisement
Advertisement