ਮੁਲਾਜ਼ਮ ਮੋਰਚੇ ਵੱਲੋਂ ਠੇਕਾ ਕਾਮਿਆਂ ਨੂੰ ਨੌਕਰੀ ਤੋਂ ਫ਼ਾਰਗ ਕਰਨ ਦਾ ਵਿਰੋਧ
ਪੱਤਰ ਪ੍ਰੇਰਕ
ਭੁੱਚੋ ਮੰਡੀ, 9 ਨਵੰਬਰ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਦੇ ਠੇਕਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਫ਼ਾਰਗ ਕਰਨ ’ਤੇ ਪੰਜਾਬ ਸਰਕਾਰ ਅਤੇ ਵਿਭਾਗ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ ਮੁਹੱਬਤ, ਗੁਰਵਿੰਦਰ ਸਿੰਘ ਪੰਨੂ, ਪਵਨਦੀਪ ਸਿੰਘ ਅਤੇ ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਆਊਟਸੋਰਸਡ ਠੇਕਾ ਮੁਲਾਜ਼ਮ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਮੰਗ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਨੇ 17-18 ਸਾਲਾਂ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਲੋਕ ਨਿਰਮਾਣ ਵਿਭਾਗ ਦੇ ਬਿਜਲੀ ਵਿੰਗ ਵਿੱਚ ਕੰਮ ਕਰ ਰਹੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਬਜਾਇ ਉਨ੍ਹਾਂ ਨੂੰ ਕੱਚੀ ਨੌਕਰੀ ਤੋਂ ਵੀ ਫਾਰਗ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਲੋਕ ਦੋਖੀ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਮੋਰਚਾ ਪੀਡਬਲਯੂਡੀ ਇਲੈੱਕਟਰੀਕਲ ਆਊਟਸੋਰਸ ਮੁਲਾਜ਼ਮ ਯੂਨੀ : (ਪੰਜਾਬ) ਵੱਲੋਂ ਠੇਕਾ ਮੁਲਾਜ਼ਮਾਂ ਦੀ ਬਹਾਲੀ ਲਈ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੀਤੇ ਜਾ ਰਹੇ ਸੰਘਰਸ਼ ਦੀ ਜ਼ੋਰਦਾਰ ਹਮਾਇਤ ਕਰਦਾ ਹੈ।