ਪੈਨਸ਼ਨਰਾਂ ਵੱਲੋਂ ਕਟੌਤੀ ਦਾ ਵਿਰੋਧ
ਪੱਤਰ ਪ੍ਰੇਰਕ
ਪਟਿਆਲਾ, 30 ਜੂਨ
ਗਜ਼ਟਿਡ ਐਂਡ ਨਾਨ ਗਜ਼ਟਿਡ ਐੱਸਸੀਬੀਸੀ ਐਂਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪਟਿਆਲਾ ਪੰਜਾਬ ਵੱਲੋਂ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਵਿੱਤ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੰਦਿਆਂ ਉਨ੍ਹਾਂ ਕਿਹਾ ਕਿ 200 ਰੁਪਏ ਮਹੀਨਾ ਪੈਨਸ਼ਨ ’ਚੋਂ ਕਟੌਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਆਗੂਆਂ ਨੇ ਪੈਨਸ਼ਨਰਾਂ ’ਤੇ 200 ਰੁਪਏ ਪ੍ਰਤੀ ਮਹੀਨਾ ਵਿਕਾਸ ਫ਼ੰਡ ਦੇ ਨਾਮ ’ਤੇ ਲਗਾਏ ਗਏ ਟੈਕਸ ਦਾ ਸਖ਼ਤ ਵਿਰੋਧ ਕਰਦਿਆਂ ਇਸ ਸਬੰਧੀ ਪੱਤਰ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਲੀ ਨੇ ਕਿਹਾ ਕਿ ਮਾਨ ਸਰਕਾਰ ਦੇ ਤੁਗ਼ਲਕੀ ਫ਼ਰਮਾਨ ਨੂੰ ਬਿਲਕੁਲ ਸਵੀਕਾਰ ਨਹੀਂ ਕੀਤਾ ਜਾਵੇਗਾ।
ਇਸ ਦੌਰਾਨ ਰੋਸ ਮੁਜ਼ਾਹਰਾ ਕਰਦੇ ਹੋਏ ਇਕ ਮੰਗ ਪੱਤਰ ਵੀ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਦੇ ਨਾਮ ’ਤੇ ਅੈਡੀਸ਼ਨਲ ਡਿਪਟੀ ਕਮਿਸ਼ਨਰ ਜਗਜੀਤ ਸਿੰਘ ਪਟਿਆਲਾ ਨੂੰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਦੇ ਉਕਤ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ।
ਇਸ ਮੌਕੇ ਜੋਗਾ ਸਿੰਘ ਪਨੌਦੀਆ, ਰੂਪ ਸਿੰਘ ਬਠੋਈ, ਸੁਰਿੰਦਰ ਕੁਮਾਰ, ਅਮਰਜੀਤ ਸਿੰਘ, ਬਲਜੀਤ ਸਿੰਘ, ਅਰਸ਼ਦੀਪ ਸਿੰਘ ਮੂਲੋਵਾਲ ਆਦਿ ਹਾਜ਼ਰ ਸਨ।